ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਪਰਸ਼ੋਤਮ ਬੱਲੀ
ਬਰਨਾਲਾ, 27 ਜੂਨ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਛੇਤੀ ਹੀ ਸੂਬੇ ਦੇ ਜ਼ਿਲ੍ਹਾ, ਸਬ-ਡਿਵੀਜ਼ਨਲ ਤੇ ਕਮਿਊਨਿਟੀ ਹਸਪਤਾਲਾਂ (ਸੈਕੰਡਰੀ ਸਿਹਤ ਸੰਸਥਾਵਾਂ) ਦਾ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਸਿਹਤ ਮੰਤਰੀ ਅੱਜ ਇੱਥੇ ਸਿਵਲ ਹਸਪਤਾਲ ਦੇ ਦੌਰੇ ਮੌਕੇ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਵਿੱਚ ਲੋੜੀਂਦੀਆਂ ਸਹੂਲਤਾਂ ਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਤੇ ਕਿਹਾ ਕਿ ਆਉਂਦੇ ਸਮੇਂ ਹਸਪਤਾਲ ਦੀ ਇਮਾਰਤ ਦੇ ਨਵੀਨੀਕਰਨ ਸਮੇਤ ਹੋਰ ਕਮੀਆਂ ਵੀ ਦੂਰ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲਾਂ 550 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹ ਕੇ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਂਦਾ ਗਿਆ ਹੈ ਤੇ ਹੁਣ ਜਿੱਥੇ ਸੂਬੇ ਦੇ ਜ਼ਿਲ੍ਹਾ, ਸਬ ਡਵੀਜ਼ਨਲ ਤੇ ਕਮਿਊਨਿਟੀ ਹਸਪਤਾਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ, ਉਥੇ ਹੀ ਲੋੜ ਅਨੁਸਾਰ ਡਾਕਟਰਾਂ ਦੀ ਭਰਤੀ ਵੀ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਜਲਦ ਹੀ 550 ਨਵੇਂ ਡਾਕਟਰ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਮੌਕੇ ਸਰਕਾਰੀ ਹਸਪਤਾਲਾਂ ਵਿੱਚ ਫ਼ੈਸਿਲੀਟੇਸ਼ਨ ਸੈਂਟਰ ਬਣਾਏ ਜਾਣਗੇ, ਜਿਨ੍ਹਾਂ ਵਿੱਚ ਮਾਹਿਰ ਸਟਾਫ਼ ਭਾਰਤੀ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਸਿਹਤ ਮੰਤਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰ ਸਰਕਾਰੀ ਸਕੀਮਾਂ ਦੀ ਕਿਤਾਬ ਪਹੁੰਚ ਭੇਟ ਕੀਤੀ ਗਈ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮਡੀ ਪਰਦੀਪ ਅਗਰਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਸਿਵਲ ਸਰਜਨ ਡਾ. ਜਸਬੀਰ ਔਲਖ ਤੇ ਵਿਭਾਗ ਦਾ ਹੋਰ ਅਮਲਾ ਹਾਜ਼ਰ ਸੀ।