For the best experience, open
https://m.punjabitribuneonline.com
on your mobile browser.
Advertisement

ਜਲੰਧਰ ਪੱਛਮੀ ਹਲਕੇ ’ਚ ਅੱਜ ਪੈਣਗੀਆਂ ਵੋਟਾਂ

06:45 AM Jul 10, 2024 IST
ਜਲੰਧਰ ਪੱਛਮੀ ਹਲਕੇ ’ਚ ਅੱਜ ਪੈਣਗੀਆਂ ਵੋਟਾਂ
ਜਲੰਧਰ ਵਿੱਚ ਆਪਣੇ ਬੂਥਾਂ ਵੱਲ ਰਵਾਨਾ ਹੋਣ ਮੌਕੇ ਪੋਲਿੰਗ ਸਟਾਫ਼। -ਫੋਟੋ: ਮਲਕੀਅਤ ਸਿੰਘ
Advertisement

* 181 ਪੋਲਿੰਗ ਬੂਥਾਂ ’ਤੇ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਹੋਵੇਗਾ ਮਤਦਾਨ
* 1,71,963 ਵੋਟਰ ਕਰਨਗੇ ਜਮਹੂਰੀ ਅਧਿਕਾਰ ਦੀ ਵਰਤੋਂ

Advertisement

ਪਾਲ ਸਿੰਘ ਨੌਲੀ
ਜਲੰਧਰ, 9 ਜੁਲਾਈ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ। ਚੋਣ ਅਮਲ ਨੂੰ ਨੇਪਰੇ ਚੜ੍ਹਾਉਣ ਲਈ ਅੱਜ ਸਥਾਨਕ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਤੋਂ ਪੋਲਿੰਗ ਟੀਮਾਂ ਵੋਟਿੰਗ ਮਸ਼ੀਨਾਂ ਸਮੇਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 181 ਪੋਲਿੰਗ ਬੂਥਾਂ ਲਈ ਰਵਾਨਾ ਹੋਈਆਂ, ਜਿਹੜੀਆਂ ਸ਼ਾਮ ਤੱਕ ਆਪੋ ਆਪਣੇ ਟਿਕਾਣਿਆਂ ’ਤੇ ਪਹੁੰਚ ਗਈਆਂ ਸਨ। ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ। ਇਹ ਜ਼ਿਮਨੀ ਚੋਣ ਇਸ ਹਲਕੇ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇਣ ਕਾਰਨ ਹੋ ਰਹੀ ਹੈ। ਸ਼ੀਤਲ ਅੰਗੁਰਾਲ ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ ਅਤੇ ਹੁਣ ਇਸ ਹਲਕੇ ਤੋਂ ਭਾਜਪਾ ਉਮੀਦਵਾਰ ਹਨ। ਜਲੰਧਰ ਪੱਛਮੀ ਵਿਧਾਨ ਸਭਾ ਹਲਕਾ (ਰਾਖਵਾਂ) ਮੁਕੰਮਲ ਤੌਰ ’ਤੇ ਸ਼ਹਿਰੀ ਹਲਕਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਮਨੀ ਚੋਣ ਆਜ਼ਾਦਾਨਾ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਹਲਕੇ ਦੇ ਕੁੱਲ 1,71,963 ਵੋਟਰ ਇਨ੍ਹਾਂ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਨ੍ਹਾਂ ਕੁੱਲ ਵੋਟਰਾਂ ਵਿੱਚ 89,629 ਪੁਰਸ਼, 82,326 ਮਹਿਲਾ ਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹਲਕੇ ’ਚ 10 ਮਾਡਲ ਪੋਲਿੰਗ ਬੂਥ ਤਿਆਰ ਕੀਤੇ ਗਏ ਹਨ ਅਤੇ ਇਨ੍ਹਾਂ ਤੋਂ ਇਲਾਵਾ ਇੱਕ ਪੋਲਿੰਗ ਬੂਥ ਦਾ ਸੰਚਾਲਨ ਸਿਰਫ਼ ਮਹਿਲਾ ਸਟਾਫ਼ ਵੱਲੋਂ ਕੀਤਾ ਜਾਵੇਗਾ। ਨਿਰਵਿਘਨ ਪੋਲਿੰਗ ਪ੍ਰਕਿਰਿਆ ਯਕੀਨੀ ਬਣਾਉਣ ਲਈ 872 ਪੋਲਿੰਗ ਸਟਾਫ਼ ਮੈਂਬਰ (ਰਿਜ਼ਰਵ ਸਮੇਤ) ਨਿਯੁਕਤ ਕੀਤੇ ਗਏ। ਇਸ ਤੋਂ ਇਲਾਵਾ 96 ਮਾਈਕਰੋ ਆਬਜ਼ਰਵਰ (ਰਿਜ਼ਰਵ ਸਮੇਤ) ਵੀ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤੇ ਜਾਣਗੇ। ਅਗਰਵਾਲ ਮੁਤਾਬਕ ਵੋਟਰਾਂ ਦੀ ਸੁਵਿਧਾ ਲਈ ਸਮੁੱਚੇ ਪੋਲਿੰਗ ਬੂਥਾਂ ’ਤੇ ਸਾਰੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਤੋਂ ਇਲਾਵਾ ਗਰਮੀ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ, ਸ਼ਾਮਿਆਨੇ ਤੇ ਛਬੀਲ ਆਦਿ ਦਾ ਪ੍ਰਬੰਧ ਹੋਵੇਗਾ। ਉਨ੍ਹਾਂ ਦੱਸਿਆ ਕਿ ਪੀਡਬਲਯੂਡੀ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਲਈ ਪੋਲਿੰਗ ਬੂਥਾਂ ’ਤੇ ਵੀਲ੍ਹਚੇਅਰਾਂ, ਰੈਂਪ, ਵਲੰਟੀਅਰ ਸਮੇਤ ਪਿੱਕ ਐਂਡ ਡਰਾਪ ਦੀ ਸਹੂਲਤ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ।

ਪਾਰਦਰਸ਼ੀ ਚੋਣਾਂ ਕਰਵਾਉਣ ਲਈ 181 ਪੋਲਿੰਗ ਬੂਥਾਂ ਦੀ ਹੋਵੇਗੀ ਵੈੱਬ ਕਾਸਟਿੰਗ

ਜ਼ਿਲ੍ਹਾ ਚੋਣ ਅਫ਼ਸਰ ਨੇ ਆਖਿਆ ਕਿ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਸਮੁੱਚੇ 181 ਪੋਲਿੰਗ ਬੂਥਾਂ ਦੀ ਵੈੱਬਕਾਸਟਿੰਗ ਕਰਵਾਈ ਜਾ ਰਹੀ ਹੈ, ਜਿਸ ਲਈ ਸਾਰੀਆਂ ਪੋਲਿੰਗ ਲੋਕੇਸ਼ਨਾਂ ’ਤੇ 218 ਸੀਸੀਟੀਵੀ ਕੈਮਰੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਦੌਰਾਨ ਪੈਸੇ ਦੀ ਤਾਕਤ, ਸ਼ਰਾਬ ਅਤੇ ਨਸ਼ੇ ਆਦਿ ਦੀ ਵਰਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਲੋੜੀਂਦੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਉਡਣ ਦਸਤੇ ਤੇ ਸਰਵੀਲੈਂਸ ਟੀਮਾਂ ਤੋਂ ਇਲਾਵਾ ਹੋਰ ਨਿਗਰਾਨ ਟੀਮਾਂ ਰਾਹੀਂ ਸਖ਼ਤ ਨਿਗਰਾਨੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ 51 ਸੰਵੇਦਨਸ਼ੀਲ ਪੋਲਿੰਗ ਬੂਥ ਹਨ, ਜਿਥੇ ਮਾਈਕਰੋ ਆਬਜ਼ਰਵਰਾਂ ਦੇ ਨਾਲ-ਨਾਲ ਲੋੜੀਂਦੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

Advertisement
Tags :
Author Image

joginder kumar

View all posts

Advertisement
Advertisement
×