ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਅੱਜ
* 20 ਹਜ਼ਾਰ ਤੋਂ ਵੱਧ ਪੋਲਿੰਗ ਬੂਥਾਂ ਲਈ ਟੀਮਾਂ ਰਵਾਨਾ
* ਸੁਰੱਖਿਆ ਦੇ ਮੱਦੇਨਜ਼ਰ ਨੀਮ ਫੌਜੀ ਬਲਾਂ ਦੀਆਂ 225 ਕੰਪਨੀਆਂ ਤਾਇਨਾਤ
ਆਤਿਸ਼ ਗੁਪਤਾ
ਚੰਡੀਗੜ੍ਹ, 4 ਅਕਤੂਬਰ
ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਵੋਟਾਂ 5 ਅਕਤੂਬਰ ਨੂੰ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਪੈਣ ਵਾਲੀਆਂ ਵੋਟਾਂ ਰਾਹੀਂ ਸੂਬੇ ਦੇ 2,03,54,350 ਵੋਟਰਾਂ ਵੱਲੋਂ 1031 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੀਤਾ ਜਾਵੇਗਾ। ਵੋਟਾਂ ਦੀ ਗਿਣਤੀ ਤੇ ਨਤੀਜਿਆਂ ਦਾ ਐਲਾਨ 8 ਅਕਤੂਬਰ ਨੂੰ ਕੀਤਾ ਜਾਵੇਗਾ। ਇਨ੍ਹਾਂ ਚੋਣਾਂ ਵਿੱਚ ਭਾਜਪਾ, ਕਾਂਗਰਸ, ਇਨੈਲੋ-ਬਸਪਾ ਗੱਠਜੋੜ, ਜੇਜੇਪੀ-ਏਐੱਸਪੀ ਗੱਠਜੋੜ ਤੋਂ ਇਲਾਵਾ ਆਮ ਆਦਮੀ ਪਾਰਟੀ ਵੀ ਕਿਸਮਤ ਅਜ਼ਮਾ ਰਹੀ ਹੈ। ਦੂਜੇ ਪਾਸੇ, ਵਿਧਾਨ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਵੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਚੋਣਾਂ ਪਾਰਦਰਸ਼ੀ, ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਪੋਲਿੰਗ ਟੀਮਾਂ ਅੱਜ ਸੂਬੇ ਦੇ 20 ਹਜ਼ਾਰ ਤੋਂ ਵੱਧ ਪੋਲਿੰਗ ਬੂਥਾਂ ਲਈ ਰਵਾਨਾ ਹੋ ਗਈਆਂ ਹਨ।
ਚੋਣਾਂ ਦੌਰਾਨ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਨੀਮ ਫੌਜੀ ਬਲਾਂ ਦੀਆਂ 225 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੇ ਨਾਲ ਸੂਬੇ ਦੇ 29,000 ਦੇ ਕਰੀਬ ਪੁਲੀਸ ਮੁਲਾਜ਼ਮ, 21,000 ਹੋਮ ਗਾਰਡ ਦੇ ਜਵਾਨ ਅਤੇ 11,000 ਦੇ ਕਰੀਬ ਸੇਵਾਮੁਕਤ ਫੌਜੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਹਰਿਆਣਾ ਦੇ ਨਾਲ ਲੱਗਦੇ ਸੂਬਿਆਂ ਪੰਜਾਬ, ਦਿੱਲੀ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੀਆਂ ਹੱਦਾਂ ’ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਰਿਆਣਾ ਪੁਲੀਸ ਵੱਲੋਂ ਸੂਬੇ ਦੇ ਵੱਡੀ ਗਿਣਤੀ ਵਿਧਾਨ ਸਭਾ ਹਲਕਿਆਂ ਵਿੱਚ ਵੀ ਫਲੈਗ ਮਾਰਚ ਕੀਤੇ ਗਏ।
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ ਸੂਬੇ ਦੇ 90 ਵਿਧਾਨ ਸਭਾ ਹਲਕਿਆਂ ਵਿੱਚ 20,632 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਪੋਲਿੰਗ ਸਟੇਸ਼ਨ ਤੋਂ 200 ਮੀਟਰ ਦੇ ਘੇਰੇ ਦੇ ਬਾਹਰ ਆਪਣਾ ਪੋਲਿੰਗ ਬੂਥ ਲਗਾ ਸਕਦੀਆਂ ਹਨ। ਇਸ ਵਿੱਚ ਸਿਰਫ਼ ਇਕ ਮੇਜ਼ ਅਤੇ ਦੋ ਕੁਰਸੀਆਂ ਰੱਖੀਆਂ ਜਾ ਸਕਦੀ ਹੈ। ਇਸ ਤੋਂ ਇਲਾਵਾ ਇੱਥੇ ਕੋਈ ਵੀ ਪੋਸਟਰ, ਝੰਡੇ ਜਾਂ ਕੋਈ ਹੋਰ ਪ੍ਰਚਾਰ ਸਮੱਗਰੀ ਪ੍ਰਦਰਸ਼ਿਤ ਨਹੀਂ ਕੀਤੀ ਜਾ ਸਕੇਗੀ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀਆਂ ਖੁਰਾਕੀ ਵਸਤਾਂ ਪਰੋਸਣ ਅਤੇ ਭੀੜ ਇਕੱਠੀ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ।