War Against Drugs: ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਿੰਨ ਜਣੇ 10 ਕਿਲੋ ਹੈਰੋਇਨ ਸਣੇ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਮਈ
War Against Drugs: ਸਰਹੱਦ ਪਾਰੋਂ ਤਸਕਰੀ ਮਾਮਲੇ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਦੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋੋਲੋਂ 10 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ।
ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ‘ਐਕਸ’ X ਰਾਹੀਂ ਕੀਤਾ ਗਿਆ ਹੈ। ਇਸ ਬਾਰੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਆਕਾਸ਼ਦੀਪ ਸਿੰਘ, ਆਕਾਸ਼ ਉਰਫ ਮੋਟਾ ਅਤੇ ਸੰਦੀਪ ਵੱਜੋਂ ਹੋਈ ਹੈ।
ਸ੍ਰੀ ਭੁੱਲਰ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹਨਾਂ ਨੂੰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਮਿਲ ਰਹੀ ਸੀ, ਜਿਸ ਨੂੰ ਇਹ ਸਰਹੱਦ ਤੋਂ ਪ੍ਰਾਪਤ ਕਰਨ ਮਗਰੋਂ ਉਹ ਅੱਗੇ ਸਪਲਾਈ ਕਰਦੇ ਸਨ। ਉਹਨਾਂ ਦੱਸਿਆ ਕਿ ਇਹਨਾਂ ਵਿੱਚ ਸ਼ਾਮਿਲ ਸੰਦੀਪ ਪਿਛਲੇ ਲੰਬੇ ਸਮੇਂ ਤੋਂ ਇਸ ਨਜਾਇਜ਼ ਕਾਰੋਬਾਰ ਨਾਲ ਜੁੜਿਆ ਹੋਇਆ ਸੀ।
ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਇਸ ਮਾਮਲੇ ਦੀਆਂ ਤਾਰਾਂ ਹਵਾਲਾ ਰੈਕੇਟ ਨਾਲ ਵੀ ਜੁੜੀਆਂ ਹੋਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਦੀ ਸੰਭਾਵਨਾ ਹੈ।