ਪੰਜਾਬ ਸਕੂਲ ਖੇਡਾਂ ਦੇ ਵਾਲੀਬਾਲ ਮੁਕਾਬਲੇ ਰੈਨੇਸਾਂ ਸਕੂਲ ’ਚ ਸ਼ੁਰੂ
ਜੋਗਿੰਦਰ ਸਿੰਘ ਮਾਨ
ਮਾਨਸਾ, 5 ਨਵੰਬਰ
68ਵੀਆਂ ਪੰਜਾਬ ਸਕੂਲ ਖੇਡਾਂ ਦੇ ਰਾਜ ਪੱਧਰੀ ਵਾਲੀਬਾਲ ਦੇ ਮੁਕਾਬਲੇ ਰੈਨੇਸਾਂ ਸਕੂਲ ਮਾਨਸਾ ਵਿੱਚ ਅੱਜ ਤੋਂ ਸ਼ੁਰੂ ਹੋ ਗਏ ਹਨ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕੀਤਾ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ ਦੇ ਖਿਡਾਰੀਆਂ ਦੇ ਮਨਾਂ ਅੰਦਰ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਵਿਸ਼ੇਸ਼ ਉਤਸਾਹ ਅਤੇ ਜਜ਼ਬਾ ਦੇਖਣ ਨੂੰ ਮਿਲਿਆ। ਡੀਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਵਿਦਿਆਰਥੀਆਂ ਲਈ ਹਰ ਤਰ੍ਹਾਂ ਦੇ ਵਧੀਆ ਪ੍ਰਬੰਧ ਕੀਤੇ ਹੋਏ ਹਨ ਅਤੇ ਉਨ੍ਹਾਂ ਦਾ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਮੁਕਾਬਲਿਆਂ ਦੌਰਾਨ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਅੰਦਰ ਜਜ਼ਬਾ ਭਰਿਆ ਕਿ ਉਹ ਵੱਧ-ਚੜ੍ਹ ਕੇ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਮਿਲਵਰਤਨ ਦੀ ਭਾਵਨਾ ਨਾਲ ਖੇਡ ਨੂੰ ਖੇਡਣ ਤਾਂ ਕਿ ਉਹ ਖੇਡਦਿਆਂ ਖੇਡਦਿਆਂ ਜਿੱਤ ਵੀ ਪ੍ਰਾਪਤ ਕਰਨ ਅਤੇ ਇੱਕ ਵਧੀਆ ਸਿਖਿਆਰਥੀ ਵੀ ਬਣ।
ਰੈਨੇਸਾਂ ਸਕੂਲ ਦੇ ਪ੍ਰਿੰਸੀਪਲ ਹਰਵੰਤ ਸਿੰਘ ਨੇ ਕਿਹਾ ਕਿ ਪੜ੍ਹਾਈ ਦੇ ਨਾਲ਼-ਨਾਲ਼ ਖੇਡਾਂ ਨੂੰ ਤਰਜੀਹ ਦੇਣ ਨਾਲ਼ ਬੱਚੇ ਸਰੀਰਕ ਤੌਰ ’ਤੇ ਵੀ ਤੰਦਰੁਸਤ ਰਹਿੰਦੇ ਹਨ ਅਤੇ ਖੇਡਾਂ ਦੀਆਂ ਪ੍ਰਾਪਤੀਆਂ ਕਾਰਨ ਸਕੂਲ ਅਤੇ ਮਾਪਿਆਂ ਦਾ ਨਾਮ ਵੀ ਰੌਸ਼ਨ ਕਰਦੇ ਹਨ। ਸਕੂਲ ਦੇ ਅਕਾਦਮਿਕ ਡਾਇਰੈਕਟਰ ਰਾਕੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਰਾਜ ਪੱਧਰ ਦੇ ਮੁਕਾਬਲੇ ਰੈਨੇਸਾਂ ਸਕੂਲ ਮਾਨਸਾ ਦੇ ਖੇਡ ਮੈਦਾਨ ਵਿੱਚ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।