ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਵਿੱਢਾਂਗੇ: ਪਾਸਲਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਜੁਲਾਈ
ਭਾਰਤ ਦੀ ਮਾਰਕਸਵਾਦੀ ਕਮਿਊਨਿਸਟ ਪਾਰਟੀ-ਯੂਨਾਈਟਿਡ (ਐੱਮਸੀਪੀਆਈ-ਯੂ) ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ’ਤੇ ਆਧਾਰਿਤ ‘ਕਮਿਊਨਿਸਟ ਕੋ-ਆਰਡੀਨੇਸ਼ਨ ਕਮੇਟੀ’ (ਸੀਸੀਸੀ) ਵੱਲੋਂ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਦੇ ਮੁੱਖ ਮਤੇ ਰਾਹੀਂ ਆਰਐੱਸਐੱਸ ਦੇ ਭਾਰਤ ’ਚ ਧਰਮ ਆਧਾਰਤ ਕੱਟੜ ਹਿੰਦੂ ਰਾਸ਼ਟਰ ਕਾਇਮ ਕਰਨ ਦੇ ਮਨਸੂਬਿਆਂ ਤੋਂ ਸੁਚੇਤ ਹੋਣ ਦਾ ਸੱਦਾ ਦਿੱਤਾ ਗਿਆ। ਆਰਐੱਮਪੀਆਈ ਦੇ ਕੌਮੀ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਤੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ, ਐੱਮਸੀਪੀਆਈ-ਯੂ ਦੀ ਪੋਲਿਟ ਬਿਊਰੋ ਦੇ ਮੈਂਬਰ ਕਿਰਨਜੀਤ ਸਿੰਘ ਸੇਖੋਂ ਅਤੇ ਕੇਂਦਰੀ ਕਮੇਟੀ ਦੇ ਮੈਂਬਰ ਮੰਗਤ ਰਾਮ ਲੌਂਗੋਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਮਿਲੀਆਂ ਪਛਾੜਾਂ ਦੇ ਬਾਵਜੂਦ ਮੋਦੀ ਸਰਕਾਰ ਨੇ ਜਮਹੂਰੀਅਤ, ਧਰਮ ਨਿਰਪੱਖਤਾ ਅਤੇ ਸੰਵਿਧਾਨ ਵਿਚਲੇ ਫੈਡਰਲ ਸਰੋਕਾਰਾਂ ’ਤੇ ਅਤੇ ਸੰਘ ਪਰਿਵਾਰ ਦੇ ਜਨੂੰਨੀ ਟੋਲਿਆਂ ਨੇ ਮੁਸਲਮਾਨ ਭਾਈਚਾਰੇ ’ਤੇ ਹਿੰਸਕ ਹਮਲੇ ਹੋਰ ਤੇਜ਼ ਕਰ ਦਿੱਤੇ ਹਨ। ਸੀਪੀਆਈ (ਐੱਮਐੱਲ) ਲਿਬਰੇਸ਼ਨ ਦੀ ਪੰਜਾਬ ਸਟੇਟ ਸਟੈਂਡਿੰਗ ਕਮੇਟੀ ਦੇ ਮੈਂਬਰ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਆਗੂਆਂ ਨੇ ਅਡਾਨੀ-ਅੰਬਾਨੀ ਪੂੰਜੀਪਤੀਆਂ ਦੇ ਹਿੱਤ ਪੂਰਨ ਲਈ ਘੜੀਆਂ ਗਈਆਂ ਨੀਤੀਆਂ ਨੂੰ ਰੱਦ ਕਰਵਾਉਣ ਲਈ ਪੰਜਾਬ ਅੰਦਰ ਇਕ ਲੋਕ ਪੱਖੀ ਸਿਆਸੀ ਬਦਲ ਦੀ ਉਸਾਰੀ ਲਈ ਸੰਘਰਸ਼ ਦਾ ਸੱਦਾ ਦਿੱਤਾ। ਉਨ੍ਹਾਂ ਕੇਂਦਰੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਦੀ ਨਿਖੇਧੀ ਕੀਤੀ। ਆਗੂਆਂ ਨੇ ਐਲਾਨ ਕੀਤਾ ਕਿ ਸੰਘਰਸ਼ ਦੀ ਸ਼ੁਰੂਆਤ 2 ਤੋਂ 7 ਸਤੰਬਰ ਤੱਕ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਧਰਨਿਆਂ ਨਾਲ ਕੀਤੀ ਜਾਵੇਗੀ ਅਤੇ 15 ਤੋਂ 31 ਅਗਸਤ ਤੱਕ ਲੋਕ ਸੰਪਰਕ ਮੁਹਿੰਮ ਚਲਾਈ ਜਾਵੇਗੀ।