ਜਲ ਸੰਕਟ: ਮੇਅਰ ਵੱਲੋਂ ਪਾਣੀ ਸਪਲਾਈ ਦੀ ਸਮੱਸਿਆ ਦੇ ਹੱਲ ਦਾ ਭਰੋਸਾ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 21 ਜੁਲਾਈ
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਭਰੋਸਾ ਦਿੱਤਾ ਕਿ ਮੁਹਾਲੀ ਦੇ ਕੁਝ ਸੈਕਟਰਾਂ ਵਿੱਚ ਪਾਣੀ ਦੀ ਸਪਲਾਈ ਨੂੰ ਲੈ ਕੇ ਆ ਰਹੀਆਂ ਦਿੱਕਤਾਂ ਨੂੰ ਅਗਲੇ 24 ਘੰਟਿਆਂ ਵਿੱਚ ਹੱਲ ਕਰ ਲਿਆ ਜਾਵੇਗਾ। ਮੇਅਰ ਨੇ ਜਲ ਸੰਕਟ ਦੇ ਮੱਦੇਨਜ਼ਰ ਅੱਜ ਜਨ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਪਾਣੀ ਸਪਲਾਈ ਦੀ ਜ਼ਿੰਮੇਵਾਰੀ ਜਨ ਸਿਹਤ ਵਿਭਾਗ ਕੋਲ ਹੈ ਪਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨਗਰ ਨਿਗਮ ਵੱਲੋਂ ਟਿਊਬਵੈੱਲਾਂ ਰਾਹੀਂ ਪਾਣੀ ਦੀ ਸਪਲਾਈ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਤੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ 4 ਹੋਰ ਟਿਊਬਵੈੱਲ ਚਾਲੂ ਹੋ ਜਾਣਗੇ। ਮੇਅਰ ਜੀਤੀ ਸਿੱਧੂ ਨੇ ਨਿਗਮ ਅਧਿਕਾਰੀਆਂ ਨੂੰ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕਜੌਲੀ ਤੋਂ ਪੂਰੇ ਪਾਣੀ ਦੀ ਸਪਲਾਈ ਲਈ ਚੱਲ ਰਹੇ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੇਅਰ ਨੂੰ ਦੱਸਿਆ ਕਿ ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ ਵਾਲੀ ਪਾਈਪਲਾਈਨ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ।