ਯੁੱਧ ਨਸ਼ਿਆਂ ਵਿਰੁੱਧ: ਪੁਲੀਸ ਨੇ 471 ਥਾਵਾਂ ’ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ
ਆਤਿਸ਼ ਗੁਪਤਾ
ਚੰਡੀਗੜ੍ਹ, 17 ਅਪਰੈਲ
ਪੰਜਾਬ ਪੁਲੀਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ 48ਵੇਂ ਦਿਨ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜਾਰੀ ਰੱਖੀ। ਇਸ ਦੌਰਾਨ ਪੁਲੀਸ ਨੇ ਸੂਬੇ ਭਰ ਵਿੱਚ 471 ਥਾਵਾਂ ’ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਤੋਂ ਪੁਲੀਸ ਨੇ 40.9 ਲੱਖ ਰੁਪਏ ਡਰੱਗ ਮਨੀ, 261 ਗ੍ਰਾਮ ਹੈਰੋਇਨ, 699 ਗ੍ਰਾਮ ਅਫੀਮ ਅਤੇ 1997 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਹਨ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕੀਤਾ ਹੈ।
ਸ੍ਰੀ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਦੇ 1200 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀਆਂ 150 ਤੋਂ ਵੱਧ ਪੁਲੀਸ ਟੀਮਾਂ ਨੇ ਅੱਜ ਪੰਜਾਬ ਭਰ ਵਿੱਚ 471 ਥਾਵਾਂ ’ਤੇ ਛਾਪੇਮਾਰੀ ਕਰਕੇ 502 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ 97 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ 97 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 60 ਪੁਲੀਸ ਕੇਸ ਦਰਜ ਕੀਤੇ ਹਨ। ਇਸ ਤੋਂ ਇਲਾਵਾ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਮੁਹਿੰਮ ਤਹਿਤ ਇਲਾਜ ਕਰਵਾਉਣ ਲਈ ਤਿਆਰ ਕੀਤਾ ਹੈ।