ਸ਼ਗਨ ਕਟਾਰੀਆਬਠਿੰਡਾ, 29 ਨਵੰਬਰਸਿਹਤ ਮੰਤਰੀ ਬਲਬੀਰ ਸਿੰਘ ਨੇ ਅੱਜ ਇੱਥੇ ਸਿਵਲ ਹਸਪਤਾਲ ਵਿੱਚ ਜ਼ਿਲ੍ਹੇ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਅਤੇ ਆਮ ਲੋਕਾਂ ਨੂੰ ਮੁਹੱਈਆ ਕੀਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਵੀ ਲਿਆ।ਸਿਹਤ ਮੰਤਰੀ ਨੇ ਕਿਹਾ ਕਿ ਦਵਾਈਆਂ ਨਾਲ ਨਹੀਂ, ਸਗੋਂ ਚੰਗੀ ਖੁਰਾਕ ਨਾਲ ਸਿਹਤ ਬਣਾਈ ਜਾ ਸਕਦੀ ਹੈ। ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਥਾਨਕ ਹਸਪਤਾਲ ਵਿੱਚ ਮੈਡੀਕਲ ਵਿਦਿਆਰਥੀਆਂ ਨੂੰ ਸਿਖਲਾਈ ਦੇ ਕੇ ਉਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣ। ਉਨ੍ਹਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲਾਜ਼ਮੀ ਮੈਡੀਕਲ ਟੈਸਟ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਅਤੇ ਹਰ ਹਫਤੇ ਸ਼ੁੱਕਰਵਾਰ ਵਾਲੇ ਦਿਨ ਡਰਾਈ ਡੇਅ ਮਨਾਇਆ ਜਾਵੇ।ਸਿਹਤ ਮੰਤਰੀ ਨੇ ਡਾਕਟਰੀ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਸਪਤਾਲ ਅੰਦਰ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੇ ਸਾਰੇ ਹਸਪਤਾਲਾਂ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਜ਼ਿਲ੍ਹਾ ਪੱਧਰ ’ਤੇ ਅਤੇ ਫਿਰ ਕਮਿਊਨਿਟੀ ਹੈਲਥ ਸੈਂਟਰਾਂ ਦਾ ਨਵੀਨੀਕਰਨ ਕੀਤਾ ਜਾਵੇਗਾ।ਵਿਧਾਇਕ ਜਗਰੂਪ ਸਿੰਘ ਗਿੱਲ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਾਂ ’ਤੇ ਚੰਗੀਆਂ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਡਾਇਲਸੈਸ, ਫਿਜ਼ੀਓਥਰੈਪੀ ਵਰਗੀਆਂ ਆਧੁਨਿਕ ਤਕਨੀਕ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਜੋ ਕਿ ਆਮ ਲੋਕਾਂ ਲਈ ਬਹੁਤ ਸਹਾਈ ਸਿੱਧ ਹੋ ਰਹੀਆਂ ਹਨ। ਕੈਬਨਿਟ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਤ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ, ਚੇਅਰਮੈਨ ਆਬਕਾਰੀ ਅਤੇ ਕਰ ਵਿਭਾਗ ਅਨਿਲ ਠਾਕੁਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤ ਲਾਲ ਅਗਰਵਾਲ, ਕਾਰਜਕਾਰੀ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ, ਜ਼ਿਲ੍ਹਾ ਸਿਹਤ ਅਫ਼ਸਰ ਊਸ਼ਾ ਗੋਇਲ ਅਤੇ ਪਤਵੰਤੇ ਹਾਜ਼ਰ ਸਨ।