ਨਸ਼ਿਆਂ ਖਿਲਾਫ਼ ਲੜਾਈ: ਨਵੇਂ ਸਾਲ ’ਚ ਨਵੀਂ ਸ਼ੁਰੂਆਤ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਜਨਵਰੀ
ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਵਾਸਤੇ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਪਿੰਡ ਮਾਨਾਂਵਾਲਾ ਕਲਾਂ ਦੀ ਪੰਚਾਇਤ ਨੇ ਇੱਕ ਮਤਾ ਪਾਸ ਕਰਕੇ ਪਿੰਡ ਵਿੱਚ ਨਸ਼ਾ ਵੇਚਣ, ਖਰੀਦਣ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਦੇ ਬਾਈਕਾਟ ਦਾ ਫ਼ੈਸਲਾ ਕੀਤਾ ਹੈ। ਹਲਕਾ ਅਟਾਰੀ ਦੇ ਵੇਰਕਾ ਬਲਾਕ ਹੇਠ ਆਉਂਦੇ ਪਿੰਡ ਮਾਨਾਂਵਾਲਾ ਕਲਾਂ ਦੀ ਪੰਚਾਇਤ ਵੱਲੋਂ ਸਰਬਸੰਮਤੀ ਨਾਲ ਨਵੇਂ ਸਾਲ ਮੌਕੇ ਇੱਕ ਮਤਾ ਪਾਸ ਕੀਤਾ ਗਿਆ ਹੈ। ਮਤੇ ’ਤੇ ਪਿੰਡ ਦੇ ਸਰਪੰਚ ਸਤਨਾਮ ਸਿੰਘ ਲਾਲਾ, ਗ੍ਰਾਮ ਪੰਚਾਇਤ ਮੈਂਬਰ ਨਵਰੂਪ ਸਿੰਘ, ਰਣਜੀਤ ਸਿੰਘ, ਹਰਜੀਤ ਕੌਰ, ਰਾਜਵਿੰਦਰ ਕੌਰ ਅਤੇ ਅਤਿੰਦਰ ਪਾਲ ਸਿੰਘ ਦੇ ਦਸਤਖਤ ਹਨ।
ਅੰਮ੍ਰਿਤਸਰ-ਜਲੰਧਰ ਜੀਟੀ ਰੋਡ ਤੇ ਸ਼ਹਿਰ ਦੇ ਨਾਲ ਢੁੱਕਦੇ ਇਸ ਪਿੰਡ ਵਿੱਚ ਲਗਪਗ ਚਾਰ ਹਜ਼ਾਰ ਤੋਂ ਵੱਧ ਦੀ ਆਬਾਦੀ ਹੈ। ਪਿੰਡ ਦੀ ਪੰਚਾਇਤ ਵੱਲੋਂ ਸਾਲ 2025 ਦੇ ਪਹਿਲੇ ਦਿਨ ਹੀ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਬੀੜਾ ਚੁੱਕਿਆ ਗਿਆ ਹੈ। ਗ੍ਰਾਮ ਪੰਚਾਇਤ ਮਾਨਾਂਵਾਲਾ ਕਲਾਂ ਦੇ ਸਰਪੰਚ ਸਤਨਾਮ ਸਿੰਘ ਲਾਲਾ ਨੇ ਗੱਲ ਕਰਦਿਆਂ ਦੱਸਿਆ ਕਿ ਪੰਚਾਇਤ ਵੱਲੋਂ ਇਸ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ਕਿ ਪਿੰਡ ਵਿੱਚ ਨਸ਼ਾ ਵੇਚਣ, ਨਸ਼ਾ ਖਰੀਦਣ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਤੋਂ ਇਲਾਵਾ ਉਨ੍ਹਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ।
ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਦੇ ਖੇਡ ਸਟੇਡੀਅਮ ਦਾ ਨਾਂ ਡਾਕਟਰ ਮਨਮੋਹਨ ਸਿੰਘ ਦੇ ਨਾਂਅ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ। ਇੱਕ ਮਤੇ ਰਾਹੀਂ ਗਰੀਬ ਪਰਿਵਾਰਾਂ ਦੇ ਮੁੰਡੇ-ਕੁੜੀਆਂ ਜੋ ਪੜ੍ਹਾਈ ਵਿੱਚ ਚੰਗੇ ਹਨ, ਉਨ੍ਹਾਂ ਨੂੰ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਵਾਸਤੇ ਪੰਚਾਇਤ ਵੱਲੋਂ ਅਤੇ ਪਿੰਡ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪੜ੍ਹਾਈ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ। ਗਰੀਬ ਪਰਿਵਾਰਾਂ ਦੀਆਂ ਕੁੜੀਆਂ ਨੂੰ 3100 ਰੁਪਏ ਐੱਫਡੀ ਵਜੋਂ ਦੇਣ ਅਤੇ ਉਸ ਪਰਿਵਾਰ ਵੱਲੋਂ ਇੱਕ ਬੂਟਾ ਲਾਉਣ ਦਾ ਫ਼ੈਸਲਾ ਕੀਤਾ ਹੈ। ਪਿੰਡ ਵਿੱਚ ਪ੍ਰੋਗਰਾਮ ਦੌਰਾਨ ਡੀਜੇ ਵਜਾਉਣ ਦਾ ਸਮਾਂ ਰਾਤ 11 ਵਜੇ ਤੱਕ ਰੱਖਿਆ ਗਿਆ ਹੈ ਅਤੇ ਜੇ ਕੋਈ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਜੁਰਮਾਨਾ ਲਾਉਣ ਦਾ ਫ਼ੈਸਲਾ ਕੀਤਾ।
ਪਿੰਡ ਦੇ ਉੱਘੇ ਆਗੂ ਸੁਖਰਾਜ ਸਿੰਘ ਰੰਧਾਵਾ ਨੇ ਆਖਿਆ ਕਿ ਪਿੰਡ ਵਿੱਚੋਂ ਨਸ਼ੇ ਦਾ ਕੋਹੜ ਖਤਮ ਕਰਨ ਵਾਸਤੇ ਸਰਬ ਸੰਮਤੀ ਨਾਲ ਪਿੰਡ ਵੱਲੋਂ ਉਪਰਾਲਾ ਕੀਤਾ ਜਾ ਰਿਹਾ ਹੈ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਨਸ਼ਾ ਵੇਚਣ , ਖਰੀਦਣ ਤੇ ਕਰਨ ਵਾਲਿਆਂ ਦੀ ਸ਼ਨਾਖਤ ਕੀਤੀ ਜਾਵੇਗੀ ਅਤੇ ਮੁੱਢਲੇ ਤੌਰ ’ਤੇ ਉਨ੍ਹਾਂ ਨੂੰ ਨਸ਼ੇ ਬੰਦ ਕਰਨ ਲਈ ਸਮਝਾਇਆ ਜਾਵੇਗਾ। ਜੇ ਉਹ ਸਹਿਯੋਗ ਨਹੀਂ ਦੇਣਗੇ ਤਾਂ ਉਨ੍ਹਾਂ ਦੇ ਨਾਂ ਜਨਤਕ ਕੀਤੇ ਜਾਣਗੇ। ਪਿੰਡ ਵਿੱਚ ਇਸ ਸਬੰਧੀ ਬੋਰਡ ਲਾਏ ਜਾਣਗੇ ਅਤੇ ਲੋੜ ਪਈ ਤਾਂ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਭੁੱਖ ਹੜਤਾਲ ਵੀ ਕੀਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ।
ਪਿੰਡ ਵਾਸੀ ਜੈਪਾਲ ਸਿੰਘ, ਹਰਦੀਪ ਸਿੰਘ, ਬੀਬੀ ਲਖਵਿੰਦਰ ਕੌਰ ਨੇ ਦੱਸਿਆ ਕਿ ਪਿੰਡ ਵਿੱਚ ਨਸ਼ਿਆਂ ਦਾ ਰੁਝਾਨ ਵਧ ਰਿਹਾ ਹੈ, ਜਿਸ ਨੂੰ ਠੱਲ ਪਾਉਣ ਦੀ ਵੱਡੀ ਲੋੜ ਹੈ ਅਤੇ ਪੰਚਾਇਤ ਦਾ ਇਹ ਚੰਗਾ ਫ਼ੈਸਲਾ ਹੈ। ਹਰਦੀਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਸ ਦੇ ਪਰਿਵਾਰ ਦਾ ਮੈਂਬਰ ਵੀ ਨਸ਼ੇ ਵਿੱਚ ਗਲਤਾਨ ਹੋ ਚੁੱਕਾ ਹੈ। ਪਿੰਡ ਦੀ ਨੌਜਵਾਨ ਪੀੜੀ ਨੂੰ ਬਚਾਉਣ ਵਾਸਤੇ ਸਮੁੱਚੇ ਪਿੰਡ ਵੱਲੋਂ ਇਸ ਸਬੰਧੀ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ।