ਰਹਿੰਦੀਆਂ ਮੰਗਾਂ ਲਈ ਸੰਘਰਸ਼ ਤੇਜ਼ ਕਰਾਂਗੇ: ਡੱਲੇਵਾਲ
ਪੱਤਰ ਪ੍ਰੇਰਕ
ਮਾਨਸਾ, 9 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮਰਨ ਵਰਤ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਭਾਵੇਂ ਕਿਸਾਨਾਂ ਦੀਆਂ ਬਹੁਤੀਆਂ ਮੰਗਾਂ ਨੂੰ ਮੰਨਵਾ ਲਿਆ ਗਿਆ ਹੈ, ਜਿਹੜੀਆਂ ਮੰਗਾਂ ਰਹਿੰਦੀਆਂ ਹਨ, ਉਨ੍ਹਾਂ ਨੂੰ ਮਨਵਾਉਣ ਲਈ ਲਗਾਤਾਰ ਲੜਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਵਿੱਚ ਬਿਜਲੀ ਕੁਨੈਕਸ਼ਨ ਸ਼ਿਫ਼ਟ ਕਰਵਾਉਣ, ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਅਤੇ ਲੰਪੀ ਸਕਿਨ ਦੌਰਾਨ ਮਰੇ ਪਸ਼ੂਆਂ ਦਾ ਮੁਆਵਜ਼ਾ ਰਾਸ਼ੀ ਮੁੱਖ ਰੂਪ ਵਿੱਚ ਸ਼ਾਮਲ ਹਨ। ਉਹ ਅੱਜ ਇਥੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੀ ਤਕਰੀਰ ਦੌਰਾਨ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸਿਓਂ ਹਟਾਉਣ ਲਈ ਸਰਕਾਰ ਵੱਲੋਂ ਹਾਲੇ ਤੱਕ ਕੋਈ ਉਪਰਾਲਾ ਨਹੀਂ ਕੀਤਾ ਗਿਆ ਹੈ ਅਤੇ ਸਰਕਾਰਾਂ ਮੂਕ ਦਰਸ਼ਕ ਬਣ ਕੇ ਦੇਖ ਰਹੀਆਂ ਹਨ।
ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੌਟੜਾ ਨੇ ਕਿਹਾ ਕਿ ਅਗਲੇ ਸੰਘਰਸ਼ ਕਰਨ ਲਈ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿੱਚ ਜਥੇਬੰਦੀ ਦੇ ਪਿੰਡ ਇਕਾਈਆਂ ਦੀਆਂ ਚੋਣਾਂ ਅਤੇ ਉਸ ਤੋਂ ਬਾਅਦ ਬਲਾਕ ਕਮੇਟੀ ਅਤੇ ਫਿਰ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਜਾਵੇਗੀ।