ਅਜਨਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਵਾਂਗੇ: ਧਾਲੀਵਾਲ
ਸੁਖਦੇਵ ਸੁੱਖ
ਅਜਨਾਲਾ, 31 ਜੁਲਾਈ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਥਾਨਕ ਸ਼ਹਿਰ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਲੋਕ ਦਰਬਾਰ ਲਗਾਇਆ ਜਿਸ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣ ਕੇ ਅਧਿਕਾਰੀਆਂ ਨੂੰ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਲੋਕ ਦਰਬਾਰ ਦੌਰਾਨ ਹਲਕਾ ਅਜਨਾਲਾ ਸਮੇਤ ਸੂਬੇ ਦੇ ਵੱਖ-ਵੱਖ ਹਲਕਿਆਂ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਗਿਆ ਅਤੇ ਮੌਕੇ ’ਤੇ ਹੀ ਕਈ ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਪਿਛਲੇ ਕਈ ਦਹਾਕਿਆਂ ਤੋਂ ਰੁਕੇ ਹੋਏ ਵਿਕਾਸ ਕਾਰਜ ਹੁਣ ਸ਼ੁਰੂ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਹਰ ਖੇਤਰ ਵਿੱਚ ਵਿਧਾਨ ਸਭਾ ਹਲਕਾ ਅਜਨਾਲਾ ਵਿਕਾਸ ਪੱਖੋਂ ਮੋਹਰੀ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਰ ਤਰ੍ਹਾਂ ਦੇ ਮਸਲੇ ਹੱਲ ਕੀਤੇ ਜਾਣਗੇ , ਜਿਸ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋ, ਅਮਿਤ ਔਲ ਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ।
ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਬਟਾਲਾ (ਨਿੱਜੀ ਪੱਤਰ ਪ੍ਰੇਰਕ): ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੇ ਦਫ਼ਤਰ ’ਚ ਲੋਕ ਮਿਲਣੀ ਦੌਰਾਨ ਆਖਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦਾ ਵਿਕਾਸ ਅਤੇ ਲੋਕ ਮਸਲੇ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪਹੁੰਚਾਇਆ ਜਾਵੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਬਣੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਅਣਡਿੱਠ ਕੀਤਾ ਗਿਆ ਅਤੇ ਲੋਕਾਂ ਦੀਆਂ ਬੁਨਿਆਂਦੀ ਲੋੜਾਂ ਨੂੰ ਅਣਗੌਲਿਆ ਕੀਤਾ ਗਿਆ,ਜਿਸ ਕਾਰਨ ਲੋਕ ਰੋਜ਼ਮਰਾ ਦੀਆਂ ਮੁਸ਼ਕਲਾਂ ਨਾਲ ਜੂਝਦੇ ਰਹੇ। ਇਸ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਦੁਹਰਾਇਆ ਕਿ ਬਟਾਲਾ ਸ਼ਹਿਰ ਸਮੇਤ ਵਿਧਾਨ ਸਭਾ ਹਲਕਾ ਬਟਾਲਾ ਦਾ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪੁੱਜਦਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।