‘ਆਪ’ ਦੀ ਧੱਕੇਸ਼ਾਹੀ ਦਾ ਸਰਕਾਰ ਆਉਣ ’ਤੇ ਜਵਾਬ ਦੇਵਾਂਗੇ: ਵੜਿੰਗ
ਅਸ਼ਵਨੀ ਗਰਗ/ਸੁਭਾਸ਼ ਚੰਦਰ
ਸਮਾਣਾ, 16 ਦਸੰਬਰ
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਇਸ਼ਾਰਿਆਂ ਤੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨਾਲ ਧੱਕੇਸ਼ਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਉਨ੍ਹਾਂ ਦੀ ਸਰਕਾਰ ਆਉਣ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਹ ਸੋਮਵਾਰ ਨੂੰ ਸਮਾਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਰਿਸ਼ੂ ਸਿੰਗਲਾ ਦੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ, ਮਨੂੰ ਸ਼ਰਮਾ ਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਚਿੰਤਾਜਨਕ ਹੈ। ਕੇਂਦਰ ਤੇ ਪੰਜਾਬ ਸਰਕਾਰ ਪਹਿਲ ਦੇ ਆਧਾਰ ’ਤੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਿਸਾਨ ਆਗੂ ਦਾ ਮਰਨ ਵਰਤ ਖ਼ਤਮ ਕਰਵਾਉਣ।
ਸ੍ਰੀ ਵੜਿੰਗ ਨੇ ਕਿਹਾ ਕਿ ‘ਆਪ’ ਨੂੰ ਲੋਕਾਂ ਨੇ ਵੱਡੇ ਭਰੋਸੇ ਤੇ ਵਿਸ਼ਵਾਸ ਨਾਲ ਜਿਤਾਇਆ ਸੀ ਪਰ ਇਸ ਸਰਕਾਰ ਨੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਹੀ ਪਾਰ ਕਰ ਦਿੱਤੀਆਂ। ਲੋਕਾਂ ਨੂੰ ਚੋਣਾਂ ਲੜਨ ਲਈ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਹੀ ਦਾਖ਼ਲ ਨਹੀਂ ਕਰਨ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਜੇ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ‘ਆਪ’ ਨੇ ਸੂਬੇ ਜਾਂ ਇੱਥੋਂ ਦੇ ਲੋਕਾਂ ਦੇ ਹੱਕ ’ਚ ਕੀਤਾ ਹੁੰਦਾ ਤਾਂ ਅਜਿਹੇ ਕੰਮ ਕਰਨ ਦੀ ਲੋੜ ਨਾ ਪੈਂਦੀ।
ਧੱਕੇਸ਼ਾਹੀ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੇ ਸਰਕਾਰ ਦੀ ਕਥਿਤ ਸ਼ਹਿ ’ਤੇ ਸੰਵਿਧਾਨ ਦੀਆਂ ਧੱਜੀਆਂ ਉੱਡਾਈਆਂ ਹਨ। ਇੱੱਥੇ ਪਾਰਟੀ ਆਗੂਆਂ ਨਾਲ ਇੱਕ ਹੋਟਲ ’ਚ ਮੀਟਿੰਗ ਦੌਰਾਨ ਪੁੱਜੇ ਸ੍ਰੀ ਵੜਿੰਗ ਨੇ ਕਿਹਾ ਕਿ ਪਟਿਆਲਾ ਦੇ ਐੱਸਐੱਸਪੀ ਤੇ ਡੀਸੀ ਦੀ ਕਥਿਤ ਢਿੱਲ ਕਾਰਨ ‘ਆਪ’ ਵੱਲੋਂ ਤਾਕਤ ਦੀ ਨਾਜਾਇਜ਼ ਵਰਤੋਂ ਕੀਤੀ ਗਈ। ਸ੍ਰੀ ਵੜਿੰਗ ਨੇ ਕਿਹਾ ਕਿ ਅੱਜ ਪ੍ਰਤਾਪ ਸਿੰਘ ਬਾਜਵਾ ਇਸੇ ਮੁੱਦੇ ਤੇ ਚੋਣ ਕਮਿਸ਼ਨ ਨੂੰ ਮਿਲਣ ਗਏ ਹਨ। ਡਾ. ਧਰਮਵੀਰ ਗਾਂਧੀ ਇਸ ਮੁੱਦੇ ਨੂੰ ਸੁਪਰੀਮ ਕੋਰਟ ਤੱਕ ਲਿਜਾਣ ਦੀ ਤਿਆਰੀ ਕਰ ਰਹੇ ਹਨ। ਇਸ ਮੌਕੇ ਡਾ. ਧਰਮਵੀਰ ਗਾਂਧੀ, ਕਾਕਾ ਰਾਜਿੰਦਰ ਸਿੰਘ, ਹਰਿੰਦਰਪਾਲ ਹੈਰੀਮਾਨ, ਦਰਬਾਰਾ ਸਿੰਘ, ਹਰਦਿਆਲ ਸਿੰਘ ਕੰਬੋਜ, ਕਾਕਾ ਰਣਦੀਪ ਸਿੰਘ, ਵਿਸ਼ਣੂ ਸ਼ਰਮਾ ਆਦਿ ਹਾਜ਼ਰ ਸਨ।