ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ’ਚ ਦਿੱਕਤ ਨਹੀਂ ਆਉਣ ਦੇਵਾਂਗੇ: ਬਰਸਟ
ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 9 ਸਤੰਬਰ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਪੰਜਾਬ ਮਾਰਕੀਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਈ। ਇਸ ਵਿੱਚ ਮੰਡੀਆਂ ਦੇ ਵਿਕਾਸ, ਸੀਜ਼ਨਲ ਪ੍ਰਬੰਧਾਂ ਅਤੇ ਫੀਲਡ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਬਾਰੇ ਚਰਚਾ ਕੀਤੀ ਗਈ। ਮਾਰਕੀਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਜਿੱਥੇ ਬੋਰਡ ਦੇ ਚੇਅਰਮੈਨ ਵੱਲੋਂ ਕਿਸਾਨਾਂ, ਕਰਮਚਾਰੀਆਂ, ਆੜ੍ਹਤੀਆਂ, ਮਜ਼ਦੂਰਾਂ ਪੱਖੀ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ, ਉੱਥੇ ਸੀਜ਼ਨ ਦੌਰਾਨ ਫ਼ੀਲਡ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵੀ ਜਾਣੂ ਕਰਵਾਇਆ। ਇਨ੍ਹਾਂ ਦਾ ਮੌਕੇ ’ਤੇ ਨਿਬੇੜਾ ਕਰਵਾਉਂਦਿਆਂ ਚੇਅਰਮੈਨ ਨੇ ਭਰੋਸਾ ਦਿੱਤਾ ਕਿ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਬਰਸਟ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਦੇ ਹਿੱਤ ਨੂੰ ਪਹਿਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ, ਜਿਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਦੀ ਸਫ਼ਾਈ, ਬਿਜਲੀ-ਪਾਣੀ, ਬਾਥਰੂਮਾਂ ਅਤੇ ਛਾਂ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ।
ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੀ ਸਕੱਤਰ ਨੀਲਿਮਾ, ਸੰਯੁਕਤ ਸਕੱਤਰ ਗੀਤਿਕਾ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ ਸਣੇ ਯੂਨੀਅਨ ਦੇ ਮੈਂਬਰ ਪਰਮਜੀਤ ਸਿੰਘ, ਲਵਪ੍ਰੀਤ ਸਿੰਘ, ਸੁਖਬੀਰ ਸਿੰਘ ਗਰੇਵਾਲ, ਰੋਹਿਨ ਸਿੰਗਲਾ, ਤੇਜਿੰਦਰ ਸਿੰਘ ਭੰਗੂ ਅਤੇ ਵਿਕਰਮ ਸਿੰਘ ਵੀ ਮੌਜੂਦ ਸਨ।