ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਵੜਿੰਗ ਨੇ ਪੰਜਾਬ ਦੀ ਥਾਂ ਰਾਜਸਥਾਨ ਤੋਂ ਬੱਸਾਂ ਦੀਆਂ ਬਾਡੀਆਂ ਬਣਵਾਈਆਂ’

07:48 AM Sep 10, 2023 IST

ਪਾਲ ਸਿੰਘ ਨੌਲੀ
ਜਲੰਧਰ, 9 ਸਤੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਅੱਜ ਦੋਸ਼ ਲਾਇਆ ਕਿ ਉਨ੍ਹਾਂ ਨੇ ਰਾਜਸਥਾਨ ਤੋਂ ਬੱਸਾਂ ਦੀਆਂ ਬਾਡੀਜ਼ ਲਗਵਾ ਕੇ ਕਥਿਤ ਤੌਰ ’ਤੇ ਗੈਰਕਾਨੂੰਨੀ ਢੰਗ ਨਾਲ ਪੈਸੇ ਇਕੱਠੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਘੁਟਾਲੇ ਦੇ ਵੇਰਵੇ ਜਲਦੀ ਹੀ ਨਸ਼ਰ ਕਰਨਗੇ। ਇਹ ਕਥਿਤ ਘਪਲਾ ਪਿਛਲੀ ਕਾਂਗਰਸ ਸਰਕਾਰ ਸਮੇਂ ਰਾਜਾ ਵੜਿੰਗ ਦੇ ਟਰਾਂਸਪੋਰਟ ਮੰਤਰੀ ਰਹਿਣ ਸਮੇਂ ਹੋਇਆ ਦੱਸਿਆ ਜਾ ਰਿਹਾ ਹੈ। ਇਸੇ ਦੌਰਾਨ ਸ੍ਰੀ ਮਾਨ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਨੇਤਾ ਸਨਾਵਰ ਤੇ ਦੂਨ ਵਰਗੇ ਸਕੂਲਾਂ ਤੋਂ ਪੜ੍ਹੇ ਹਨ ਜਿਸ ਕਰਕੇ ਉਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। ਮੁੱਖ ਮੰਤਰੀ ਪੀਏਪੀ ਵਿੱਚ 560 ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇੱਕਠ ਨੂੰ ਸੰਬੋਧਨ ਕਰ ਰਹੇ ਸਨ। ਵਿਰੋਧੀ ਪਾਰਟੀਆਂ ਉੱਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇਤਾਵਾਂ ਦੇ ਪੁਰਖਿਆਂ ਨੇ ਜੱਲ੍ਹਿਆਂਵਾਲਾ ਬਾਗ ਸਾਕੇ ਦੇ ਸਾਜ਼ਿਸ਼ਘਾੜਿਆਂ ਦਾ ਸਨਮਾਨ ਕੀਤਾ ਹੈ, ਅਜਿਹੇ ਨੇਤਾਵਾਂ ਕੋਲ ਉਨ੍ਹਾਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ।

Advertisement

ਮੈਂ ਕਿਸੇ ਵੀ ਜਾਂਚ ਲਈ ਤਿਆਰ: ਰਾਜਾ ਵੜਿੰਗ

ਚੰਡੀਗੜ੍ਹ (ਟਨਸ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਉਹ ਬੱਸਾਂ ਦੀਆਂ ਬਾਡੀਆਂ ਲਗਵਾਉਣ ਦੇ ਮਾਮਲੇ ਵਿੱਚ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਇਸ ਗੱਲ ਦਾ ਪ੍ਰਗਟਾਵਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਐਕਸ’ (ਟਵਿੱਟਰ) ਰਾਹੀਂ ਕੀਤਾ ਹੈ। ਉਨ੍ਹਾਂ ਕਿਹਾ, ‘‘ਡੇਢ ਸਾਲ ਤੋਂ ਸਾਰੀਆਂ ਫਾਈਲਾਂ ਤੁਹਾਡੇ ਕੋਲ ਹਨ, ਤੁਸੀਂ ਜਦ ਮਰਜ਼ੀ ਜਾਂਚ ਕਰਵਾ ਸਕਦੇ ਹੋ। ਅਸੀਂ ਹਰ ਜਾਂਚ ਲਈ ਤਿਆਰ ਹਾਂ।’’ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਸੀ ਕਿ ਰਾਜਾ ਵੜਿੰਗ ਨੇ ਰਾਜਸਥਾਨ ਤੋਂ ਬੱਸਾਂ ਦੀਆਂ ਬਾਡੀਆਂ ਲਗਵਾਉਣ ਮੌਕੇ ਗ਼ੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਇਆ ਹੈ। ਇਸ ਘੁਟਾਲੇ ਦੀ ਜਾਣਕਾਰੀ ਆਉਂਦੇ ਦਿਨਾਂ ’ਚ ਨਸ਼ਰ ਕੀਤੀ ਜਾਵੇਗੀ ਕਿ ਕਿਸ ਤਰ੍ਹਾਂ ਸੂਬੇ ਦਾ ਖਜ਼ਾਨਾ ਲੁੱਟਿਆ ਗਿਆ। ਮਾਨ ਨੇ ਕਿਹਾ ਸੀ ਕਿ ਇਹ ਪਤਾ ਹੋਣ ਦੇ ਬਾਵਜੂਦ ਕਿ ਬੱਸਾਂ ਦੀਆਂ ਬਾਡੀਆਂ ਪੰਜਾਬ ਵਿੱਚ ਲੱਗ ਸਕਦੀਆਂ ਹਨ ਤਾਂ ਬਾਹਰਲੇ ਸੂਬੇ ਤੋਂ ਲਵਾਈਆਂ ਗਈਆਂ। ਵੜਿੰਗ ਨੇ ‘ਐਕਸ’ ਰਾਹੀਂ ਕਿਹਾ ਕਿ ਬੱਸਾਂ ਦੀਆਂ ਬਾਡੀਆਂ ਲਗਾਉਣ ਦੀ ਪ੍ਰਕਿਰਿਆ ਓਪਨ ਆਨਲਾਈਨ ਟੈਂਡਰ ਰਾਹੀਂ ਪੂਰੀ ਕੀਤੀ ਗਈ ਸੀ, ਜਿਸ ’ਚ ਦੇਸ਼ ਦੇ ਕਿਸੇ ਵੀ ਸੂਬੇ ਦੀ ਯੋਗ ਕੰਪਨੀ ਹਿੱਸਾ ਲੈ ਸਕਦੀ ਸੀ। ਇਹ ਸਾਰੀ ਪ੍ਰਕਿਰਿਆ ਲਈ ਕਾਨੂੰਨ ਮੁਤਾਬਕ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਵਾਲੀ ਕੰਪਨੀ ਨੂੰ ਟੈਂਡਰ ਮਿਲ ਜਾਂਦੇ ਹਨ। ਬੱਸਾਂ ’ਤੇ ਬਾਡੀ ਲਗਾਉਣ ਲਈ ਜਾਰੀ ਕੀਤੇ ਟੈਂਡਰ ਦੀ ਪ੍ਰਕਿਰਿਆ ’ਚ ਵੀ ਇਸੇ ਤਰ੍ਹਾਂ ਹੋਇਆ ਹੈ।

ਮਜੀਠੀਆ ਵੱਲੋਂ ਮੁੱਖ ਮੰਤਰੀ ਨੂੰ ਮੋੜਵਾਂ ਜਵਾਬ

ਅੰਮ੍ਰਿਤਸਰ (ਟਨਸ): ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਚੁਣੌਤੀ ਦਾ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ, ‘‘ਤੂੰ ਇਧਰ ਉਧਰ ਕੀ ਨਾ ਬਾਤ ਕਰ, ਬਤਾ ਪੰਜਾਬ ਕਾ ਯੇ ਹਾਲ ਕਯੂੰ ਹੁਆ।’’ ਉਨ੍ਹਾਂ ਦੋਸ਼ ਲਾਇਆ ਕਿ ਕਾਲਜ ਵਿਚ ਪੜ੍ਹਾਈ ਵਿਚਾਲੇ ਛੱਡਣ ਵਾਲਾ ਵਿਅਕਤੀ ਸਾਨੂੰ ਮਾਂ ਬੋਲੀ ਪੰਜਾਬੀ ਦੀ ਸੇਵਾ ਦਾ ਗਿਆਨ ਵੰਡ ਰਿਹਾ ਹੈ। ਮੁੱਖ ਮੰਤਰੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਹਾਸ ਵਿਅੰਗ 2022 ਦੀਆਂ ਚੋਣਾਂ ਤੱਕ ਸਫਲ ਸੀ ਕਿਉਂਕਿ ਪੰਜਾਬੀਆਂ ਨੂੰ ਇਸ ਬਾਰੇ ਕੁਝ ਵੀ ਪਤਾ ਨਹੀਂ ਸੀ। ਉਨ੍ਹਾਂ ਕਿਹਾ ਕਿ ਸੂਬਾ ਚਲਾਉਣਾ ਕਾਮੇਡੀ ਸਰਕਸ ਨਹੀਂ ਹੈ। ਇਸੇ ਕਾਰਨ ਉਨ੍ਹਾਂ ਅਰਵਿੰਦ ਕੇਜਰੀਵਾਲ ਦੇ ਹਵਾਲੇ ਸੂਬੇ ਦੀ ਵਾਗਡੋਰ ਸੌਂਪ ਦਿੱਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਸੂਬਾ ਚਲਾਉਣ ਵਿਚ ਗੰਭੀਰ ਹੋ ਜਾਣ ਨਹੀਂ ਤਾਂ ਸੂਬੇ ਨੂੰ ਉਨ੍ਹਾਂ ਦੀ ਡਰਾਮੇਬਾਜ਼ੀ ਦੀ ਵੱਡੀ ਕੀਮਤ ਤਾਰਨੀ ਪਵੇਗੀ।

Advertisement

Advertisement