ਸਫ਼ਾਈ ਪ੍ਰਬੰਧਾਂ ’ਚ ਹੋਰ ਸੁਧਾਰ ਕਰਾਂਗੇ: ਬਲਕਾਰ ਸਿੰਘ
ਹਤਿੰਦਰ ਮਹਿਤਾ
ਜਲੰਧਰ, 23 ਸਤੰਬਰ
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅੱਜ ਸ਼ਹਿਰ ਵਿੱਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸ ਲਈ ਨਗਰ ਨਿਗਮਾਂ/ ਕੌਂਸਲਾਂ ਨੂੰ ਮਸ਼ੀਨਰੀ ਆਦਿ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੂੜੇ ਦੇ ਢੇਰਾਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਕੂੜਾ ਪ੍ਰਾਸੈਸਿੰਗ ਲਈ ਹੋਰ ਪਲਾਂਟ ਲਗਾਏ ਜਾਣਗੇ।
ਇੱਥੇ ਚੁਗਿੱਟੀ ਬਾਈਪਾਸ ਵਿੱਚ ਨਗਰ ਨਿਗਮ ਕਮਿਸ਼ਨਰ ਰਿਸ਼ੀਪਾਲ ਸਿੰਘ ਸਣੇ ਨਿਗਮ ਦੇ ਹੋਰਨਾਂ ਅਧਿਕਾਰੀਆਂ ਨਾਲ ਕੂੜੇ ਦੇ ਡੰਪ ਦੀ ਸਫ਼ਾਈ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕੂੜੇ ਦੇ ਢੇਰਾਂ ਨੂੰ ਚੁਕਵਾਉਣ ਦਾ ਕੰਮ ਜੰਗੀ ਪੱਧਰ ’ਤੇ ਚਲਾਇਆ ਜਾਵੇ।
ਇਸ ਤੋਂ ਪਹਿਲਾਂ ਨਗਰ ਨਿਗਮ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਫ਼ਾਈ ਵਿਵਸਥਾ, ਸੜਕਾਂ ਦੇ ਦੁਆਲੇ ਸਫ਼ਾਈ, ਪਾਰਕਾਂ ਦੀ ਸਫ਼ਾਈ, ਕੂੜੇ ਦੀ ਨਿਯਮਿਤ ਚੁਕਾਈ ਯਕੀਨੀ ਬਣਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ।
ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੀ ਨਿਗਰਾਨੀ ਹੇਠ ਵਿਕਾਸ ਕਾਰਜਾਂ ਨੂੰ ਪੂਰੀ ਗੁਣਵੱਤਾ ਤਹਿਤ ਸਮੇਂ ਸਿਰ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ। ਸੜਕਾਂ ਦੀ ਹਾਲਤ ਸੁਧਾਰਨ ਲਈ ਜਲਦ ਕੰਮ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਵਾਰ ਬਰਸਾਤ ਕਾਰਨ ਸੜਕਾਂ ਦਾ ਜ਼ਿਆਦਾ ਨੁਕਸਾਨ ਹੋਇਆ ਹੈ, ਜਿਨ੍ਹਾਂ ਨੂੰ ਗੁਣਵੱਤਾ ਦਾ ਪੂਰਾ ਧਿਆਨ ਰੱਖਦੇ ਹੋਏ ਤੇਜ਼ੀ ਨਾਲ ਬਣਾਇਆ ਜਾਵੇ।
ਇਸ ਦੌਰਾਨ ਉਨ੍ਹਾਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਾਟਰ ਟ੍ਰੀਟਮੈਂਟ ਪਲਾਂਟ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਤਹਿਤ ਪਾਈਪਾਂ ਪਾਉਣ ਦੇ ਕੰਮ ਤੋਂ ਬਾਅਦ ਸੜਕ ਦੀ ਭਰਵਾਈ ਦਾ ਕੰਮ ਨਾਲੋ-ਨਾਲ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਸ਼ਹਿਰਾਂ ਵਿੱਚ ਸਫਾਈ ਵਿਵਸਥਾ ਯਕੀਨੀ ਬਣਾਉਣ ਲਈ ਲੋਕਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਵਧੀਕ ਕਮਿਸ਼ਨਰ ਨਗਰ ਨਿਗਮ ਸ਼ਿਖਾ ਭਗਤ, ਜੁਆਇੰਟ ਕਮਿਸ਼ਨਰ ਨਗਰ ਨਿਗਮ ਪੁਨੀਤ ਸ਼ਰਮਾ ਅਤੇ ਨਗਰ ਨਿਗਮ ਜਲੰਧਰ ਦੇ ਹੋਰ ਅਧਿਕਾਰੀ ਮੌਜੂਦ ਸਨ।