ਫ਼ਰਜ਼ੀ ਖ਼ਬਰਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਾਂਗੇ: ਰਾਜੀਵ ਕੁਮਾਰ
ਮੁੰਬਈ, 28 ਸਤੰਬਰ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਫ਼ਰਜ਼ੀ ਖ਼ਬਰਾਂ ਫੈਲਾਉਣ ਅਤੇ ‘ਡੀਪ ਫੇਕ’ ਤਕਨੀਕ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਆਦੇਸ਼ ਦਿੱਤਾ ਹੈ। ਚੋਣ ਕਮਿਸ਼ਨ ਨੇ ਇਸ਼ਾਰਾ ਕੀਤਾ ਕਿ ਮਹਾਰਾਸ਼ਟਰ ਚੋਣਾਂ 26 ਨਵੰਬਰ ਤੋਂ ਪਹਿਲਾਂ ਹੋ ਸਕਦੀਆਂ ਹਨ। ਮੁੱਖ ਚੋਣ ਕਮਿਸ਼ਨਰ ਨੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੇ ਐੱਸਐੱਸ ਸੰਧੂ ਨਾਲ ਮਹਾਰਾਸ਼ਟਰ ਵਿੱਚ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਪੁਲੀਸ ਦੇ ਅਧਿਕਾਰੀਆਂ ਨੂੰ ਇਸ ਸਾਲ ਲੋਕ ਸਭਾ ਚੋਣਾਂ ਦੌਰਾਨ ਦਰਜ ਕੀਤੇ ਗਏ ਚੋਣ ਜ਼ਾਬਤੇ ਦੀਆਂ ਉਲੰਘਣਾ ਸਬੰਧੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੋਣ ਕਮਿਸ਼ਨ ਦੀ ਟੀਮ ਮਹਾਰਾਸ਼ਟਰ ਵਿੱਚ ਚੋਣ ਤਿਆਰੀਆਂ ਦੀ ਸਮੀਖਿਆ ਲਈ ਮੁੰਬਈ ਵਿੱਚ ਹੈ। ਚੋਣ ਕਮਿਸ਼ਨ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ, ਐੱਸਪੀ, ਨਗਰ ਨਿਗਮ ਕਮਿਸ਼ਨਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ। ਮੁੱਖ ਚੋਣ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਸੋਸ਼ਲ ਮੀਡੀਆ ’ਤੇ ਫ਼ਰਜ਼ੀ ਖ਼ਬਰਾਂ ਫੈਲਾਉਣ ਨਹੀਂ ਦਿੱਤੀਆਂ ਜਾਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਇਸ ਖ਼ਿਲਾਫ਼ ਫੌਰੀ ਕਾਰਵਾਈ ਦਾ ਨਿਰਦੇਸ਼ ਦਿੱਤਾ। ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਤੱਕ ਹੈ। ਅਗਲੇ ਮਹੀਨੇ ਚੋਣ ਪ੍ਰੋਗਰਾਮ ਐਲਾਨਿਆ ਜਾ ਸਕਦਾ ਹੈ। -ਪੀਟੀਆਈ
ਸ਼ਹਿਰੀ ਵੋਟਰਾਂ ਦੀ ਬੇਰੁਖ਼ੀ ਚਿੰਤਾ ਦਾ ਵਿਸ਼ਾ ਕਰਾਰ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਸ਼ਹਿਰੀ ਵੋਟਰਾਂ ਦੀ ਬੇਰੁ਼ਖੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਗਾਮੀ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਾਂ ਯਕੀਨੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੀਵ ਕੁਮਾਰ ਨੇ ਮੁੰਬਈ ਅਤੇ ਉਸ ਦੇ ਆਲੇ-ਦੁਆਲੇ ਕੋਲਾਬਾ ਤੇ ਕਲਿਆਣ ਵਰਗੇ ਖੇਤਰਾਂ ਦਾ ਜ਼ਿਕਰ ਕੀਤਾ, ਜਿੱਥੇ ਇਸ ਸਾਲ ਲੋਕ ਸਭਾ ਚੋਣਾਂ ਵਿੱਚ ਸਭ ਤੋਂ ਘੱਟ ਵੋਟਿੰਗ ਹੋਈ ਹੈ।