ਕਿਸਾਨਾਂ ਤੇ ਮਜ਼ਦੂਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਵਾਂਗੇ: ਭਗਵੰਤ ਮਾਨ
* ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
* ‘ਤਜਰਬੇਕਾਰ ਆਗੂਆਂ ਦੇ ਕੀਤੇ ਦਾ ਖਮਿਆਜ਼ਾ ਭੁਗਤ ਰਿਹੈ ਪੰਜਾਬ’
ਸੰਜੀਵ ਹਾਂਡਾ
ਫ਼ਿਰੋਜ਼ਪੁਰ, 14 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫ਼ਿਰੋਜ਼ਪੁਰ ਵਿਚ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਲੋਕਾਂ ਨੂੰ ਭਰੋਸਾ ਦਿੱਤਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਖੇਤਰਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ ਨਾਲ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵੀ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ,‘‘ਜਿਹੜੇ ਲੋਕਾਂ ਦੇ ਘਰ ਢਹਿ ਗਏ ਹਨ ਜਾਂ ਡੰਗਰਾਂ ਵਾਲੇ ਵਾੜਿਆਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਵੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।’’ ਭਗਵੰਤ ਮਾਨ ਨੇ ਕਈ ਥਾਵਾਂ ’ਤੇ ਕਿਸ਼ਤੀ ਤੋਂ ਉਤਰ ਕੇ ਪੈਦਲ ਪਾਣੀ ਵਿਚੋਂ ਲੰਘ ਕੇ ਲੋਕਾਂ ਤੱਕ ਪਹੁੰਚ ਕੀਤੀ। ਮੌਜੂਦਾ ਸਰਕਾਰ ਕੋਲ ਤਜਰਬੇ ਦੀ ਘਾਟ ਦੇ ਵਿਰੋਧੀ ਆਗੂਆਂ ਵੱਲੋਂ ਲਾਏ ਜਾ ਰਹੇ ਦੋਸ਼ਾਂ ਦਾ ਜਵਾਬ ਦਿੰਦਿਆਂ ਭਵਗੰਤ ਮਾਨ ਨੇ ਕਿਹਾ ਕਿ ਅੱਜ ਤਜਰਬੇਕਾਰ ਆਗੂਆਂ ਦੇ ਕੀਤੇ ਦਾ ਖਮਿਆਜ਼ਾ ਹੀ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਨਿਹਾਲਾ ਲਵੇਰਾ ਪਿੰਡ ਵਿਚ ਪੀੜਤ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਉਹ ਖ਼ੁਦ ਸਾਰੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ ਅਤੇ ਅਧਿਕਾਰੀਆਂ ਤੋਂ ਲਗਾਤਾਰ ਰਿਪੋਰਟਾਂ ਲੈ ਰਹੇ ਹਨ। ‘ਸੰਕਟ ਦੀ ਇਸ ਘੜੀ ਵਿਚ ਲੋਕਾਂ ਦੀ ਮਦਦ ਕਰਨਾ ਸਰਕਾਰ ਦਾ ਫ਼ਰਜ਼ ਹੈ, ਜਿਸ ਤੋਂ ਉਹ ਪਿੱਛੇ ਨਹੀਂ ਹਟਣਗੇ। ਪ੍ਰਸ਼ਾਸਨਿਕ ਅਧਿਕਾਰੀਆਂ ਨੂੰ 24 ਘੰਟੇ ਪੀੜਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ।’ ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ। ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨ ਲਈ ਜਵਾਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਉਚੇਚੇ ਤੌਰ ’ਤੇ ਫ਼ੌਜ ਦੇ ਅਧਿਕਾਰੀਆਂ ਅਤੇ ਜਵਾਨਾਂ ਦਾ ਵੀ ਧੰਨਵਾਦ ਕੀਤਾ। ਦੱਸ ਦਈਏ ਕਿ ਇਥੇ ਫ਼ੌਜ ਦੀਆਂ 20 ਯੂਨਿਟਾਂ ਹੜ੍ਹ ਪੀੜਤਾਂ ਦੀ ਮਦਦ ਕਰ ਰਹੀਆਂ ਹਨ।