‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਸਰਕਾਰ 200 ਮਨੋਵਿਗਿਆਨੀਆਂ ਦੀ ਕਰੇਗੀ ਭਰਤੀ
ਆਤਿਸ਼ ਗੁਪਤਾ
ਚੰਡੀਗੜ੍ਹ, 9 ਜੂਨ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 200 ਮਨੋਵਿਗਿਆਨੀ ਭਰਤੀ ਕੀਤੇ ਜਾਣਗੇ। ਇਹ ਫੈਸਲਾ ਨਸ਼ਿਆਂ ਦੇ ਖਾਤਮੇ ਲਈ ਬਣਾਈ ਕੈਬਨਿਟ ਦੀ ਸਬ-ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਮਨੋਵਿਗਿਆਨੀਆਂ ਦੀ ਭਰਤੀ ਛੇ ਮਹੀਨੇ ਲਈ ਆਰਜ਼ੀ ਤੌਰ ’ਤੇ ਕੀਤੀ ਜਾਵੇਗੀ ਤੇ ਇਸ ਅਰਸੇ ਦੌਰਾਨ ਸਿਹਤ ਵਿਭਾਗ ਵੱਲੋਂ ਮਨੋਵਿਗਿਆਨੀਆਂ ਦੀਆਂ ਰੈਗੂਲਰ ਪੋਸਟਾਂ ’ਤੇ ਭਰਤੀ ਕੀਤੀ ਜਾਵੇਗੀ।
ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਪਹਿਲੀ ਮਾਰਚ 2025 ਤੋਂ ਹੁਣ ਤੱਕ ਸੂਬੇ ਵਿੱਚ 16 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 96 ਦੇ ਕਰੀਬ ਪੁਲੀਸ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਦੇ ਨਾਲ ਨਾਲ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ 1000 ਹੋਰ ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਮਰੀਜ਼ਾਂ ਦੀ ਗਿਣਤੀ ਵਧਣ ’ਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਵੀ ਇੱਕ ਹਜ਼ਾਰ ਬੈੱਡਾਂ ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਹੈ। ਨਿੱਜੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ’ਤੇ ਹੋਣ ਵਾਲੇ ਖਰਚੇ ਦਾ ਭੁਗਤਾਨ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ।
ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਪੁਸ਼ਤ ਪਨਾਹੀ ਕਰਦੀਆਂ ਰਹੀਆਂ ਹਨ ਪਰ ਮੌਜੂਦਾ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਪੰਜਾਬ ਬਣਾ ਕੇ ਦਮ ਲਏਗੀ।