ਸਿੱਖਾਂ ਦੀ ਕਿਰਦਾਰਕੁਸ਼ੀ ਲਈ ਬਣਾਈ ਫ਼ਿਲਮ ਨੂੰ ਬਰਦਾਸ਼ਤ ਨਹੀਂ ਕਰਾਂਗੇ: ਧਾਮੀ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੈਂਸੀ’ ਉੱਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਦਾਕਾਰਾ ਕੰਗਨਾ ਰਣੌਤ ਨੇ ਜਾਣ-ਬੁੱਝ ਕੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਇਹ ਫਿਲਮ ਬਣਾਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦੇ ਸ਼ਹੀਦਾਂ ਬਾਰੇ ਸਿੱਖ ਵਿਰੋਧੀ ਬਿਰਤਾਂਤ ਸਿਰਜ ਕੇ ਕੌਮ ਦਾ ਨਿਰਾਦਰ ਕਰਨ ਦੀ ਇਹ ਘਟੀਆ ਹਰਕਤ ਹੈ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕਿਆ ਹੈ ਜਦਕਿ ਕੰਗਨਾ ਰਣੌਤ ਦੀ ਇਸ ਫਿਲਮ ਰਾਹੀਂ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਝੀ ਹਰਕਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਸ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰੇ। ਉਨ੍ਹਾਂ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਤੋਂ ਐਮਰਜੈਂਸੀ ਫਿਲਮ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ।
ਸਿੱਖ ਆਪਣੇ ਸ਼ਹੀਦਾਂ ਦੀ ਨਕਲ ਬਰਦਾਸ਼ਤ ਨਹੀਂ ਕਰਨਗੇ: ਜਥੇਦਾਰ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਫਿਲਮ ‘ਐਮਰਜੈਂਸੀ’ ਵਿੱਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਕਿਰਦਾਰ ਗ਼ਲਤ ਰੂਪ ਵਿੱਚ ਦਿਖਾ ਕੇ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਆਪਣੇ ਸ਼ਹੀਦਾਂ-ਮੁਰੀਦਾਂ ਦੀ ਫਿਲਮਾਂ ਵਿੱਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਤੁਰੰਤ ‘ਐਮਰਜੈਂਸੀ’ ਫਿਲਮ ਵਿਚਲੇ ਇਤਰਾਜ਼ਯੋਗ ਅਤੇ ਸਿੱਖਾਂ ਦੇ ਅਕਸ ਤੇ ਇਤਿਹਾਸ ਦੀ ਗ਼ਲਤ ਪੇਸ਼ਕਾਰੀ ਕਰਨ ਵਾਲੇ ਦ੍ਰਿਸ਼ਾਂ ਨੂੰ ਨਾ ਹਟਾਇਆ ਤਾਂ ਨਿਕਲਣ ਵਾਲੇ ਸਿੱਟਿਆਂ ਲਈ ਸਿੱਧੇ ਤੌਰ ’ਤੇ ਸਰਕਾਰ ਜ਼ਿੰਮੇਵਾਰ ਹੋਵੇਗੀ।