ਸ਼ਤਾਬਦੀ ਸਮਾਗਮਾਂ ਦੌਰਾਨ ਸੰਗਤ ਦੀ ਹਰ ਸਹੂਲਤ ਦਾ ਧਿਆਨ ਰੱਖਾਂਗੇ: ਲਾਲਪੁਰਾ
ਜਤਿੰਦਰ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 14 ਸਤੰਬਰ
ਗੁਰੂ ਅਮਰਦਾਸ ਜੀ ਦੇ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਤੋਂ ਪਹਿਲਾਂ ਅੱਜ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਗੁਰਦੁਆਰਾ ਬਾਉਲੀ ਸਾਹਿਬ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐੱਸਡੀਐੱਮ ਸਚਿਨ ਪਾਠਕ, ਡੀਐੱਸਪੀ ਰਵੀਸ਼ੇਰ,ਨਿਰਮਲ ਸਿੰਘ ਢੋਟੀ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਗੁਰੂ ਘਰ ਨਤਮਸਤਕ ਹੋਣ ਉਪਰੰਤ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨੂੰ ਹਦਾਇਤਾਂ ਦਿੰਦਿਆਂ ਸੰਗਤ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਵਿਧਾਇਕ ਲਾਲਪੁਰਾ ਨੇ ਆਖਿਆ ਕਿ 15 ਤੋਂ 18 ਸਤੰਬਰ ਤੱਕ ਗੁਰੂ ਅਮਰਦਾਸ ਦੇ ਸ਼ਤਾਬਦੀ ਸਮਾਗਮਾਂ ਵਿੱਚ ਹਾਜ਼ਰੀ ਭਰਨ ਆਈਆਂ ਸੰਗਤਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸ਼ਤਾਬਦੀ ਮੌਕੇ ਗੁਰੂ ਘਰ ਆਉਣ ਵਾਲੀ ਸੰਗਤ ਲਈ ਵੱਖ-ਵੱਖ ਰੂਟਾ ਤੋਂ ਮੁਫ਼ਤ ਬੱਸ ਸਹੂਲਤ ਦੇ ਨਾਲ-ਨਾਲ 40 ਦੇ ਕਰੀਬ ਈ-ਰਿਕਸ਼ਾ ਚਲਾਏ ਜਾ ਰਹੇ ਹਨ। ਸੰਗਤ ਦੇ ਠਹਿਰਨ ਲਈ ਸਰਕਾਰੀ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ 20 ਦੇ ਕਰੀਬ ਮੈਡੀਕਲ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲੀਸ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ ਸੰਗਤ ਦੀ ਸੁਰੱਖਿਆ ਨੂੰ ਮੁੱਖ ਰੱਖਦਿਆ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਕੁਲਦੀਪ ਸਿੰਘ ਲਹੌਰੀਆ, ਸੁਖਵਿੰਦਰ ਸਿੰਘ ਧਾਲੀਵਾਲ ਤੇ ਐੱਸਐੱਚਓ ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।
ਸ਼ਤਾਬਦੀ ਸਮਾਗਮਾਂ ਵਿੱਚ ਭਲਕੇ ਸ਼ਾਮਲ ਹੋਣਗੇ ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਤਾਬਦੀ ਸਮਾਗਮਾਂ ਵਿੱਚ ਹਾਜ਼ਰੀ ਭਰਨ ਲਈ 16 ਸਤੰਬਰ ਨੂੰ ਗੁਰਦੁਆਰਾ ਬਾਉਲੀ ਸਾਹਿਬ ਨਤਮਸਤਕ ਹੋਣਗੇ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਆਖਿਆ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈਕੇ ਸਾਰੇ ਯੋਗ ਪ੍ਰਬੰਧ ਕੀਤੇ ਜਾ ਚੁੱਕੇ ਹਨ।