Waqf Amendment Act ਸੁਪਰੀਮ ਕੋਰਟ ਵਕਫ਼ ਸੋਧ ਐਕਟ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ 16 ਅਪਰੈਲ ਨੂੰ ਕਰੇਗੀ ਸੁਣਵਾਈ
ਨਵੀਂ ਦਿੱਲੀ, 10 ਅਪਰੈਲ
ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲਾ ਸੁਪਰੀਮ ਕੋਰਟ ਦਾ ਤਿੰਨ ਜੱਜਾਂ ਦਾ ਬੈਂਚ ਵਕਫ਼ ਸੋਧ ਐਕਟ 2025 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ 16 ਅਪਰੈਲ ਨੂੰ ਸੁਣਵਾਈ ਕਰੇਗਾ।
ਕੋਰਟ ਦੀ ਵੈੱਬਸਾਈਟ ਉੱਤੇ ਉਪਲਬਧ ਜਾਣਕਾਰੀ ਮੁਤਾਬਕ ਪਟੀਸ਼ਨਾਂ ’ਤੇ ਸੁਣਵਾਈ ਕਰਨ ਵਾਲੇ ਬੈਂਚ ਵਿਚ ਸੀਜੇਆਈ ਤੋਂ ਇਲਾਵਾ ਜਸਟਿਸ ਸੰਜੈ ਕੁਮਾਰ ਤੇ ਜਸਟਿਸ ਕੇਵੀ ਵਿਸ਼ਵਨਾਥਨ ਵੀ ਸ਼ਾਮਲ ਹੋਣਗੇ। ਕਾਬਿਲੇਗੌਰ ਹੈ ਕਿ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਇਸ ਮਾਮਲੇ ਵਿਚ ਕੈਵੀਏਟ (Caveat) ਦਾਖ਼ਲ ਕਰਕੇ ਕੋਈ ਵੀ ਫੈਸਲਾ ਸੁਣਾਏ ਜਾਣ ਤੋਂ ਪਹਿਲਾਂ ਉਸ ਦਾ ਪੱਖ ਸੁਣੇ ਜਾਣ ਦੀ ਮੰਗ ਕੀਤੀ ਸੀ।
ਕਾਬਿਲੇਗੌਰ ਹੈ ਕਿ ਕੈਵੀਏਟ ਇਕ ਧਿਰ ਵੱਲੋਂ ਹਾਈ ਕੋਰਟ ਤੇ ਸੁਪਰੀਮ ਕੋਰਟ ਵਿਚ ਦਾਖ਼ਲ ਕੀਤੀ ਜਾਂਦੀ ਤਾਂ ਕਿ ਕੋਈ ਵੀ ਫੈਸਲਾ ਸੁਣਾਏ ਜਾਣ ਤੋਂ ਪਹਿਲਾਂ ਉਸ ਦਾ ਪੱਖ ਜ਼ਰੂਰ ਸੁਣਿਆ ਜਾਵੇ।
ਨਵੇਂ ਕਾਨੂੰਨ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ 10 ਤੋਂ ਵੱਧ ਪਟੀਸ਼ਨਾਂ, ਜਿਨ੍ਹਾਂ ਵਿੱਚ ਸਿਆਸਤਦਾਨਾਂ ਅਤੇ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (AIMPLB) ਅਤੇ ਜਮੀਅਤ ਉਲੇਮਾ-ਏ-ਹਿੰਦ ਦੀਆਂ ਪਟੀਸ਼ਨਾਂ ਵੀ ਸ਼ਾਮਲ ਹਨ, ਸੁਪਰੀਮ ਕੋਰਟ ਵਿੱਚ ਦਾਖਲ ਕੀਤੀਆਂ ਗਈਆਂ ਸਨ। ਸੰਸਦ ਦੇ
ਦੋਵਾਂ ਸਦਨਾਂ ਵਿਚ ਬਿੱਲ ਪਾਸ ਹੋਣ ਤੇ ਮਗਰੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਸਹੀ ਨਾਲ ਇਸ ਬਿੱਲ ਨੇ ਕਾਨੂੰਨ ਦੀ ਸ਼ਕਲ ਲੈ ਲਈ ਸੀ। ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਵਕਫ਼ ਸੋਧ ਐਕਟ ਨੋਟੀਫਾਈ ਕਰ ਦਿੱਤਾ ਸੀ। -ਪੀਟੀਆਈ