ਸੰਯੁਕਤ ਕਿਸਾਨ ਮੋਰਚਾ ਵੱਲੋਂ ਸਰਕਾਰ ਨੂੰ ਚਿਤਾਵਨੀ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਅਗਸਤ
ਇੱਥੇ ਅੱਜ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਕਿਸਾਨਾਂ ਨੂੰ ਆਉਣ ਵਾਲੇ ਕੁੱਝ ਦਿਨਾਂ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਦਿੱਤਾ ਤਾਂ ਸੰਯੁਕਤ ਕਿਸਾਨ ਮੋਰਚਾ ਵੱਡਾ ਸੰਘਰਸ਼ ਵਿੱਢੇਗਾ। ਇੱਥੇ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 16 ਜਥੇਬੰਦੀਆਂ ਦੀ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿੱੱਚ ਮਲੂਕ ਸਿੰਘ ਹੀਰਕੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਅਤੇ ਖਾਸ ਕਰਕੇ ਹੜ੍ਹਾਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਵਿਚਾਰਾਂ ਹੋਈਆਂ।
ਮੀਟਿੰਗ ਵਿੱਚ ਹੜ੍ਹਾਂ ਨਾਲ ਪੰਜਾਬ ਦੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਪੰਜਾਬ ਤੇ ਕੇਂਦਰ ਸਰਕਾਰ ਨੂੰ ਜਲਦੀ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਕਿਹਾ ਗਿਆ ਕਿ ਹੜ੍ਹਾਂ ਨਾਲ ਜਿਹੜੇ ਕਿਸਾਨਾਂ ਦੀਆਂ ਪੈਲੀਆਂ ਵਿੱਚ ਰੇਤਾ ਜਾਂ ਮਿੱਟੀ ਭਰ ਗਈ ਹੈ ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਮਾਲਕੀ ਜ਼ਮੀਨ ਵਿੱਚੋਂ ਮਿੱਟੀ ਅਤੇ ਰੇਤਾ ਚੁੱਕਣ ਦੀ ਇਜਾਜ਼ਤ ਦੇਵੇ ਤਾਂ ਜੋ ਕਿਸਾਨ ਜ਼ਮੀਨਾਂ ਵਿੱਚ ਫ਼ਸਲਾਂ ਦੀ ਬਿਜਾਈ ਕਰ ਸਕਣ। ਉਨ੍ਹਾਂ ਕਿਹਾ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੂੰ ਬਦਨਾਮ ਕਰਨ ਤੇ ਤੋੜਨ ਲਈ ਸਰਕਾਰਾਂ ਅਤੇ ਏਜੰਸੀਆਂ ਦਾ ਜ਼ੋਰ ਲੱਗਿਆ ਹੋਇਆ ਹੈ ਪਰ ਮੋਰਚਾ ਹਮੇਸ਼ਾ ਚੜ੍ਹਦੀਕਲਾ ਵਿੱਚ ਹੈ ਤੇ ਰਹੇਗਾ। ਮੀਟਿੰਗ ਵਿੱਚ ਫੁਰਮਾਨ ਸਿੰਘ ਸੰਧੂ, ਗੁਰਜੀਤ ਸਿੰਘ, ਮਨਜੀਤ ਸਿੰਘ ਰਾਏ, ਬਿੰਦਰ ਸਿੰਘ ਗੋਲੇਵਾਲ, ਸਤਨਾਮ ਸਿੰਘ ਬਹਿਰੂ, ਕੁਲਦੀਪ ਸਿੰਘ ਵਜੀਦਪੁਰ, ਪ੍ਰਮਿੰਦਰ ਸਿੰਘ ਪਾਲ ਮਾਜਰਾ, ਬਲਵਿੰਦਰ ਸਿੰਘ ਮੱਲੀ ਨੰਗਲ, ਜੰਗਵੀਰ ਸਿੰਘ ਚੌਹਾਨ, ਸਤਨਾਮ ਸਿੰਘ ਸਾਹਨੀ, ਹਰਬੰਸ ਸਿੰਘ ਛਾਦੀਪੁਰ ਅਤੇ ਸੁੱਖ ਗਿੱਲ ਤੋਤਾ ਸਿੰਘ ਵਾਲਾ ਹਾਜ਼ਰ ਸਨ।