ਗੁਰੂਗ੍ਰਾਮ ਦੇ ਹਸਪਤਾਲ ਦਾ ਨਾਂ ਗੁਰੂ ਨਾਨਕ ਦੇਵ ਦੇ ਨਾਂ ’ਤੇ ਰੱਖਾਂਗੇ: ਸੈਣੀ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 16 ਨਵੰਬਰ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਡਵਾ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕਰਕੇ ਸੂਬੇ ਦੇ ਲੋਕਾਂ ਦੀ ਭਲਾਈ ,ਖੁਸ਼ਹਾਲੀ ਦੀ ਕਾਮਨਾ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਸਿਰਪਾਉ ਭੇਟ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਗੁਰੂ ਨਾਨਕ ਦੇਵ ਜੀ ਵਰਗੇ ਮਹਾਂਪੁਰਖਾਂ ਤੇ ਸੰਤਾਂ ਦੀਆਂ ਸਿੱਖਿਆਵਾਂ ’ਤੇ ਚਲ ਕੇ ਜ਼ਮੀਨੀ ਪੱਧਰ ’ਤੇ ਲੋਕ ਭਲਾਈ ਦੇ ਕੰਮਾਂ ਨੂੰ ਲਾਗੂ ਕਰ ਰਹੀ ਹੈ। ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾ ਕੇ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਗੁਰੂਗ੍ਰਾਮ ਵਿੱਚ ਨਿਰਮਾਣ ਅਧੀਨ 700 ਬਿਸਤਰਿਆਂ ਵਾਲੇ ਹਸਪਤਾਲ ਦਾ ਨਾਂ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ 104 ਪੰਜਾਬੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਕੰਮ ਕੀਤਾ ਹੈੇ। ਇਸ ਮੌਕੇ ਡੀਸੀ ਨੇਹਾ ਸਿੰਘ, ਪੁਲੀਸ ਕਪਤਾਨ ਵਰੁਣ ਸਿੰਗਲਾ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਧਰਮਵੀਰ ਮਿਰਜਾਪੁਰ, ਲਾਡਵਾ ਨਗਰ ਕੌਂਸਲ ਦੀ ਚੇਅਰਪਰਸਨ ਸਾਕਸ਼ੀ ਖੁਰਾਣਾ, ਭਾਜਪਾ ਨੇਤਾ ਨੈਬ ਸਿੰਘ ਪਟਾਕ ਮਾਜਰਾ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸੁਰਿੰਦਰ ਸਿੰਘ, ਗੁਰਦੀਪ ਸਿੰਘ, ਅਮਰਜੀਤ ਸਿੰਘ, ਭੁਪਿੰਦਰ ਸਿੰਘ ਮੌਜੂਦ ਸਨ।
ਬਾਬੇ ਨਾਨਕ ਦੇ ਨਾਮ ’ਤੇ ਹਸਪਤਾਲ ਬਣਾਉਣ ’ਤੇ ਸਿੱਖ ਭਾਈਚਾਰੇ ’ਚ ਖੁਸ਼ੀ
ਪਿਹੋਵਾ (ਪੱਤਰ ਪ੍ਰੇਰਕ): ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਗਏ ਐਲਾਨ ਕਾਰਨ ਸਿੱਖ ਕੌਮ ਵਿੱਚ ਖੁਸ਼ੀ ਦਾ ਮਾਹੌਲ ਹੈ| ਅੰਤਰਰਾਸ਼ਟਰੀ ਗੀਤਾ ਜੈਅੰਤੀ ਮਹੋਤਸਵ ਦੇ ਮੈਂਬਰ ਅਤੇ ਭਾਜਪਾ ਸਪੋਰਟਸ ਸੈੱਲ ਦੇ ਸਾਬਕਾ ਸੂਬਾ ਕੋਆਰਡੀਨੇਟਰ ਡਾ. ਅਵਨੀਤ ਸਿੰਘ ਵੜੈਚ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਐਲਾਨ ਅਨੁਸਾਰ ਗੁਰੂਗ੍ਰਾਮ ਵਿੱਚ 700 ਬਿਸਤਰਿਆਂ ਦਾ ਸਰਕਾਰੀ ਹਸਪਤਾਲ ਬਣਾਇਆ ਜਾਵੇਗਾ। ਰਾਜ ਸਰਕਾਰ ਦੇ ਸ਼ਾਸਨ ਵਿੱਚ ਹੋਏ ਵਿਕਾਸ ਕਾਰਜਾਂ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਬਣਨ ਵਾਲੇ ਇਸ ਹਸਪਤਾਲ ’ਤੇ 1000 ਕਰੋੜ ਰੁਪਏ ਦੀ ਲਾਗਤ ਆਵੇਗੀ। ਜਿਸ ਨਾਲ ਲੱਖਾਂ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਵੱਲੋਂ ਸਿੱਖ ਸੰਗਤ ਨੂੰ ਇਸ ਤੋਂ ਵੱਡਾ ਕੋਈ ਤੋਹਫ਼ਾ ਨਹੀਂ ਹੋ ਸਕਦਾ।