ਅੰਮ੍ਰਿਤਸਰ ਨੂੰ ਨਮੂਨੇ ਦਾ ਸ਼ਹਿਰ ਬਣਾਵਾਂਗੇ: ਭਗਵੰਤ ਮਾਨ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਦਸੰਬਰ
ਨਗਰ ਨਿਗਮ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਇੱਥੇ ਸ਼ਹਿਰ ਵਿੱਚ ਰੋਡ ਸ਼ੋਅ ਕੀਤਾ ਗਿਆ। ਗੁਰੂ ਨਗਰੀ ਦੇ ਸਰਬਪੱਖੀ ਵਿਕਾਸ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਰਾਹ ਛੱਡ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੱਦਾ ਦਿੱਤਾ ਹੈ। ਸਥਾਨਕ ਹਾਲ ਬਾਜ਼ਾਰ ਵਿੱਚ ਕੀਤੇ ਰੋਡ ਸ਼ੋਅ ਸਮੇਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਗਰੀ ਦੇ ਵਿਕਾਸ ਵਾਸਤੇ ਉਹ ਕਦੇ ਵੀ ਨਾਂਹ ਨਹੀਂ ਆਖ ਸਕਦੇ ਅਤੇ ਸਥਾਨਕ ਸਰਕਾਰਾਂ ਦੇ ਪ੍ਰਤੀਨਿਧਾਂ ਵੱਲੋਂ ਜੋ ਵੀ ਲਿਖ ਕੇ ਆਵੇਗਾ, ਉਸ ਨੂੰ ਉਹ ਮਨਜ਼ੂਰ ਕਰ ਲੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਇੱਕ ਵਿਆਪਕ ਯੋਜਨਾ ਦੀ ਰੂਪ ਰੇਖਾ ਉਲੀਕਣ ’ਤੇ ਜ਼ੋਰ ਦਿੱਤਾ। ਉਨ੍ਹਾਂ ਪੁਰਾਣੇ ਬਾਜ਼ਾਰਾਂ ਦੀ ਕਾਇਆ ਕਲਪ ਕਰਨ ਅਤੇ ਭੀੜ-ਭੜੱਕੇ ਵਾਲੀਆਂ ਗਲੀਆਂ ਨੂੰ ਮੁੜ ਬਹਾਲ ਕਰਨ, ਓਵਰਹੈੱਡ ਤਾਰਾਂ ਨੂੰ ਭੂਮੀਗਤ ਕਰ ਕੇ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਵਾਤਾਵਰਨ ਨੂੰ ਬਿਹਤਰ ਬਣਾਉਣ ਲਈ ਅੰਮ੍ਰਿਤਸਰ-ਵਾਹਗਾ ਸੜਕ ਦੇ ਨਾਲ-ਨਾਲ ਪ੍ਰਦੂਸ਼ਤ ਡਰੇਨਾਂ ਦੀ ਸਫ਼ਾਈ ਕਰਨ ਦੀਆਂ ਯੋਜਨਾਵਾਂ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਵਿਰੋਧੀਆਂ ’ਤੇ ਆਪਸੀ ਲੜਾਈ ਅਤੇ ਲੋਕਾਂ ਦੀਆਂ ਲੋੜਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ’ਤੇ ਨਿਸ਼ਾਨਾ ਸਾਧਿਆ। ਰੋਡ ਸ਼ੋਅ ’ਚ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਭੁੱਲਰ ਅਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ਵਿਧਾਇਕ ਅਤੇ ਨਗਰ ਨਿਗਮ ਚੋਣ ਲੜ ਰਹੇ ‘ਆਪ’ ਉਮੀਦਵਾਰ ਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।
ਜਲੰਧਰ (ਹਤਿੰਦਰ ਮਹਿਤਾ):
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਪਹਿਰ 3 ਵਜੇ ਦੇ ਕਰੀਬ ਜਲੰਧਰ ਵਿੱਚ ਰੋਡ ਸ਼ੋਅ ਕੱਢਿਆ। ਨਗਰ ਨਿਗਮ ਚੋਣਾਂ ਨੂੰ ਲੈ ਕੇ ਜਲੰਧਰ ਵਿੱਚ ਮੁੱਖ ਮੰਤਰੀ ਸ੍ਰੀ ਮਾਨ ਦਾ ਇਹ ਪਹਿਲਾ ਰੋਡ ਸ਼ੋਅ ਹੈ। ਇਹ ਰੋਡ ਸ਼ੋਅ ਸ੍ਰੀ ਰਾਮ ਚੌਕ ਤੋਂ ਭਗਵਾਨ ਸ੍ਰੀ ਵਾਲਮੀਕਿ ਚੌਕ (ਜਯੋਤੀ ਚੌਕ) ਤੱਕ ਕੱਢਿਆ ਗਿਆ। ਜਲੰਧਰ ਕਮਿਸ਼ਨਰੇਟ ਪੁਲੀਸ ਨੇ ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਲੈ ਕੇ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਰੱਖੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੀ ਪਾਰਟੀ ਵੱਲੋਂ ਜਲੰਧਰ ਤੋਂ ਚੋਣ ਲੜ ਰਹੇ ਸਾਰੇ ਕੌਂਸਲਰ ਉਮੀਦਵਾਰਾਂ ਨੂੰ ਵਧਾਈ ਦਿੰਦੇ ਹਨ। ਉਹ ਜਲੰਧਰ ਦੇ ਵਿਕਾਸ ਲਈ ਪੈਸੇ ਜਾਰੀ ਕਰਨ ਲਈ ਤਿਆਰ ਹਨ, ਪਰ ਜੇਕਰ ਨਗਰ ਨਿਗਮ ਵਿੱਚ ਕੋਈ ਹੋਰ ਪਾਰਟੀ ਹੈ ਤਾਂ ਉਹ ਕੰਮ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਐੱਮ.ਸੀ. ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਆਪਣੇ ਸ਼ਹਿਰ ਦਾ ਵਿਕਾਸ ਕਰ ਕੇ ਜਲੰਧਰ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲੰਧਰ ਪੱਧਰ ’ਤੇ ਦਿੱਤੀਆਂ ਗਾਰੰਟੀਆਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਲੰਧਰ ਵਾਸੀਆਂ ਦੇ ਸਾਥ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨਾਲ ਜਲੰਧਰ ਦੀ ਸਾਰੀ ‘ਆਪ’ ਲੀਡਰਸ਼ਿਪ, ਵਰਕਰ ਅਤੇ ਉਮੀਦਵਾਰ ਸਨ।
‘ਆਪ’ ਨੇ ਆਮ ਉਮੀਦਵਾਰ ਚੋਣ ਮੈਦਾਨ ’ਚ ਉਤਾਰੇ: ਮੁੱਖ ਮੰਤਰੀ
ਫਗਵਾੜਾ (ਜਸਬੀਰ ਸਿੰਘ ਚਾਨਾ):
ਪੰਜਾਬ ਦੇ ਮੁੱਖ ਮੰਤਰੀ ਭਗਵੰਨ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਨੂੰ ਟਿਕਟਾਂ ਦੇ ਕੇ ਚੋਣ ਮੈਦਾਨ ’ਚ ਉਤਾਰਿਆ ਹੈ ਤਾਂ ਜੋ ਗਰੀਬੀ ’ਚੋਂ ਉੱਠੇ ਉਮੀਦਵਾਰ ਵੀ ਜਿੱਤ ਕੇ ਗਰੀਬਾਂ ਦੀ ਸੇਵਾ ਕਰ ਸਕਣ। ਇੱਥੇ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਫਗਵਾੜਾ ਇਤਿਹਾਸਕ ਸ਼ਹਿਰ ਹੈ ਤੇ ਇੱਥੇ ਦਾ ਨਕਸ਼ਾ ਬਦਲਣਾ ਸਾਡਾ ਕੰਮ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਬੁਰੀ ਤਰ੍ਹਾਂ ਬੁਖਲਾ ਗਏ ਹਨ ਜਿਸ ਦੇ ਚੱਲਦਿਆਂ ਕਾਂਗਰਸ ਦੀ ਉੱਚ ਲੀਡਰਸ਼ਿਪ ਉਲਟ-ਪੁਲਟ ਬਿਆਨ ਦੇ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ’ਤੇ ‘ਆਪ’ ਕਾਬਜ਼ ਹੋਵੇਗੀ ਤੇ ਸੂਬੇ ਦੇ ਵਿਕਾਸ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਫਗਵਾੜਾ ਸ਼ਹਿਰ ’ਚ ‘ਆਪ’ ਦਾ ਮੇਅਰ ਬਣਨ ’ਤੇ ਸ਼ਹਿਰ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਗਵਾੜਾ ’ਚ 50 ’ਚੋਂ 26 ਮਹਿਲਾ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਮਹਿਲਾਵਾਂ ਦਾ ਸਨਮਾਨ ਕਰਦਿਆਂ ਵੱਧ ਤੋਂ ਵੱਧ ਸੀਟਾਂ ਦਿੱਤੀਆਂ ਹਨ। ਉਨ੍ਹਾਂ ਵਰਕਰਾਂ ਨੂੰ ਵੱਧ ਤੋਂ ਵੱਧ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਲਈ ਕਿਹਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 21 ਦਸੰਬਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਆਪ ਪਾਰਟੀ ਨੂੰ ਕਾਮਯਾਬ ਕਰਨ। ਮੁੱਖ ਮੰਤਰੀ ਦੇ ਦੌਰੇ ਦੌਰਾਨ ਸਰਕਾਰੀ ਖੰਭਿਆਂ ਤੇ ਇਮਾਰਤਾਂ ’ਤੇ ਫ਼ਲੈਕਸ ਬੋਰਡ ਲੱਗੇ ਰਹੇ ਪਰ ਕਿਸੇ ਅਧਿਕਾਰੀ ਨੇ ਕਈ ਪਰਵਾਹ ਨਹੀਂ ਕੀਤੀ। ਰੋਡ ਸ਼ੋਅ ਦੌਰਾਨ ਲੋਕਾਂ ਦੀ ਗਿਣਤੀ ਘੱਟ ਤੇ ਪ੍ਰਸ਼ਾਸਨਿਕ ਅਮਲੇ ਦੀ ਗਿਣਤੀ ਜ਼ਿਆਦਾ ਨੂੰ ਦੇਖਣ ਨੂੰ ਮਿਲੀ।