ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦੀ ਚਿਤਾਵਨੀ
ਗੁਰਦੀਪ ਸਿੰਘ ਲਾਲੀ
ਸੰਗਰੂਰ, 9 ਸਤੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਇਥੇ ਡੀਸੀ ਦਫ਼ਤਰ ਅੱਗੇ ਸ਼ੁਰੂ ਕੀਤੀ ਗਈ ਬੇਮਿਆਦੀ ਭੁੱਖ ਹੜਤਾਲ ਦੇ 9ਵੇਂ ਦਿਨ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ 11 ਸਤੰਬਰ ਨੂੰ ਵਿੱਤ ਮੰਤਰੀ ਨਾਲ ਤੈਅ ਹੋਈ ਮੀਟਿੰਗ ਰੱਦ ਹੋਈ ਜਾਂ ਬੇਸਿੱਟਾ ਰਹੀ ਤਾਂ 14 ਸਤੰਬਰ ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਰੈਲੀ ਕਰਕੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਨਾਅਰੇਬਾਜ਼ੀ ਕਰਦਿਅਆਂ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਪਰਮਵੀਰ ਸਿੰਘ, ਪ੍ਰਦੀਪ ਮਲੂਕਾ, ਰਜਵੰਤ ਕੌਰ ਅਤੇ ਰਣਜੀਤ ਸਿੰਘ ਨੇ ਦੱਸਿਆ ਕਿ 11 ਸਤੰਬਰ ਨੂੰ ਸੰਘਰਸ਼ ਕਮੇਟੀ ਪੰਜਾਬ ਦੀ ਪੈਨਲ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਤੈਅ ਹੋਈ ਹੈ, ਜਿਸ ਵਿਚ ਕੰਪਿਊਟਰ ਅਧਿਆਪਕਾਂ ਨੂੰ ਬਿਨਾ ਸ਼ਰਤ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਕੇ ਸਾਰੇ ਬਣਦੇ ਹੱਕ ਅਤੇ ਲਾਭ ਦੇਣ ਦੀ ਮੰਗ ਰੱਖੀ ਜਾਵੇਗੀ।
ਮੀਟਿੰਗ ’ਚ ਭਰੋਸਾ ਲੈਣ ਦੀ ਬਜਾਏ ਸਪੱਸ਼ਟ ਤੌਰ ’ਤੇ ਮੰਗਾਂ ਦਾ ਹੱਲ ਕਰਨ ’ਤੇ ਹੀ ਸਹਿਮਤੀ ਬਣਾਈ ਜਾਵੇਗੀ। ਜੇ ਮੀਟਿੰਗ ਰੱਦ ਹੁੰਦੀ ਹੈ ਜਾਂ ਬੇਸਿੱਟਾ ਰਹਿੰਦੀ ਹੈ ਤਾਂ ਆਰ-ਪਾਰ ਦੀ ਲੜਾਈ ਸ਼ੁਰੂ ਕਰਦਿਆਂ 14 ਸਤੰਬਰ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਇਸ ਐਕਸ਼ਨ ਵਿਚ ਲਾਜ਼ਮੀ ਤੌਰ ’ਤੇ ਸ਼ਾਮਲ ਹੋਣ ਦਾ ਸੱਦਾ ਦਿੱਤਾ।