ਸਰਹੱਦੀ ਪਿੰਡਾਂ ’ਚ 5 ਹਜ਼ਾਰ ਹੋਮਗਾਰਡਾਂ ਦੀ ਭਰਤੀ ਕਰਾਂਗੇ: ਕਟਾਰੂਚੱਕ
ਐੱਨਪੀ. ਧਵਨ
ਪਠਾਨਕੋਟ, 26 ਮਾਰਚ
ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨੇਪਰੇ ਚਾੜਨ ਲਈ ਅੰਤਰਰਾਸ਼ਟਰੀ ਸਰਹੱਦ ’ਤੇ ਬੀਐੱਸਐੱਫ ਤੋਂ ਬਾਅਦ ਪੰਜਾਬ ਦੀ ਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਬਣਾਉਣ ਲਈ ਅਤਿ ਆਧੁਨਿਕ ਐਂਟੀ ਡਰੋਨ ਤਕਨਾਲੋਜੀ ਤੇ ਹੋਰ ਮਸ਼ੀਨਰੀ ਲਗਾਈ ਜਾਵੇਗੀ। ਸਰਹੱਦੀ ਖੇਤਰ ਵਿਚ 5 ਹਜ਼ਾਰ ਹੋਮਗਾਰਡ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਹ ਗੱਲ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੇ ਹਵਾਲੇ ਨਾਲ ਕਹੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਦੇ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਨਾਲ ਲੱਗਦੀ ਕੌਮਾਂਤਰੀ ਸਰਹੱਦ ਦੇ ਪਿੰਡਾਂ ਵਿਚ ਨੌਜਵਾਨਾਂ ਨੂੰ ਹੋਮਗਾਰਡ ਵਿੱਚ ਭਰਤੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਰਹੱਦੀ ਇਲਾਕੇ ਅੰਦਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੇ ਜਾਂਦੇ ਨਸ਼ਿਆਂ ਅਤੇ ਹਥਿਆਰਾਂ ਨੂੰ ਫੜਨ ਲਈ 110 ਕਰੋੜ ਰੁਪਏ ਦੀ ਲਾਗਤ ਨਾਲ ਯੰਤਰਾਂ ਦੀ ਖਰੀਦੋ-ਫਰੋਖਤ ਕੀਤੀ ਜਾਵੇਗੀ। ਸਰਹੱਦ ’ਤੇ ਨਸ਼ਾ ਤਸਕਰਾਂ ਨੂੰ ਫੜਨ ਲਈ 758 ਚਾਰਪਹੀਆ ਵਾਹਨ ਅਤੇ 916 ਦੁਪਹੀਆ ਵਾਹਨਾਂ ਦੀ ਖਰੀਦ ਕਰਕੇ ਸੈਕਿੰਡ ਲਾਈਨ ਆਫ ਡਿਫੈਂਸ ਵਿੱਚ ਹੋਮ ਗਾਰਡ ਜਵਾਨ ਤਾਇਨਾਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ, ਜਿਸ ਨੂੰ ਪਿਛਲੀਆਂ ਸਰਕਾਰਾਂ ਹੱਲ ਕਰਨ ਵਿੱਚ ਅਸਫ਼ਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਅਣਗਿਣਤ ਜ਼ਿੰਦਗੀਆਂ ਤਬਾਹ ਕਰ ਚੁੱਕਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਰੱਖਿਆ ਸੀ।