ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰ ਦਾ ਘਰ ਢਾਹਿਆ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ , 1 ਅਪਰੈਲ
ਸਰਕਾਰ ਵਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤਹਿਤ ਅੱਜ ਪੁਲੀਸ ਕਮਿਸ਼ਨਰੇਟ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਕਬੂਲਪੁਰਾ ਇਲਾਕੇ ਵਿੱਚ ਨਸ਼ਾ ਤਸਕਰ ਗੁਰਮੀਤ ਸਿੰਘ ਵੱਲੋਂ ਕੀਤੀ ਨਾਜ਼ਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ। ਉਕਤ ਨਸ਼ਾ ਤਸਕਰ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਐਨ.ਡੀ.ਪੀ.ਐਸ. ਦੇ 3 ਕੇਸ ਦਰਜ ਹਨ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਰਮੀਤ ਸਿੰਘ ਲਗਾਤਾਰ ਨਸ਼ਾ ਤਸਕਰੀ ਕਰਦਾ ਆ ਰਿਹਾ ਸੀ ਅਤੇ ਉਸ ਖਿਲਾਫ ਤਿੰਨ ਪਰਚੇ ਦਰਜ ਹੋ ਚੁੱਕੇ ਹਨ। ਉਹ ਫਿਲਹਾਲ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਦੌਰਾਨ ਹੀ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਵਲੋਂ ਐਨਡੀਪੀਐਸ ਐਕਟ ਤਹਿਤ 125 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਜਦਕਿ 237 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮਾਰਚ ਮਹੀਨੇ ਦੌਰਾਨ ਹੀ ਪੁਲੀਸ ਨੇ 36 ਕਿਲੋਗ੍ਰਾਮ ਹੈਰੋਇਨ, 2.179 ਕਿਲੋ ਅਫੀਮ, 10.50 ਲੱਖ ਰੁਪਏ ਡਰੱਗ ਮਨੀ ਅਤੇ 18 ਵਾਹਨ ਜ਼ਬਤ ਕੀਤੇ ਹਨ।
ਉਨ੍ਹਾਂ ਲੋਕਾਂ ਨੂੰ ਨਸ਼ੇ ਵਿਰੁੱਧ ਲੜਾਈ ਵਿਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਅੱਗੇ ਆਉਣ ਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖਦਿਆਂ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀ.ਸੀ.ਪੀ. ਲਾਅ ਐਂਡ ਆਰਡਰ ਵਿਜੈ ਆਲਮ ਸਿੰਘ ਅਤੇ ਐਸ ਪੀ ਹਰਪਾਲ ਸਿੰਘ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਲੋਕਾਂ ਤੇ ਮੋਹਤਬਰਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ।