For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਸਰਾਭਾ ਦੇ ਜੱਦੀ ਪਿੰਡ ਨੂੰ ਸੈਰ-ਸਪਾਟਾ ਨਕਸ਼ੇ ’ਤੇ ਲਿਆਵਾਂਗੇ: ਸੌਂਦ

08:05 AM Nov 17, 2024 IST
ਸ਼ਹੀਦ ਸਰਾਭਾ ਦੇ ਜੱਦੀ ਪਿੰਡ ਨੂੰ ਸੈਰ ਸਪਾਟਾ ਨਕਸ਼ੇ ’ਤੇ ਲਿਆਵਾਂਗੇ  ਸੌਂਦ
ਪਿੰਡ ਸਰਾਭਾ ਵਿੱਚ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ।
Advertisement

ਸੰਤੋਖ ਗਿੱਲ
ਗੁਰੂਸਰ ਸੁਧਾਰ, 16 ਨਵੰਬਰ
ਪਿੰਡ ਸਰਾਭਾ ਵਿੱਚ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਭ ਤੋਂ ਛੋਟੀ ਉਮਰੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਸਾਥੀ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਰਤਾਰ ਸਿੰਘ ਸਰਾਭਾ ਤੋਂ ਇਲਾਵਾ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਸ਼ਹੀਦ ਜਗਤ ਸਿੰਘ ਸੁਰ ਸਿੰਘ, ਸ਼ਹੀਦ ਹਰਨਾਮ ਸਿੰਘ ਸਿਆਲਕੋਟੀ, ਸ਼ਹੀਦ ਬਖ਼ਸ਼ੀਸ਼ ਸਿੰਘ, ਸ਼ਹੀਦ ਸੁਰੈਣ ਸਿੰਘ (ਵੱਡਾ) ਅਤੇ ਸ਼ਹੀਦ ਸੁਰੈਣ ਸਿੰਘ (ਛੋਟਾ) ਨੂੰ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ। ਕੈਬਨਿਟ ਮੰਤਰੀ ਸ੍ਰੀ ਸੌਂਦ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ 19 ਸਾਲ ਦੀ ਉਮਰ ’ਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ ਅਤੇ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਪਹਿਲਾਂ ਵਿਦੇਸ਼ ਅਤੇ ਫਿਰ ਭਾਰਤ ’ਚ ਆਜ਼ਾਦੀ ਸੰਘਰਸ਼ ਲਈ ਅਣਥੱਕ ਮਿਹਨਤ ਕੀਤੀ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਅਤੇ ਪਿੰਡ ਦੇ ਮੁੱਖ ਚੌਕ ਵਿੱਚ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕੈਬਨਿਟ ਮੰਤਰੀ ਸ੍ਰੀ ਸੌਂਦ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਨੂੰ ਸੂਬੇ ਦੇ ਸੈਰ ਸਪਾਟਾ ਨਕਸ਼ੇ ’ਤੇ ਲਿਆਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਲਈ 10 ਲੱਖ ਰੁਪਏ, ਪਿੰਡ ਸਰਾਭਾ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਲਈ 5 ਲੱਖ ਰੁਪਏ ਤੋਂ ਇਲਾਵਾ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਸਰਾਭਾ ਦੇ ਜੱਦੀ ਘਰ ਦੀ ਮੁਰੰਮਤ ਤੇ ਪਿੰਡ ਦੇ ਵਿਕਾਸ ਲਈ ਵਾਧੂ ਫੰਡ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਪਿੰਡ ਸਰਾਭਾ ਦੀ ਧੀ ਰਵਜੋਤ ਕੌਰ ਗਰੇਵਾਲ ਐੱਸਐੱਸਪੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਡੀਸੀ ਜਤਿੰਦਰ ਜੋਰਵਾਲ, ਸੀਨੀਅਰ ਪੁਲੀਸ ਕਪਤਾਨ ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ, ਏਡੀਸੀ ਅਮਰਜੀਤ ਬੈਂਸ ਅਤੇ ਪਿੰਡ ਸਰਾਭਾ ਦੀ ਪੰਚਾਇਤ ਅਤੇ ਸਪੋਰਟਸ ਕਲੱਬ ਦੇ ਅਹੁਦੇਦਾਰ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement