For the best experience, open
https://m.punjabitribuneonline.com
on your mobile browser.
Advertisement

ਜਲ ਸੰਕਟ: ‘ਆਪ’ ਵਿਧਾਇਕਾਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਪੱਤਰ

10:36 AM Jun 16, 2024 IST
ਜਲ ਸੰਕਟ  ‘ਆਪ’ ਵਿਧਾਇਕਾਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਪੱਤਰ
ਗੀਤਾ ਕਲੋਨੀ ਵਿੱਚ ਟੈਂਕਰ ’ਚੋਂ ਪਾਣੀ ਭਰਦੇ ਹੋਏ ਲੋਕ। -ਫੋਟੋ: ਪੀਟੀਆਈ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 15 ਜੂਨ
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੂੰ ਪੱਤਰ ਲਿਖ ਕੇ ਦਿੱਲੀ ਵਿੱਚ ਪੈਦਾ ਹੋਏ ਪਾਣੀ ਦੇ ਸੰਕਟ ਨਾਲ ਨਜਿੱਠਣ ਲਈ ਉਨ੍ਹਾਂ ਦੀ ਮਦਦ ਮੰਗੀ ਹੈ। ਵਿਧਾਇਕਾਂ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਦਿੱਲੀ ਨੂੰ ਪਾਣੀ ਦੇ ਸੰਕਟ ’ਚੋਂ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਪਰ ਯਮੁਨਾ ਵਿੱਚ ਪਾਣੀ ਘੱਟ ਮਿਲਣ ਕਾਰਨ ਦਿੱਲੀ ਦੀਆਂ ਲੋੜਾਂ ਪੂਰੀਆਂ ਨਹੀਂ ਹੋ ਰਹੀਆਂ। ਵਿਧਾਇਕਾਂ ਨੇ ਕਿਹਾ ਹੈ ਕਿ ਇਹ ਸਾਰਾ ਮਾਮਲਾ ਹਰਿਆਣਾ, ਹਿਮਾਚਲ, ਦਿੱਲੀ ਅਤੇ ਉੱਤਰ ਪ੍ਰਦੇਸ਼ ਦਾ ਹੈ। ਜੇ ਪਾਟਿਲ ਅੰਤਰਰਾਜੀ ਤਾਲਮੇਲ ਦੀ ਜ਼ਿੰਮੇਵਾਰੀ ਸੰਭਾਲ ਲੈਣ ਤਾਂ ਦਿੱਲੀ ਨੂੰ ਪਾਣੀ ਦੇ ਸੰਕਟ ਤੋਂ ਬਚਾਇਆ ਜਾ ਸਕਦਾ ਹੈ। ‘ਆਪ’ ਵਿਧਾਇਕਾਂ ਨੇ ਅੱਜ ਸੀਆਰ ਪਾਟਿਲ ਨੂੰ ਮਿਲਣ ਦਾ ਸਮਾਂ ਵੀ ਮੰਗਿਆ ਹੈ, ਤਾਂ ਜੋ ਉਹ ਸਾਰਾ ਮਾਮਲਾ ਉਨ੍ਹਾਂ ਦੇ ਸਾਹਮਣੇ ਪੇਸ਼ ਕਰ ਸਕਣ। ‘ਆਪ’ ਵਿਧਾਇਕ ਦਲੀਪ ਪਾਂਡੇ ਨੇ ਕਿਹਾ, ‘‘ਅਸੀਂ ਉਮੀਦ ਕਰਦੇ ਹਾਂ ਕਿ ਸੀਆਰ ਪਾਟਿਲ ਇਸ ਮਾਮਲੇ ’ਚ ਦਖਲ ਦੇ ਕੇ ਦਿੱਲੀ ਨੂੰ ਜਲਦੀ ਰਾਹਤ ਦੇਣਗੇ।’’ ਉਨ੍ਹਾਂ ਨੇ ਪਾਣੀਆਂ ਦੇ ਮੁੱਦੇ ’ਤੇ ਰਾਜਨੀਤੀ ਕਰ ਰਹੇ ਵਿਰੋਧੀ ਧਿਰ ਦੇ ਆਗੂਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਮੁੱਦੇ ’ਤੇ ਸਿਆਸਤ ਕਰਨਾ ਬਹੁਤ ਮੰਦਭਾਗਾ ਹੈ।
ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਇਕ ਦਲੀਪ ਪਾਂਡੇ ਨੇ ਦਿੱਲੀ ਵਿੱਚ ਪਾਣੀ ਦੇ ਸੰਕਟ ਸਬੰਧੀ ਅੱਜ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈਸ ਕਾਨਫਰੰਸ ਕੀਤੀ। ਪਾਂਡੇ ਨੇ ਕਿਹਾ ਕਿ ਦਿੱਲੀ ਵਿੱਚ ਪਾਣੀ ਦੀ ਘੱਟ ਸਪਲਾਈ ਕਾਰਨ ਦਿੱਲੀ ਦੇ ਲੋਕ ਦੁਖੀ ਅਤੇ ਚਿੰਤਤ ਹਨ। ਦਿੱਲੀ ਵਿੱਚ ਪਾਣੀ ਦੇ ਸੰਕਟ ਦੀ ਸਥਿਤੀ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਜੇ ਕੇਂਦਰ ਸਰਕਾਰ ਅੰਤਰਰਾਜੀ ਤਾਲਮੇਲ ਦੀ ਜ਼ਿੰਮੇਵਾਰੀ ਸੰਭਾਲੇ ਤਾਂ ਜੋ ਇਸ ਭਿਆਨਕ ਗਰਮੀ ਵਿੱਚ ਪਾਣੀ ਦੇ ਸੰਕਟ ਦੇ ਬੱਦਲਾਂ ਨੂੰ ਦੂਰ ਕੀਤਾ ਜਾ ਸਕੇ।

Advertisement

ਹਰਿਆਣਾ ਨੂੰ ਮਨੁੱਖਤਾ ਦੇ ਆਧਾਰ ’ਤੇ ਪਾਣੀ ਛੱਡਣ ਦੀ ਅਪੀਲ

ਨਵੀਂ ਦਿੱਲੀ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਮੰਤਰੀ ਆਤਿਸ਼ੀ ਨੇ ਅੱਜ ਕਿਹਾ ਕਿ ਕੌਮੀ ਰਾਜਧਾਨੀ ਵਿਚ ਪਾਣੀ ਦੀ ਕਮੀ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਹਰਿਆਣਾ ਨੂੰ ਮਨੁੱਖਤਾ ਦੇ ਆਧਾਰ ’ਤੇ ਯਮੁਨਾ ਵਿਚ ਵਾਧੂ ਪਾਣੀ ਛੱਡਣ ਦੀ ਅਪੀਲ ਕੀਤੀ ਹੈ। ਦਿੱਲੀ ਦੀ ਜਲ ਮੰਤਰੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਮੂਨਕ ਨਹਿਰ ਅਤੇ ਵਜ਼ੀਰਾਬਾਦ ਵਾਟਰ ਟਰੀਟਮੈਂਟ ਪਲਾਂਟ ਵਿੱਚ ਪਾਣੀ ਦੀ ਘਾਟ ਕਾਰਨ ਕੌਮੀ ਰਾਜਧਾਨੀ ਨੂੰ ਟਰੀਟਡ ਪਾਣੀ ਦੀ ਸਪਲਾਈ ਵਿੱਚ ਸੱਤ ਕਰੋੜ ਗੈਲਨ ਪ੍ਰਤੀ ਦਿਨ (ਐੱਮਜੀਡੀ) ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਦਿੱਲੀ ਵਿੱਚ (ਟਰੀਟ ਕੀਤੇ) ਪਾਣੀ ਦੀ ਸਪਲਾਈ ਲਗਪਗ 1,002 ਐਮਜੀਡੀ ਹੁੰਦੀ ਹੈ ਜੋ ਸ਼ੁੱਕਰਵਾਰ ਨੂੰ ਘੱਟ ਕੇ 932 ਐੱਮਜੀਡੀ ਰਹਿ ਗਈ। ਮੰਤਰੀ ਨੇ ਕਿਹਾ, ‘‘ਦਿੱਲੀ ਸਰਕਾਰ ਨੇ ਮਨੁੱਖਤਾ ਦੇ ਆਧਾਰ ’ਤੇ ਹਰਿਆਣਾ ਨੂੰ ਕੌਮੀ ਰਾਜਧਾਨੀ ਦੇ ਲੋਕਾਂ ਲਈ ਵਾਧੂ ਪਾਣੀ ਛੱਡਣ ਦੀ ਅਪੀਲ ਕੀਤੀ ਹੈ।’’ ਉਨ੍ਹਾਂ ਕਿਹਾ ਕਿ ਗਰਮੀ ਘਟਣ ਤੋਂ ਬਾਅਦ ਯਮੁਨਾ ਦੇ ਪਾਣੀ ਦੀ ਵੰਡ ਸਬੰਧੀ ਮੁੱਦਿਆਂ ’ਤੇ ਚਰਚਾ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਅੱਪਰ ਯਮੁਨਾ ਰਿਵਰ ਬੋਰਡ ਦੀ ਮੀਟਿੰਗ ਵਿੱਚ ਦਿੱਲੀ ਵਿੱਚ ਪਾਣੀ ਦੇ ਸੰਕਟ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਉਨ੍ਹਾਂ ਦਾਅਵਾ ਕੀਤਾ ਕਿ ਹਿਮਾਚਲ ਪ੍ਰਦੇਸ਼ ਉਸ ਵੱਲੋਂ ਨਾ ਵਰਤਿਆ ਗਿਆ ਪਾਣੀ ਦਿੱਲੀ ਨੂੰ ਦੇਣ ਲਈ ਤਿਆਰ ਹੈ। ਮੰਤਰੀ ਨੇ ਕਿਹਾ, ‘‘ਮੈਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਫ਼ੋਨ ’ਤੇ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਮੈਨੂੰ ਸਹਿਯੋਗ ਦਾ ਭਰੋਸਾ ਦਿੱਤਾ ਹੈ।’’ ਆਤਿਸ਼ੀ ਨੇ ਕਿਹਾ ਕਿ ਬੋਰਡ ਵੱਲੋਂ ਹਿਮਾਚਲ ਪ੍ਰਦੇਸ਼ ਤੋਂ ਪਾਣੀ ਦੀ ਉਪਲਬਧਤਾ ਦਾ ਅਜੇ ਤੱਕ ਮੁਲਾਂਕਣ ਨਹੀਂ ਕੀਤਾ ਗਿਆ ਹੈ।

Advertisement
Author Image

sukhwinder singh

View all posts

Advertisement
Advertisement
×