‘ਯੁੱਧ ਨਸ਼ਿਆਂ ਵਿਰੁੱਧ’ ਬਣਿਆ ਜਨ ਅੰਦੋਲਨ: ਬਲਵੀਰ ਸਿੰਘ
ਸੁਰਜੀਤ ਮਜਾਰੀ
ਨਵਾਂਸ਼ਹਿਰ, 17 ਮਾਰਚ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਨ ਅੰਦੋਲਨ ਬਣ ਗਈ ਹੈ ਤੇ ਇਸ ਮੁਹਿੰਮ ਨਾਲ ਸਮਾਜ ਦੇ ਹਰ ਵਰਗ ਖਾਸ ਕਰਕੇ ਨਸ਼ਾ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਇਕ ਨਵੀਂ ਆਸ ਜਾਗੀ ਹੈ। ਉਹ ਅੱਜ ਇੱਥੇ ਸਰਕਾਰੀ ਨਸ਼ਾ ਛਡਾਊ ਕੇਂਦਰ ਦਾ ਦੌਰਾ ਕਰਕੇ ਉੱਥੇ ਨਸ਼ਾ ਪੀੜਤਾਂ ਲਈ ਉਪਲੱਬਧ ਸਿਹਤ ਸੇਵਾਵਾਂ ਦਾ ਨਿਰੀਖਣ ਕਰਨ ਪੁੱਜੇ ਸਨ। ਇਸ ਮੌਕੇ ਉਨ੍ਹਾਂ ਸਰਕਾਰੀ ਨਸ਼ਾ ਛਡਾਊ ਕੇਂਦਰ ਵਿੱਚ ਦਾਖ਼ਲ ਨਸ਼ਾ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਦ੍ਰਿੜ੍ਹ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨਸ਼ੇ ਦੇ ਆਦੀਆਂ ਨੂੰ ਨਸ਼ੇ ਤਿਆਗਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਆਪਣੇ ਤੇ ਆਪਣੇ ਪਰਿਵਾਰਾਂ ਦੀ ਖ਼ਾਤਰ ਇਹ ਗ਼ਲਤ ਰਾਹ ਛੱਡ ਕੇ ਜ਼ਿੰਦਗੀ ਦਾ ਰਸਤਾ ਅਪਣਾਉਣ। ਉਨ੍ਹਾਂ ਆਮ ਲੋਕਾਂ ਤੇ ਲੋਕ ਪ੍ਰਤੀਨਿੱਧਾਂ ਸਮੇਤ ਪੰਚਾਇਤਾਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਨੂੰ ਨਸ਼ਾ ਮੁਕਤ ਤੇ ਸਿਹਤਮੰਦ ਪੰਜਾਬ ਸਿਰਜਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬਹੁਪੜਾਵੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਇਸ ਮੌਕੇ ਪੰਜਾਬ ਕੰਟੇਨਰ ਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਿਧਾਇਕ ਡਾ. ਨਛੱਤਰ ਪਾਲ, ਡੀਸੀ ਅੰਕੁਰਜੀਤ ਸਿੰਘ, ਐੱਸ.ਐੱਸ.ਪੀ ਡਾ. ਮਹਿਤਾਬ ਸਿੰਘ, ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਵੀ ਮੌਜੂਦ ਸਨ।