ਸੂਬੇ ’ਚ ਖੇਡ ਸੱਭਿਆਚਾਰ ਵਿਕਸਤ ਕਰਾਂਗੇ: ਮੀਤ ਹੇਅਰ
ਸ਼ਗਨ ਕਟਾਰੀਆ
ਬਠਿੰਡਾ, 29 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2’ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਸਬੰਧੀ ਆਰੰਭ ਕੀਤਾ ਗਿਆ ਮਸ਼ਾਲ ਮਾਰਚ ਅੱਜ ਬਠਿੰਡਾ ਪਹੁੰਚਿਆ। ਇੱਥੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਇਸ ਮਸ਼ਾਲ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ। ਭਾਈ ਘਨ੍ਹੱਈਆ ਚੌਕ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖਿਡਾਰੀਆਂ ਨਾਲ ਮਿਲ ਕੇ ਇਸ ਮਸ਼ਾਲ ਮਾਰਚ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ, ‘‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਵਿੱਚ ਖੇਡ ਸੱਭਿਆਚਾਰ ਦੀ ਪੁਨਰ ਸੁਰਜੀਤੀ ਦਾ ਬੀਜ ਬਣ ਕੇ ਪੰਜਾਬ ਦੀ ਜਵਾਨੀ ਨੂੰ ਇਕ ਨਵੀਂ ਚਿਣਗ ਲਾ ਰਹੀਆਂ ਹਨ ਅਤੇ ਇਹੀ ਜਵਾਨੀ ਇਕ ਦਿਨ ਜਵਾਲਾ ਬਣ ਦੇਸ਼ ਦੁਨੀਆਂ ਵਿੱਚ ਰੰਗਲੇ ਪੰਜਾਬ ਦਾ ਨਾਂਅ ਰੌਸ਼ਨ ਕਰੇਗੀ।’’
ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੀਂ ਖੇਡ ਨੀਤੀ ਲਾਗੂ ਕੀਤੀ ਹੈ। ਕਦੇ ਪੰਜਾਬ ਖੇਡਾਂ ਵਿੱਚ ਪਹਿਲੇ ਨੰਬਰ ’ਤੇ ਸੀ, ਜੋ ਪਿਛਲੇ ਸਮੇਂ ਦੌਰਾਨ ਪੱਛੜ ਗਿਆ ਸੀ ਪਰ ਹੁਣ ਮੁੜ ਆਪਣੇ ਪੁਰਾਣੇ ਗੌਰਵ ਨੂੰ ਪ੍ਰਾਪਤ ਕਰੇਗਾ। ਇਸ ਲਈ ਖੇਡਾਂ ਵਤਨ ਪੰਜਾਬ ਦੀਆਂ ਸੂਬੇ ’ਚ ਖੇਡ ਸੱਭਿਆਚਾਰ ਪੈਦਾ ਕਰ ਕੇ ਦੇਸ਼ ਵਿੱਚ ਚੋਟੀ ਦਾ ਸਥਾਨ ਪ੍ਰਾਪਤ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਆਧਾਰ ਬਣਨਗੀਆਂ। ਉਨ੍ਹਾਂ ਦੱਸਿਆ ਕਿ ਇਸ ਵਾਰ 35 ਖੇਡ ਮੁਕਾਬਲੇ ਸ਼ਾਮਲ ਕੀਤੇ ਗਏ ਹਨ। ਸੀਨੀਅਰ ਖਿਡਾਰੀਆਂ, ਕੋਚਾਂ ਅਤੇ ਹੋਰ ਮਾਹਿਰਾਂ ਦੀ ਰਾਏ ਨਾਲ ਹੀ ਖੇਡ ਨੀਤੀ ਬਣਾਈ ਗਈ ਹੈ ਅਤੇ ਉਨ੍ਹਾਂ ਦੀ ਰਾਏ ਅਨੁਸਾਰ ਹੀ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਨਵੀਆਂ ਖੇਡਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਸ਼ਾਲ ਮਾਰਚ ਨਾਲ ਸੂਬੇ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧਿਆ ਹੈ ਅਤੇ ਆਸ ਹੈ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਖਿਡਾਰੀ ਮੁਕਾਬਲਿਆਂ ’ਚ ਹਿੱਸਾ ਲੈਣਗੇ। ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਸ ਤਰ੍ਹਾਂ ਦੀਆਂ ਖੇਡਾਂ ਬਾਰੇ ਲੋਕਾਂ ਨੂੰ ਜਾਣਕਾਰੀ ਹੀ ਨਹੀਂ ਦਿੱਤੀ ਜਾਂਦੀ ਸੀ ਪਰ ਉਨ੍ਹਾਂ ਦੀ ਸਰਕਾਰ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਖੇਡ ਮੰਤਰੀ ਨੇ ਮਸ਼ਾਲ ਮਾਰਚ ਦਾ ਸਵਾਗਤ ਕਰਦਿਆਂ ਖੁਦ ਮਸ਼ਾਲ ਲੈ ਕੇ ਖਿਡਾਰੀਆਂ ਨਾਲ ਦੌੜ ਲਗਾਈ।