ਹਲਕਾ ਸਨੌਰ ਦੇ ਚਹੁੰਪੱਖੀ ਵਿਕਾਸ ਲਈ ਕਸਰ ਬਾਕੀ ਨਹੀਂ ਛੱਡਾਂਗੇ: ਪਠਾਣਮਾਜਰਾ
ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 19 ਸਤੰਬਰ
ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਇੱਥੇ ਆਪਣੇ ਦਫ਼ਤਰ ਵਿੱਚ ਗ਼ਰੀਬਾਂ ਨੂੰ ਪੱਕੇ ਮਕਾਨ ਬਣਾਉਣ ਲਈ ਚੈੱਕ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਸਨੌਰ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਵੱਧ ਤੋਂ ਵੱਧ ਪੈਸਾ ਲਿਆਉਣਗੇ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੱਸਿਆ ਕਿ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਬਲਾਕ ਭੁਨਰਹੇੜੀ ਵੱਲੋਂ 40 ਵਿਅਕਤੀਆਂ ਨੂੰ 30-30 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਦੇ ਚੈੱਕ ਦਿੱਤੇ ਗਏ। ਪੱਕੇ ਮਕਾਨ ਨੂੰ ਮੁਕੰਮਲ ਕਰਨ ਲਈ ਤਿੰਨ ਕਿਸ਼ਤਾਂ ਵਿੱਚ ਕੁੱਲ 1 ਲੱਖ 49 ਹਜ਼ਾਰ ਰੁਪਏ ਦਿੱਤੇ ਜਾਣਗੇ।
ਇਸ ਦੌਰਾਨ ਕਈ ਪੰਚਾਇਤਾਂ ਨੂੰ ਵੀ ਪਿੰਡਾਂ ਦੇ ਵਿਕਾਸ ਲਈ ਗ੍ਰਾਂਟ ਦੇ ਚੈੱਕ ਦਿੱਤੇ ਗਏ। ਇਸ ਮੌਕੇ ਉਨ੍ਹਾਂ ਪਿੰਡ ਰੋਹੜ ਜਾਗੀਰ ਕੋਲ ਹੜ੍ਹਾਂ ਦੌਰਾਨ ਟੁੱਟ ਗਏ ਪਟਿਆਲਾ-ਪਹੇਵਾ ਰਾਜ ਮਾਰਗ ਦੇ ਅਜੇ ਤੱਕ ਨਾ ਬਣਨ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਸ ਵਿੱਚ ਪੰਜਾਬ ਸਰਕਾਰ ਦਾ ਕੋਈ ਦੋਸ਼ ਨਹੀਂ ਹੈ। ਦਰਅਸਲ, ਕੇਂਦਰ ਸਰਕਾਰ ਵੱਲੋਂ ਸੜਕ ਦੇ ਦੋਵੇਂ ਪਾਸੀਂ ਖੜ੍ਹੇ ਦਰੱਖਤਾਂ ਨੂੰ ਕੱਟਣ ਦੀ ਮਨਜ਼ੂਰੀ ਨਾ ਮਿਲਣ ਕਰਕੇ ਹੋ ਰਹੀ ਦੇਰੀ ਇਸ ਪਿੱਛੇ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹਲਕੇ ਵਿੱਚ ਟੁੱਟੀਆਂ ਹੋਰ ਸੜਕਾਂ ਦੀ ਵੀ ਜਲਦੀ ਮੁਰੰਮਤ ਕੀਤੀ ਜਾਵੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਗੁਰੀ ਪੀ.ਏ., ਸਵਿੰਦਰ ਕੌਰ ਧੰਜੂ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਮਨਿੰਦਰ ਫਰਾਂਸਵਾਲਾ, ਮਹਿੰਦਰਜੀਤ ਸਿੰਘ ਬੀਡੀਪੀਓ, ਤਰਸੇਮ ਕੁਮਾਰ ਟਰੈਫਿਕ ਇੰਚਾਰਜ, ਗੁਰਜੀਤ ਸਿੰਘ ਨਿਜ਼ਾਮਪੁਰ ਤੇ ਹਰਲਾਲ ਸਿੰਘ ਪ੍ਰਧਾਨ ਸੈਕਟਰੀ ਯੂਨੀਅਨ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ‘ਆਪ’ ਆਗੂ ਅਤੇ ਵਰਕਰ ਵੀ ਮੌਜੂਦ ਸਨ।