ਹਰਿਆਣਾ ਨੂੰ ਵਿਸ਼ਵ ਸਿੱਖਿਆ ਦਾ ਕੇਂਦਰ ਬਣਾਵਾਂਗੇ: ਸੈਣੀ
ਪੀਪੀ ਵਰਮਾ
ਪੰਚਕੂਲਾ, 11 ਜਨਵਰੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਨੂੰ ਵਿਸ਼ਵ ਸਿੱਖਿਆ ਦਾ ਕੇਂਦਰ ਬਣਾਉਣ ਲਈ ਸਰਕਾਰ ਵੱਲੋਂ ਸੂਬੇ ’ਚ ਸਿੱਖਿਆ ਖੇਤਰ ਵਿੱਚ ਬਦਲਾਅ ਲਈ ਸਕੂਲ ਪੱਧਰ ਤੋਂ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧ ਵਿੱਚ ਮੁੱਖ ਮੰਤਰੀ ਸੈਣੀ ਨੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਹਨ ਕਿ ਸਾਰੇ ਸਕੂਲਾਂ ’ਚ ਕੌਮੀ ਸਿੱਖਿਆ ਨੀਤੀ ਅਨੁਸਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਅਨੁਪਾਤ ਨੂੰ ਯਕੀਨੀ ਬਣਾਉਂਦਿਆਂ, ਗੁਣਵੱਤਾ ਭਰਪੂਰ ਸਿੱਖਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ’ਚ ਅਧਿਆਪਕਾਂ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਨਵੇਂ ਸਿਰੇ ਤੋਂ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਆਉਣ ਵਾਲੇ ਵਿਦਿਅਕ ਸੈਸ਼ਨ ਦੌਰਾਨ ਸੂਬੇ ਦੇ ਕਿਸੇ ਵੀ ਸਕੂਲ ’ਚ ਅਧਿਆਪਕਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਮੁੱਖ ਮੰਤਰੀ ਦੇਰ ਸ਼ਾਮ ਮੌਲਿਕ ਸਿੱਖਿਆ, ਸਕੂਲ ਸਿੱਖਿਆ ਅਤੇ ਉੱਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿੱਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਵੀ ਹਾਜ਼ਰ ਸਨ।
ਇਸ ਦੌਰਾਨ ਸ੍ਰੀ ਸੈਣੀ ਨੇ ਹੁਕਮ ਦਿੱਤੇ ਕਿ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਦੂਰ ਕਰਨ ਲਈ ਵਿਆਪਕ ਯੋਜਨਾ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰਿਆਣਾ ’ਚ ਅਧਿਆਪਕਾਂ ਦੀ ਘਾਟ ਨਹੀਂ ਹੈ, ਸਿਰਫ਼ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਅਧਿਆਪਕਾਂ ਦੀ ਤਾਇਨਾਤੀ ਯਕੀਨੀ ਬਣਾਈ ਜਾਵੇ। ਨਵੇਂ ਵਿਦਿਅਕ ਸੈਸ਼ਨ ਤੋਂ ਪਹਿਲਾਂ ਇਸ ਨੂੰ ਮੁਕੰਮਲ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਪ੍ਰਤੀ ਜਨਤਾ ਵਿੱਚ ਭਰੋਸਾ ਪੈਦਾ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ। ਸਰਕਾਰ ਹਰ ਬੱਚੇ ਨੂੰ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੌਮੀ ਸਿੱਖਿਆ ਨੀਤੀ ਅਨੁਸਾਰ ਅੱਠਵੀਂ ਜਮਾਤ ਤਕ ਗੀਤਾ ਨੂੰ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇ।