ਪੰਜਾਬ ਨੂੰ ਹਰ ਖੇਤਰ ’ਚ ਅੱਗੇ ਲਿਜਾਵਾਂਗੇ: ਭਗਵੰਤ ਮਾਨ
ਸੁਰਜੀਤ ਮਜਾਰੀ
ਬੰਗਾ, 16 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਆਪ’ ਸਰਕਾਰ ਦੇ ਦੋ ਸਾਲ ਪੂਰੇ ਹੋਣ ’ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਨ੍ਹਾਂ ਦੀ ਯਾਦਗਾਰ ’ਤੇ ਨਤਮਸਤਕ ਹੋਏ। ਉਨ੍ਹਾਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾ ਕੇ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਵੱਡੇ ਉਪਰਾਲੇ ਕਰਨ ਦਾ ਅਹਿਦ ਲਿਆ। ਸ਼ਹੀਦ ਭਗਤ ਸਿੰਘ ਦੇ ਜੀਵਨ ਸੰਘਰਸ਼ ਨੂੰ ਦਰਸਾਉਣ ਲਈ ਅਤਿ ਅਧੁਨਿਕ ਤਕਨੀਕ ਵਾਲੇ ਅਜਾਇਬਘਰ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਦੀ ਮਜਬੂਰੀ ਨੂੰ ਉਨ੍ਹਾਂ ਦੀ ਮਰਜ਼ੀ ’ਚ ਬਦਲਣਾ ਚਾਹੁੰਦੇ ਹਨ ਤਾਂ ਜੋ ਹਰ ਖੇਤਰ ’ਚ ਕਿਸੇ ਤਰ੍ਹਾਂ ਦੇ ਵਖਰੇਵੇਂ ਦੀ ਬਜਾਏ ਇਕਸਾਰਤਾ ਦਾ ਵਾਸ ਹੋੋ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਆਜ਼ਾਦੀ ਅਤੇ ਜਮਹੂਰੀਅਤ ਨੂੰ ਖ਼ਤਰੇ ਵਿੱਚ ਪਾ ਕੇ ਸਾਬੋਤਾਜ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਕੇਂਦਰੀ ਏਜੰਸੀਆਂ ਨੂੰ ਵਿਰੋਧੀ ਧਿਰ ਦੀ ਆਵਾਜ਼ ਬੰਦ ਕਰਨ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਆਰਡੀਨੈਂਸ ਲਿਆ ਕੇ ਨਿਆਂਪਾਲਿਕਾ ਦੇ ਹੁਕਮਾਂ ਨੂੰ ਉਲਟਾਇਆ ਜਾ ਰਿਹਾ ਹੈ ਅਤੇ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਗਣਤੰਤਰ ਦਿਵਸ ਪਰੇਡ ’ਚ ਸੂਬੇ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਲਈ ਉਨ੍ਹਾਂ ਭਾਜਪਾ ਨੂੰ ਚੋਣਾਂ ’ਚ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ। ਉਨ੍ਹਾਂ ਆਪਣੀ ਸਰਕਾਰ ਦੀਆਂ ਦੋ ਸਾਲ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਅਕਾਲੀ ਦਲ ’ਚ ਪਰਤਣ ਵਾਲੇ ਕੁਝ ਆਗੂਆਂ ’ਤੇ ਤਨਜ਼ ਕੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਸਿਆਸੀ ਭਵਿੱਖ ਖ਼ਤਮ ਹੋ ਚੁੱਕਾ ਹੈ। ਉਹ ਅਕਾਲੀ ਦਲ ’ਚ ਘਰ ਵਾਪਸੀ ਤਾਂ ਕਰ ਸਕਦੇ ਹਨ ਪਰ ਲੋਕਾਂ ਦੇ ਦਿਲਾਂ ’ਚ ਨਹੀਂ ਵਸ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸੀ ਮੌਕਾਪ੍ਰਸਤ ਸਿਰਫ਼ ਸੱਤਾ ਦੀ ਖਾਤਰ ਆਪਣੀਆਂ ਵਫ਼ਾਦਾਰੀਆਂ ਬਦਲ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਵੀ ਭੇਟ ਕੀਤੇ। ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਆਦਿ ਵੀ ਹਾਜ਼ਰ ਸਨ।