For the best experience, open
https://m.punjabitribuneonline.com
on your mobile browser.
Advertisement

ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦੇਵਾਂਗੇ: ਮਾਨ

08:45 AM Jul 26, 2024 IST
ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦੇਵਾਂਗੇ  ਮਾਨ
ਜਲੰਧਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਮਲਕੀਅਤ ਸਿੰਘ
Advertisement

ਪੱਤਰ ਪ੍ਰੇਰਕ
ਜਲੰਧਰ, 25 ਜੁਲਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਝਾ ਤੇ ਦੋਆਬਾ ਦੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਖੇਤਰ ਦੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਜਲੰਧਰ ਅਤੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਨਾਲ ਸਬੰਧਤ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਗਤੀ ਵਿੱਚ ਕੋਈ ਰੁਕਾਵਟ ਨਾ ਆਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮਾਝੇ ਅਤੇ ਦੋਆਬੇ ਦੇ ਬਾਕੀ ਸ਼ਹਿਰਾਂ ਦੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਕਿ ਦਫ਼ਤਰ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਦੀ ਗੱਲ ਸੁਣੀ ਜਾਵੇ ਅਤੇ ਜਦੋਂ ਤੱਕ ਦਫ਼ਤਰ ਪਹੁੰਚੇ ਹਰੇਕ ਵਿਅਕਤੀ ਦੀ ਸੁਣਵਾਈ ਨਹੀਂ ਹੁੰਦੀ, ਉਦੋਂ ਤੱਕ ਦਫ਼ਤਰ ਨਾ ਛੱਡਿਆ ਜਾਵੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੀ ਸਭ ਤੋਂ ਵੱਧ ਤਰਜੀਹ ਆਮ ਲੋਕਾਂ ਦੇ ਰੋਜ਼ਾਨਾ ਦੇ ਦਫ਼ਤਰੀ ਕੰਮਕਾਜ ਨੂੰ ਪਹਿਲ ਦੇ ਆਧਾਰ ’ਤੇ ਨਿਬੇੜਨਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਆਖਿਆ ਕਿ ਜ਼ਿਲ੍ਹਾ ਪੱਧਰ ’ਤੇ ਸੀਐੱਮ ਵਿੰਡੋ ਸਥਾਪਤ ਕੀਤੀ ਜਾ ਰਹੀ ਹੈ, ਜਿੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਸਬੰਧਤ ਹਲਕੇ ਦੇ ਵਿਧਾਇਕ ਲੋਕਾਂ ਦੇ ਮਸਲੇ ਹੱਲ ਕਰਵਾਉਣ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਦੇ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕਰ ਲਿਆ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਜਲੰਧਰ, ਕਪੂਰਥਲਾ, ਤਰਨ ਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਜ਼ਿਲ੍ਹਿਆਂ ਦੇ ਸਿਵਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×