ਕੰਪਿਊਟਰ ਅਧਿਆਪਕਾਂ ਵੱਲੋਂ ਮਰਨ ਵਰਤ ਦੀ ਚਿਤਾਵਨੀ
ਗੁਰਦੀਪ ਲਾਲੀ
ਸੰਗਰੂਰ, 7 ਸਤੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਰਾਜ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਸ਼ੁਰੂ ਕੀਤੀ ਬੇਮਿਆਦੀ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ ਰਹੀ। ਕੰਪਿਊਟਰ ਅਧਿਆਪਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਭੁੱਖ ਹੜਤਾਲ ਨੂੰ ਮਰਨ ਵਰਤ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਦੇ ਅੱਜ ਸੱਤਵੇਂ ਦਿਨ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਜੌਨੀ ਸਿੰਗਲਾ ਬਠਿੰਡਾ ਭੁੱਖ ਹੜਤਾਲ ’ਤੇ ਬੈਠੇ, ਜਦੋਂ ਕਿ ਸਾਥੀ ਕੰਪਿਊਟਰ ਅਧਿਆਪਕ ਧਰਨੇ ’ਤੇ ਡਟੇ ਰਹੇ। ਇਸ ਮੌਕੇ ਬਠਿੰਡਾ ਤੋਂ ਪ੍ਰਦੀਪ ਮਲੂਕਾ ਅਤੇ ਇਕਬਾਲ ਸਿੰਘ ਬਰਾੜ, ਫ਼ਤਹਿਗੜ੍ਹ ਸਾਹਿਬ ਤੋਂ ਜਸਪਾਲ ਸਿੰਘ, ਤਰਨ ਤਾਰਨ ਤੋਂ ਗੁਰਪ੍ਰੀਤ ਸਿੰਘ ਅਤੇ ਅਮਨਪ੍ਰੀਤ ਸਿੰਘ, ਮੋਗਾ ਤੋਂ ਕੁਲਵਿੰਦਰ ਸਿੰਘ, ਬਰਨਾਲਾ ਤੋਂ ਵਿਪੁਲ ਗੋਇਲ, ਰਾਜਪੁਰਾ ਤੋਂ ਬਿੰਦੂ ਸ਼ਰਮਾ, ਭਵਾਨੀਗੜ੍ਹ ਤੋਂ ਹਰਜਿੰਦਰ ਸਿੰਘ ਅਤੇ ਕਿਰਨਜੀਤ ਸਿੰਘ ਮੌਜੂਦ ਸਨ।
ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਸਾਲ 2011 ਵਿੱਚ ਉਨ੍ਹਾਂ ਨੂੰ ਮਿਲੇ ਰੈਗੂਲਰ ਆਰਡਰਾਂ ਅਨੁਸਾਰ ਉਨ੍ਹਾਂ ਦੇ ਸਾਰੇ ਬਣਦੇ ਹੱਕ ਬਹਾਲ ਕੀਤੇ ਜਾਣ, ਉਨ੍ਹਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦਿੰਦਿਆਂ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਨ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦੀ ਵਿੱਤੀ ਸਹਾਇਤਾ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਪ੍ਰੀਤ ਕਮਲ ਜੋਸ਼ੀ, ਸਨਿੰਦਰ ਕੌਰ, ਰੁਪਿੰਦਰ ਕੌਰ, ਅਮਰਜੀਤ ਕੌਰ, ਬਲਜੀਤ ਕੌਰ ਭਵਾਨੀਗੜ੍ਹ ਆਦਿ ਸ਼ਾਮਲ ਸਨ।