ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਖਾਕਾ ਤਿਆਰ
ਹਤਿੰਦਰ ਮਹਿਤਾ
ਜਲੰਧਰ, 6 ਮਾਰਚ
ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੋਡਮੈਪ ਤਿਆਰ ਕੀਤਾ। ਉਨ੍ਹਾਂ ਜ਼ਿਲ੍ਹਾ ਪੁਲੀਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਨਸ਼ਿਆਂ ਦੇ ਧੰਦੇ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਭਾਵੇਂ ਉਹ ਕਿਸੇ ਵੀ ਅਹੁਦੇ ਅਤੇ ਸਿਆਸੀ ਰਸੂਖ ਵਾਲਾ ਕਿਉਂ ਨਾ ਹੋਵੇ। ਨਸ਼ਿਆਂ ਦੇ ਖਾਤਮੇ ਲਈ ਬਣਾਈ ਗਈ 5 ਮੈਂਬਰੀ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਮਨ ਅਰੋੜਾ ਨੇ ਜਲੰਧਰ ਜ਼ਿਲ੍ਹੇ ਦੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚੁੱਕੇ ਗਏ ਕਦਮਾਂ ਅਤੇ ਕਾਰਵਾਈਆਂ ਦਾ ਜਾਇਜ਼ਾ ਲਿਆ। ਅਮਨ ਅਰੋੜਾ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ, ਵਿਧਾਇਕ ਰਮਨ ਅਰੋੜਾ, ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ ਸਮੇਤ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਕਾਰਵਾਈਆਂ ਦੀ ਸਮੀਖਿਆ ਕੀਤੀ। ਇਸ ਮੌਕੇ ਡੀ.ਆਈ.ਜੀ. ਨਵੀਨ ਸਿੰਗਲਾ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਗੁਰਮੀਤ ਸਿੰਘ ਵੀ ਹਾਜ਼ਰ ਸਨ।
ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਅਰੋੜਾ ਨੂੰ ਦੱਸਿਆ ਕਿ ਜਲੰਧਰ ਪੁਲੀਸ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਕਮਿਸ਼ਨਰੇਟ ਪੁਲੀਸ ਨੇ 207 ਕੇਸ ਦਰਜ ਕੀਤੇ ਹਨ ਅਤੇ 431 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਜਲੰਧਰ ਦਿਹਾਤੀ ਪੁਲੀਸ ਵੱਲੋਂ 589 ਅਪਰਾਧੀਆਂ ਨੂੰ ਵੱਡੀ ਮਾਤਰਾ ਵਿੱਚ ਬਰਾਮਦਗੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 372 ਕੇਸ ਦਰਜ ਕੀਤੇ ਗਏ ਹਨ।
ਅਮਨ ਅਰੋੜਾ ਨੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਬਹੁ-ਪੱਖੀ ਰਣਨੀਤੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨਸ਼ਿਆਂ ਦੀ ਅਲਾਮਤ ਖਿਲਾਫ਼ ਕਾਰਗਰ ਸਿਸਟਮ ਬਣਾਉਣ ਲਈ ਸਾਰੇ ਵਿਭਾਗਾਂ ਵਿੱਚ ਤਾਲਮੇਲ ਅਤੇ ਸਮੂਹਿਕ ਯਤਨਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦਤਨ ਅਪਰਾਧੀਆਂ ’ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਨਸ਼ੇ ਪੱਖੋਂ ਸੰਵੇਦਨਸ਼ੀਲ ਥਾਵਾਂ ’ਤੇ ਤਲਾਸ਼ੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਸ਼ਨਾਖਤ ਤੇ ਜ਼ਬਤ ਕਰਨ ਦੇ ਵੀ ਨਿਰਦੇਸ਼ ਦਿੱਤੇ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਿਆਪਕ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਸਿਵਲ ਪ੍ਰਸ਼ਾਸਨ ਨੂੰ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਵੱਖ-ਵੱਖ ਹੁਨਰ ਵਿਕਾਸ ਕੋਰਸ ਕਰਵਾ ਕੇ ਉਨ੍ਹਾਂ ਦੀ ਮਦਦ ਕਰਨ ਦੀ ਹਦਾਇਤ ਕੀਤੀ।
ਨਸ਼ਿਆਂ ਵਿਰੁੱਧ ਸਾਂਝਾ ਮੋਰਚਾ ਬਣਾਉਣ ਲਈ ਸਮੂਹਿਕ ਯਤਨਾਂ ਦਾ ਸੱਦਾ ਦਿੰਦਿਆਂ ਅਮਨ ਅਰੋੜਾ ਨੇ ਹਰ ਵਰਗ ਦੇ ਨਾਗਰਿਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ’ਯੁੱਧ ਨਸ਼ਿਆਂ ਵਿਰੁੱਧ’ ਨਸ਼ਿਆਂ ਖਿਲਾਫ਼ ਇਕ ਜੰਗ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਦ੍ਰਿੜ ਹੈ।’ ਮੀਟਿੰਗ ਵਿੱਚ ਮੇਅਰ ਵਿਨੀਤ ਧੀਰ, ਚੇਅਰਪਰਸਨ ਇੰਪਰੂਵਮੈਂਟ ਟਰੱਸਟ ਜਲੰਧਰ ਰਾਜਵਿੰਦਰ ਕੌਰ ਥਿਆੜਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਸੀਨੀਅਰ ’ਆਪ’ ਆਗੂ ਪਵਨ ਕੁਮਾਰ ਟੀਨੂੰ ਅਤੇ ਜ਼ਿਲ੍ਹਾ ਪੁਲੀਸ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।