ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦੇਵਾਂਗੇ: ਸੁਖਬੀਰ
ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 6 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਸ਼ਮਸ਼ੇਰ ਪੁਰਖਾਲਵੀ ਨੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਹੋਰਨਾਂ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਸਮੁੱਚਾ ਐੱਸਸੀ ਵਰਗ ਅਤੇ ਮੌਜੂਦਾ ਢਾਂਚਾ ਚੱਟਾਨ ਵਾਂਗ ਉਨ੍ਹਾਂ (ਸੁਖਬੀਰ) ਦੇ ਨਾਲ ਖੜ੍ਹਾ ਹੈ। ਇਸ ਮੌਕੇ ਆਗੂਆਂ ਨੇ ਪਾਰਟੀ ਦੇ ਮੌਜੂਦਾ ਹਾਲਾਤਾਂ ਬਾਰੇ ਵੀ ਚਰਚਾ ਕੀਤੀ। ਸੁਖਬੀਰ ਬਾਦਲ ਨੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਤਕੜੇ ਹੋ ਕੇ ਪਾਰਟੀ ਦੀ ਮਜ਼ਬੂਤੀ ਅਤੇ ਸਰਕਾਰਾਂ ਦੀਆਂ ਵਧੀਕੀਆਂ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਔਖੇ ਸਮੇਂ ਪਾਰਟੀ ਨਾਲ ਖੜ੍ਹਨ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਮਿਹਨਤੀ ਤੇ ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਪੁਰਖਾਲਵੀ ਨੇ ਮੌਜੂਦਾ ਹਕੂਮਤ ਵੱਲੋਂ ਬੰਦ ਕੀਤੀਆਂ ਭਲਾਈ ਸਕੀਮਾਂ ਅਤੇ ਭ੍ਰਿਸ਼ਟਾਚਾਰ ਕਾਰਨ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਇਆ।
ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸਾ, ਸੀਨੀਅਰ ਆਗੂ ਸੁਖਵਿੰਦਰ ਸਿੰਘ ਛਿੰਦੀ, ਨੰਬਰਦਾਰ ਕਰਮਜੀਤ ਸਿੰਘ ਮੌਲੀ ਵੀ ਹਾਜ਼ਰ ਸਨ।