ਪੁਲੀਸ ਦੀਆਂ ਧੱਕੇਸ਼ਾਹੀਆਂ ਖਿਲਾਫ਼ ਸੰਘਰਸ਼ ਦੀ ਚਿਤਾਵਨੀ
ਜਗਜੀਤ ਸਿੰਘ
ਮੁਕੇਰੀਆਂ, 5 ਜੂਨ
ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਵੱਲੋਂ ਪੁਲੀਸ ਦੀਆਂ ਧੱਕੇਸ਼ਾਹੀਆਂ ਤੇ ਲੁਧਿਆਣਾ ਦੇ ਪਿੰਡਾਂ ਦੀ ਹਜ਼ਾਰਾਂ ਏਕੜ ਜ਼ਮੀਨ ਅਕੁਆਇਰ ਕਰਨ ਲਈ ਅਖ਼ਤਿਆਰ ਕੀਤੀ ਜਾ ਰਹੀ ਨੀਤੀ ਖ਼ਿਲਾਫ਼ ਲਾਮਬੰਦੀ ਲਈ ਜਥੇਬੰਦੀ ਦੀ ਮੀਟਿੰਗ ਭੰਗਾਲਾ ਦਫ਼ਤਰ ਵਿੱਚ ਕੀਤੀ। ਇਸ ਦੀ ਪ੍ਰਧਾਨਗੀ ਸੀਨੀਅਰ ਕਿਸਾਨ ਆਗੂ ਗੁਰਬਚਨ ਸਿੰਘ ਸਹੋਤਾ, ਪ੍ਰਧਾਨ ਨਾਨਕ ਸਿੰਘ ਪੁਰਾਣਾ ਭੰਗਾਲਾ, ਜ਼ੋਨ ਪ੍ਰਧਾਨ ਕੁਲਵਿੰਦਰ ਸਿੰਘ ਮੰਝਪੁਰ, ਇਕਾਈ ਪ੍ਰਧਾਨ ਸਰਵਣ ਸਿੰਘ ਕੋਟਲੀ ਖਾਸ, ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ ਨੇ ਕੀਤੀ।
ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਅਧਿਆਪਕ ਨਰਿੰਦਰਦੀਪ ਸਿੰਘ ਦਾ ਸੀਆਈਏ ਸਟਾਫ ਵੱਲੋਂ ਕੀਤਾ ਕਥਿਤ ਕਤਲ ਪੁਲੀਸ ਧੱਕੇਸ਼ਾਹੀ ਦੀ ਮਿਸਾਲ ਹੈ। ਸੂਬਾ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਅਧੀਨ 42 ਪਿੰਡਾਂ ਦੇ ਕਿਸਾਨਾਂ ਦੀ 24,311 ਏਕੜ ਜ਼ਮੀਨ ਐਕੁਆਇਰ ਕਰਵਾ ਕੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਉੱਤੇ ਅਮੀਰ ਕਾਰਪੋਰੇਟ ਘਰਾਣਿਆਂ ਦਾ ਕਰਵਾਉਣ ਦੀ ਕੋਸ਼ਿਸ ਕਿਸਾਨੀ ਤਬਾਹ ਕਰਨ ਵਾਲੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਨਜ਼ਰਬੰਦ ਕਰਨਾ ਤੇ ਕਿਸਾਨ ਆਗੂ ਕਾਕਾ ਸਿੰਘ ਕੋਟਲਾ ਸਣੇ ਪਿੰਡ ਦੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹਾਂ ਵਿੱਚ ਬੰਦ ਕਰਨਾ ਪੁਲੀਸ ਦੀ ਧੱਕੇਸ਼ਾਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਦੀ ਸ਼ਹਿ ’ਤੇ ਪੁਲੀਸ ਨੇ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਜਥੇਬੰਦੀ ਸੂਬਾ ਪੱਧਰੀ ਸੰਘਰਸ਼ ਛੇੜ ਦੇਵੇਗੀ।