ਕਾਂਗਰਸ ਤੇ ‘ਆਪ’ ਨੂੰ ਵੱਡੇ ਫਰਕ ਨਾਲ ਹਰਾਉਣਗੇ ਹਲਕੇ ਦੇ ਵੋਟਰ: ਚੰਦੂਮਾਜਰਾ
ਮਿਹਰ ਸਿੰਘ
ਕੁਰਾਲੀ, 12 ਮਈ
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅਤੇ ਹਲਕਾ ਇੰਚਾਰਜ ਖਰੜ ਰਣਜੀਤ ਸਿੰਘ ਗਿੱਲ ਵੱਲੋਂ ਮਾਜਰੀ ਬਲਾਕ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਦਾਅਵਾ ਕੀਤਾ ਕਿ ਹਲਕੇ ਦੇ ਵੋਟਰ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੱਡੇ ਫਰਕ ਨਾਲ ਹਰਾਉਣ ਦਾ ਮਨ ਬਣਾ ਚੁੱਕੇ ਹਨ। ਪ੍ਰੋ.ਚੰਦੂਮਾਜਰਾ ਨੇ ਕਿਹਾ ਕਿ ਉਹ ਹਮੇਸ਼ਾ ਹੀ ਹਲਕੇ ਦੇ ਲੋਕਾਂ ਵਿੱਚ ਰਹਿ ਕੇ ਹਲਕੇ ਦੀ ਸੇਵਾ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪਿਆਰ ਅਤੇ ਪਾਰਟੀ ਦੇ ਅਸ਼ੀਰਵਾਦ ਸਦਕਾ ਉਹ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤੋਂ ਤੀਸਰੀ ਵਾਰ ਚੋਣ ਲੜ ਰਹੇ ਹਨ। ਉਨ੍ਹਾਂ ਆਖਿਆ ਕਿ ਉਹ ਹਲਕੇ ਦੇ ਲੋਕਾਂ ਦੀ ਆਵਾਜ਼ ਦੇਸ਼ ਦੀ ਪਾਰਲੀਮੈਂਟ ਵਿੱਚ ਜਾ ਕੇ ਬੁਲੰਦ ਕਰਨਗੇ। ਉਨ੍ਹਾਂ ਆਖਿਆ ਕਿ ਪਾਰਟੀ ਦੇ ਵਰਕਰ ਪੂਰੇ ਉਤਸ਼ਾਹ ਵਿੱਚ ਹਨ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸਾਰੀਆਂ ਪਾਰਟੀਆਂ ਉੱਤੇ ਭਾਰੂ ਪਵੇਗਾ।
ਹਲਕਾ ਇੰਚਾਰਜ ਖਰੜ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਦੀ ਜਿੱਤ ਨਾਲ ਹਲਕੇ ਦੇ ਵਿਕਾਸ ਦੇ ਰਾਹ ਖੁੱਲ੍ਹਣਗੇ।