ਗੁਰੂ ਨਾਨਕ ਕਾਲਜ ’ਚ ਵਾਲੀਬਾਲ ਮੁਕਾਬਲੇ
ਦੋਰਾਹਾ: ਇੱਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਅੰਤਰ-ਕਲਾਸ ਵਾਲੀਬਾਲ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਦੀਆਂ ਅੱਠ ਟੀਮਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਦੋ ਦਿਨਾ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਤੇ ਦੂਜੇ ਸਥਾਨ ’ਤੇ ਰਹੀਆਂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਕੱਤਰ ਆਦਰਸ਼ਪਾਲ ਬੈਕਟਰ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਵਧਾਈ ਦਿੱਤੀ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵਿੱਚ ਨਾਮਣਾ ਖੱਟਣ ਅਤੇ ਆਪਣੇ ਦੇਸ਼ ਦਾ ਨਾਂ ਰੋਸ਼ਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡਾ. ਨਿਰਲੇਪ ਕੌਰ, ਡਾ. ਕਰਮਜੀਤ ਸਿੰਘ ਅਤੇ ਸੁਖਪਾਲ ਸਿੰਘ ਹਾਜ਼ਰ ਸਨ। ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਵਿਭਾਗ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ