For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਸੰਸਦ ਮੈਂਬਰਾਂ, ਮੰਤਰੀਆਂ ਤੇ ਵਿਧਾਇਕਾਂ ਨੂੰ ਚਿਤਾਵਨੀ ਪੱਤਰ

07:38 AM Aug 20, 2023 IST
ਕਿਸਾਨਾਂ ਵੱਲੋਂ ਸੰਸਦ ਮੈਂਬਰਾਂ  ਮੰਤਰੀਆਂ ਤੇ ਵਿਧਾਇਕਾਂ ਨੂੰ ਚਿਤਾਵਨੀ ਪੱਤਰ
ਸੰਗਰੂਰ ’ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 19 ਅਗਸਤ
ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਸੰਸਦ ਮੈਂਬਰ ਪ੍ਰਨੀਤ ਕੌਰ ਸਣੇ ਦੋਵੇਂ ਮੰਤਰੀਆਂ ਡਾ. ਬਲਬੀਰ ਤੇ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕਾਂ ਅਜੀਤਪਾਲ ਕੋਹਲੀ, ਨੀਨਾ ਮਿੱਤਲ, ਕੁਲਵੰੰਤ ਸਿੰਘ, ਗੁਰਲਾਲ ਘਨੌਰ ਅਤੇ ਦੇਵ ਮਾਨ ਦੇ ਘਰੀਂ ਦਸਤਕ ਦਿੰਦਿਆਂ ਘਿਰਾਓ ਵੀ ਕੀਤੇ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਫੌਰੀ ਰਾਹਤ ਯਕੀਨੀ ਬਣਾਉਣ ਲਈ ਮੰਗ/ਚਿਤਾਵਨੀ ਪੱਤਰ ਸੌਂਪ ਕੇ ਕੇਂਦਰ ਤੋਂ ਹੜ੍ਹਾਂ ਨੂੰ ਕੌਮੀ ਆਫਤ ਐਲਾਨ ਕੇ ਪੰਜਾਬ ਲਈ ਦਸ ਹਜ਼ਾਰ ਕਰੋੜ ਦਾ ਵਿਸ਼ੇਸ਼ ਰਾਹਤ ਪੈਕੇਜ ਮੰਗਿਆ। ਨੁਕਸਾਨ ਦੀ ਭਰਪਾਈ ਲਈ ਨਿਯਮਾਂ ’ਚ ਛੋਟ ਦੀ ਮੰਗ ਕਰਦਿਆਂ, ਪੰਦਰਾਂ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਨਾ ਕਾਫੀ ਗਰਦਾਨਿਆ। ਉਨ੍ਹਾਂ ਕਿਹਾ ਕਿ ਹੜ੍ਹ ਇਕੱਲੀ ਕੁਦਰਤੀ ਕਰੋਪੀ ਹੀ ਨਹੀਂ, ਬਲਕਿ ਪ੍ਰਬੰਧਾਂ ’ਚ ਤੋਟ ਕਾਰਨ ਪੈਦਾ ਹੋਈ ਆਫ਼ਤ ਵੀ ਹੈ।
ਇਨ੍ਹਾਂ ਐਕਸ਼ਨਾਂ ਦੀ ਅਗਵਾਈ ਮੋਰਚਾ ਦੇ ਆਗੂਆਂ ਸਤਨਾਮ ਬਹਿਰੂ, ਬੂਟਾ ਸ਼ਾਦੀਪੁਰ, ਰਾਮਿੰਦਰ ਪਟਿਆਲਾ ਤੇ ਧਰਮਪਾਲ ਸੀਲ ਸਮੇਤ ਗੁਰਮੀਤ ਦਿੱਤੂਪੁਰ, ਹਰਭਜਨ ਬੱੁਟਰ, ਦਵਿੰਦਰ ਪੂਨੀਆ, ਰਮੇਸ਼ ਆਜ਼ਾਦ, ਕੁਲਵੰਤ ਮੌਲਵੀਵਾਲਾ, ਰਾਮ ਸਿੰਘ ਮਟੋਰੜਾ, ਜਗਮੇਲ ਸੁੱਧੇਵਾਲ, ਦਵਿੰਦਰ ਪੂਨੀਆ, ਦਲਜਿੰਦਰ ਹਰਿਆਊ, ਦਲਜੀਤ ਚੱਕ, ਜਸਵੀਰ ਖੇੜੀ, ਗੁਰਬਖਸ਼ ਧਨੇਠਾ, ਰਣਜੀਤ ਆਕੜ, ਰਾਮਚੰਦ ਚੁਨਾਗਰਾ, ਕਰਨੈਲ ਲੰਗ ਤੇ ਜਸਵੀਰ ਫਤਿਹਪੁਰ ਆਦਿ ਨੇ ਕੀਤੀ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ ਅੱਜ ਇੱਥੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਚਿਤਾਵਨੀ ਪੱਤਰ ਸੌਂਪਿਆ ਗਿਆ। ਧਰਨਾਕਾਰੀ ਪੰਜਾਬ ਵਿਚ ਹੜ੍ਹਾਂ ਕਾਰਨ ਹੋਈ ਵਿਆਪਕ ਤਬਾਹੀ ਦੇ ਮੁਆਵਜ਼ੇ ਅਤੇ ਹੜ੍ਹਾਂ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਦੀ ਮੰਗ ਕਰ ਰਹੇ ਸਨ।
ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਕਿਸਾਨ ਸਥਾਨਕ ਅਨਾਜ ਮੰਡੀ ਵਿਚ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਰੇਲਵੇ ਚੌਂਕ ਵਿਚ ਸਥਿਤ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਅੱਗੇ ਪੁੱਜੇ ਅਤੇ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੂਬਾਈ ਕਿਸਾਨ ਆਗੂ ਗੁਰਮੀਤ ਸਿੰਘ ਭੱਟੀਵਾਲ, ਊਧਮ ਸਿੰਘ ਸੰਤੋਖਪੁਰਾ, ਇੰਦਰਪਾਲ ਸਿੰਘ ਪੁੰਨਾਂਵਾਲ, ਗੁਰਦੀਪ ਸਿੰਘ ਬਡਰੁੱਖਾਂ, ਲਾਭ ਸਿੰਘ ਨਮੋਲ, ਮੁਹੰਮਦ ਖਲੀਲ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਹੜ੍ਹ ਪੀੜਤਾਂ ਦੀਆਂ ਮੰਗਾਂ ਮੰਨਣ ’ਚ ਕੋਈ ਢਿੱਲ ਵਰਤੀ ਤਾਂ ਸੰਯੁਕਤ ਕਿਸਾਨ ਮੋਰਚਾ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਵੇਗਾ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਨੇ ਵਿਧਾਇਕ ਦੇ ਦਫ਼ਤਰ ਦਾ ਘਿਰਾਓ ਕਰ ਕੇ ਹੜ੍ਹਾਂ ਦੀ ਮਾਰ ਸਹਿ ਰਹੇ ਲੋਕਾਂ ਨੂੰ ਫੌਰੀ ਰਾਹਤ ਪੈਕੇਜ ਦੇਣ ਦੀ ਮੰਗ ਕੀਤੀ। ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਦਰਿਆਵਾਂ ਦੇ ਬੰਨ੍ਹ, ਨਦੀਆਂ-ਨਾਲਿਆਂ ਦੀ ਸਾਫ਼-ਸਫ਼ਾਈ ਵੱਲ ਬੇਧਿਆਨੀ ਵੀ ਹੜ੍ਹਾ ਦਾ ਇੱਕ ਕਾਰਨ ਹੈ। ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਕਾਗਜ਼ੀ ਐਲਾਨ ਹਨ ਜਦੋਂਕਿ ਜ਼ਮੀਨੀ ਪੱਧਰ ’ਤੇ ਅਧਿਕਾਰੀਆਂ ਵਲੋਂ ਅਣਗਹਿਲੀ ਵਰਤੀ ਜਾ ਰਹੀ ਹੈ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਮਾਲੇਰਕੋਟਲਾ ਜ਼ਿਲ਼੍ਹਾ ਦੇ ਆਗੂਆਂ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਹੋਰਨਾਂ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜ਼ਮੀਲ ਉਰ ਰਹਿਮਾਨ ਦੇ ਨਿੱਜੀ ਸਹਾਇਕ ਨੂੰ ਮੰਗ ਪੱਤਰ ਦਿੱਤਾ। ਮੰਗ ਪੱਤਰ ਦੇਣ ਵਾਲਿਆਂ ਵਿੱਚ ਬੀਕੇਯੂ ਏਕਤਾ (ਡਕੌਂਦਾ) ਦੇ ਬੂਟਾ ਖਾਂ, ਕੁਲ ਹਿੰਦ ਕਿਸਾਨ ਸਭਾ ਦੇ ਭਰਪੂਰ ਸਿੰਘ ਬੂਲਾਪੁਰ, ਬੀਕੇਯੂ (ਕਾਦੀਆਂ) ਦੇ ਜਗਦੀਸ਼ ਸਿੰਘ ਚੌਂਦਾ ਆਦਿ ਸ਼ਾਮਲ ਸਨ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਹਲਕਾ ਲਹਿਰਾ ਦੇ ਵਿਧਾਇਕ ਬਰਿੰਦਰ ਗੋਇਲ ਦੇ ਸਥਾਨਕ ਅਨਾਜ ਮੰਡੀ ਦਫ਼ਤਰ ਅੱਗੇ 11 ਤੋਂ 4 ਵਜੇ ਤੱਕ ਧਰਨਾ ਦੇ ਕੇ ਵਿਧਾਇਕ ਨੂੰ ਚਿਤਾਵਨੀ ਪੱਤਰ ਸੌਂਪਿਆ ਗਿਆ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਫੌਰੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਸੰਯੁਕਤ ਕਿਸਾਨ ਮੋਰਚਾ ਇਕਾਈ ਸੁਨਾਮ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਨਾਅਰੇਬਾਜ਼ੀ ਕੀਤੀ ਗਈ ਤੇ ਮੰਗ ਪੱਤਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਕਿਸਾਨ ਆਗੂ ਹਰਦੇਵ ਸਿੰਘ ਬਖਸ਼ੀਵਾਲਾ, ਸੰਤ ਰਾਮ ਛਾਜਲੀ, ਵਰਿੰਦਰ ਕੌਸ਼ਿਕ ਆਦਿ ਨੇ ਯੋਗ ਮੁਆਵਜ਼ੇ ਦੀ ਮੰਗ ਰੱਖੀ ਹੈ।

Advertisement

ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਜਲਦੀ ਮੁਆਵਜ਼ਾ ਦੇਵੇਗੀ ਸਰਕਾਰ: ਜੌੜਾਮਾਜਰਾ

ਸਮਾਣਾ (ਸੁਭਾਸ਼ ਚੰਦਰ/ਅਸ਼ਵਨੀ ਗਰਗ): ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਵਰਕਰਾਂ ਤੇ ਆਗੁੂਆਂ ਨੇ ਸਮਾਣਾ ਦੇ ਰੈਸਟ ਹਾਊਸ ਨੇੜੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੋਂ ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਇਸ ਮੌਕੇ ਧਰਨਾਕਾਰੀਆਂ ਨੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਸਬੰਧੀ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਸਰਕਾਰ ਨੇ ਜਾਨੀ ਨੁਕਸਾਨ ਦੇ ਚੈੱਕ 15 ਅਗਸਤ ਤੋਂ ਪਹਿਲਾਂ ਦੇਣੇ ਸ਼ੁਰੂ ਕਰ ਦਿੱਤੇ ਸਨ। ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਸਰਕਾਰ ਕਿਸਾਨਾਂ-ਮਜ਼ਦੂਰਾਂ ਨੂੰ ਜਲਦੀ ਮੁਆਵਜ਼ਾ ਦੇਵੇਗੀ।

Advertisement

ਭਾਖੜਾ ਡੈਮ ਤੋਂ ਛੱਡੇ ਪਾਣੀ ਦੀ ਜਾਂਚ ਮੰਗੀ

ਧੂਰੀ (ਹਰਦੀਪ ਸਿੰਘ ਸੋਢੀ/ਪਵਨ ਵਰਮਾ): ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਦਫ਼ਤਰ ਵਿੱਚ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਦਾ ਮੰਗ ਪੱਤਰ ਦਿੱਤਾ। ਇਸ ਤੋਂ ਪਹਿਲਾਂ ਧੂਰੀ ਅਨਾਜ ਮੰਡੀ ਅੰਦਰ ਕੁੱਲ ਹਿੰਦ ਕਿਸਾਨ ਸਭਾ ਦੇ ਸੁਭਾਈ ਆਗੂ ਮੇਜਰ ਸਿੰਘ ਪੁੰਨਾਵਾਲ, ਅਮਰੀਕ ਸਿੰਘ ਕਾਂਝਲਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਭਾਖੜਾ ਡੈਮ ਤੋਂ ਛੱਡੇ ਪਾਣੀ ਦੀ ਜਾਂਚ ਹੋਣੀ ਚਾਹੀਦੀ ਹੈ।

ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਾਏ

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਸੰਯੁਕਤ ਕਿਸਾਨ ਮੋਰਚੇ ਦੀਆਂ ਸੱਤ ਕਿਸਾਨ ਜਥੇਬੰਦੀਆਂ ਨੇ ਹੜ੍ਹਾਂ ਕਾਰਨ ਹੋਏ ਖ਼ਰਾਬੇ ਦੇ ਮੁਆਵਜ਼ੇ ਲਈ ਵਿਧਾਇਕਾ ਨੀਨਾ ਮਿੱਤਲ ਨੂੰ ਚਿਤਾਵਨੀ ਪੱਤਰ ਦੇਣ ਲਈ ਇੱਥੋਂ ਦੇ ਫੁਆਰਾ ਚੌਕ ’ਚ ਇਕੱਤਰਤਾ ਕੀਤੀ। ਇਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜਿਵੇਂ ਹੀ ਕਿਸਾਨਾਂ ਦਾ ਕਾਫ਼ਲਾ ਵਿਧਾਇਕਾ ਨੀਨਾ ਮਿੱਤਲ ਦੇ ਘਰ ਵੱਲ ਵਧਿਆ ਤਾਂ ਪੁਲੀਸ ਨੇ ਬੈਰੀਕੇਡ ਲਗਾ ਦਿੱਤੇ। ਕਿਸਾਨ ਪੁਲੀਸ ਦੀਆਂ ਰੋਕਾਂ ਤੋੜ ਕੇ ਵਿਧਾਇਕਾ ਨੀਨਾ ਮਿੱਤਲ ਦੇ ਦਰਵਾਜ਼ੇ ਤੱਕ ਪਹੁੰਚ ਗਏ ਜਿੱਥੇ ਵਿਧਾਇਕ ਨੇ ਵਫ਼ਦ ਤੋਂ ਮੰਗ ਪੱਤਰ ਲਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਛੇਤੀ ਹੀ ਕਿਸਾਨਾਂ ਦੀਆਂ ਜਾਇਜ਼ ਮੰਗਾਂ ’ਮੇ ਅਮਲ ਕਰੇਗੀ।

Advertisement
Author Image

Advertisement