For the best experience, open
https://m.punjabitribuneonline.com
on your mobile browser.
Advertisement

ਚੰਗੀਆਂ ਸਿਹਤ ਸਹੂਲਤਾਂ ਦੇਣ ’ਚ ਕੋਈ ਕਸਰ ਨਹੀਂ ਛੱਡਾਂਗੇ: ਡਾ. ਬਲਬੀਰ ਸਿੰਘ

07:45 AM Jun 21, 2024 IST
ਚੰਗੀਆਂ ਸਿਹਤ ਸਹੂਲਤਾਂ ਦੇਣ ’ਚ ਕੋਈ ਕਸਰ ਨਹੀਂ ਛੱਡਾਂਗੇ  ਡਾ  ਬਲਬੀਰ ਸਿੰਘ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਹਰਪ੍ਰੀਤ ਕੌਰ
ਹੁਸ਼ਿਆਰਪੁਰ, 20 ਜੂਨ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜਿੱਥੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ, ਉੱਥੇ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਐੱਸਡੀਐੱਮ ਪ੍ਰੀਤ ਇੰਦਰ ਸਿੰਘ ਬੈਂਸ ਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਵੀ ਹਾਜ਼ਰ ਸਨ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਮੈਡੀਕਲ ਅਫਸਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਜੋ ਅਗਲੇ ਦੋ ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਵਿੱਚ ਉਪਲਬਧ ਸਿਹਤ ਸਹੂਲਤਾਂ ਦੇ ਪ੍ਰਬੰਧ ਦੇਖੇ ਅਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।
ਇਸ ਉਪਰੰਤ ਸਿਹਤ ਮੰਤਰੀ ਨੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਵੈਕਟਰ ਬੌਰਨ ਅਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਢੁੱਕਵੇ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਹਦਾਇਤ ਕੀਤੀ ਕਿ ਹਾਟ ਸਪਾਟ ਇਲਾਕਿਆਂ ਵਿੱਚ ਵਿਸ਼ੇਸ਼ ਧਿਆਨ ਕੇਂਦਰਿਤ ਕਰ ਕੇ ਉੱਥੇ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਮਾਜ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਿਹਤ ਵਿਭਾਗ ਦੇ ਭਾਈਵਾਲ ਵਿਭਾਗਾਂ ਦੇ ਸਹਿਯੋਗ ਨਾਲ ਹਰ ਪੱਧਰ ’ਤੇ ਤਾਲਮੇਲ ਕਮੇਟੀਆਂ ਕਾਇਮ ਕਰ ਕੇ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਵਿਰੁੱਧ ਮੁਹਿੰਮ ਵਿੱਢੀ ਜਾਵੇ। ਇਸ ਉਪਰੰਤ ਸਿਹਤ ਮੰਤਰੀ ਨੇ ਸਿਵਲ ਹਸਪਤਾਲ ਵਿਚਲੇ ਨਸ਼ਾ ਛੁਡਾਊ ਕੇਂਦਰ ਅਤੇ ਨਿਊ ਫਤਿਹਗੜ੍ਹ ਸਥਿਤ ਮੁੜ ਵਸੇਬਾ ਕੇਂਦਰ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਅਤੇ ਸਿਹਤਯਾਬੀ ਲਈ ਯੋਗ ਅਭਿਆਸਾਂ ਦੀ ਸਿੱਖਿਆ ਦੇਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਐੱਸਐੱਮਓ ਡਾ. ਸਵਾਤੀ ਸ਼ੀਮਾਰ, ਐੱਸਪੀ ਮੇਜਰ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸੰਦੀਪ ਤਿਵਾੜੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਤੇ ਡਾ. ਮਨਮੋਹਨ ਸਿੰਘ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement