ਪੰਜਾਬ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮ ’ਤੇ ਚੱਲ ਰਹੇ ਹਾਂ: ਮੁੱਖ ਮੰਤਰੀ
ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮ ’ਤੇ ਚੱਲਦਿਆਂ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾ ਕੇ ਅੱਗੇ ਵਧ ਰਹੀ ਹੈ।
ਸ਼ਹੀਦ ਊਧਮ ਸਿੰਘ ਵੱਲੋਂ ਕੀਤੇ ਗਏ ਦੇਸ਼ ਭਗਤੀ ਦੇ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਸਾਨੂੰ ਉਨ੍ਹਾਂ ਦੀ ਬਹਾਦਰੀ ਅਤੇ ਵਿਲੱਖਣ ਯੋਗਦਾਨ ’ਤੇ ਮਾਣ ਹੈ। ਮੁੱਖ ਮੰਤਰੀ ਨੇ ਵਿਧਾਇਕ ਅਮਨ ਅਰੋੜਾ ਦੀ ਮੰਗ ’ਤੇ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਸਟੇਡੀਅਮ ਨੂੰ ਅਤਿ-ਆਧੁਨਿਕ ਰੂਪ ਦੇਣ ਅਤੇ ਬੱਸ ਅੱਡੇ ਦੇ ਨਵੀਨੀਕਰਨ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਮਾਲਵਾ ਨਹਿਰ ਦੀ ਉਸਾਰੀ ਬਾਰੇ ਦਾਅਵਾ ਕਰਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਿਸੇ ਨਹਿਰ ਦੀ ਉਸਾਰੀ ਦਾ ਕੰਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਭਗ 150 ਕਿਲੋਮੀਟਰ ਲੰਬੀ ਇਸ ਨਹਿਰ ’ਤੇ ਕਰੀਬ 2300 ਕਰੋੜ ਰੁਪਏ ਖਰਚ ਆਉਣਗੇ ਅਤੇ ਇਸ ਦਾ ਪਾਣੀ ਕਰੀਬ ਦੋ ਲੱਖ ਏਕੜ ਉਪਜਾਊ ਜ਼ਮੀਨ ਦੀ ਸਿੰਜਾਈ ਕਰੇਗਾ।
ਭਗਵੰਤ ਮਾਨ ਨੇ ਕਿਹਾ ਕਿ ਛੇਤੀ ਹੀ ਰਾਵੀ ਦਰਿਆ ’ਤੇ ਇਕ ਬੰਨ੍ਹ ਬਣਾਇਆ ਜਾ ਰਿਹਾ ਹੈ, ਜਿਥੋਂ ਕਰੀਬ 206 ਮੈਗਾਵਾਟ ਬਿਜਲੀ ਪੈਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬੰਨ੍ਹ ਨਾਲ ਦੁਆਬਾ ਖੇਤਰ ਵਿੱਚ ਵੀ ਨਹਿਰੀ ਪਾਣੀ ਪਹੁੰਚੇਗਾ। ਗੁਰਬਾਣੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਉਨ੍ਹਾਂ ਦੀ ਸਰਕਾਰ ਪਾਣੀ, ਮਿੱਟੀ ਤੇ ਸ਼ੁੱਧ ਹਵਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਨ੍ਹਾਂ ਤਿੰਨਾਂ ਤੱਤਾਂ ਦੀ ਸੰਭਾਲ ਲਈ ਬਜਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ ਤੇ ਇਸ ਨੇਕ ਉਪਰਾਲੇ ਲਈ ਪਹਿਲਾਂ ਹੀ ਉੱਘੇ ਪੰਜਾਬੀ ਇਤਿਹਾਸਕਾਰਾਂ, ਕਵੀਆਂ ਅਤੇ ਸਾਹਿਤਕਾਰਾਂ ਨੂੰ ਸ਼ਾਮਲ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਪੰਜਾਬੀ ਭਾਸ਼ਾ ਵਿਕਾਸ ਦੀ ਰਫ਼ਤਾਰ ਵਿੱਚ ਪਿੱਛੇ ਨਾ ਰਹਿ ਜਾਵੇ। ਇਸ ਮੌਕੇ ਉਨ੍ਹਾਂ ਸ਼ਹੀਦ ਊਧਮ ਸਿੰਘ ਦੇ ਵਾਰਿਸਾਂ ਦਾ ਸਨਮਾਨ ਵੀ ਕੀਤਾ।