ਵੀਕਐਂਡ: ਚੰਡੀਗੜ੍ਹ ਵਿੱਚ ਬੰਦ ਰਹਿਣਗੇ ਬਾਜ਼ਾਰ
ਆਤਿਸ਼ ਗੁਪਤਾ
ਚੰਡੀਗੜ੍ਹ, 21 ਅਗਸਤ
ਚੰਡੀਗੜ੍ਹ ਵਿੱਚ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਕਾਰਨ ਪ੍ਰਸ਼ਾਸਨ ਨੇ ਪੰਜਾਬ ਦੀ ਤਰਜ਼ ’ਤੇ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਹਿਰ ਦੀਆਂ ਮਾਰਕੀਟਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਗੱਲ ਦਾ ਖੁਲਾਸਾ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਫ਼ਤੇ ਦੇ ਆਖਰੀ ਦਿਨ ਸ਼ਹਿਰ ਵਿੱਚ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਇਹ ਹੁਕਮ ਅਗਲੇ ਆਦੇਸ਼ਾਂ ਤੱਕ ਜਾਰੀ ਰਹਿਣਗੇ ਤੇ ਸ਼ਹਿਰ ਵਿੱਚ ਰਾਤ ਦਾ ਕਰਫਿਊ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।
ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਦੱਸਿਆ ਕਿ ਸ਼ਹਿਰ ਵਿੱਚ ਪਬਲਿਕ ਟਰਾਂਸਪੋਰਟ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ ਪਰ ਜਿਮ, ਸਰਕਾਰੀ ਦਫ਼ਤਰ ਅਤੇ ਸ਼ਹਿਰ ਵਿਚਲੀਆਂ ਦੁਕਾਨਾਂ ਬੰਦ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਜ਼ਰੂਰੀ ਸਾਮਾਨ ਵਾਲੀਆਂ ਦੁਕਾਨਾਂ ਸਾਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਵਾਊਣ ਦੀ ਸ਼ਰਤ ਨਾਲ ਹੀ ਖੁੱਲ੍ਹਣਗੀਆਂ। ਦੱਸਣਯੋਗ ਹੈ ਕਿ ਯੂਟੀ ਪ੍ਰਸ਼ਾਸਨ ਨੇ ਵੀਕਐਂਡ ’ਤੇ ਪਹਿਲਾਂ ਹੀ ਸੁਖਨਾ ਝੀਲ ’ਤੇ ਜਾਣ ਊੱਤੇ ਪਾਬੰਦੀ ਲਗਾਈ ਹੋਈ ਹੈ।
ਇਸੇ ਦੌਰਾਨ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਦੇ ਕੌਂਸਲਰਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੀ ਮਦਦ ਲੈਣ ਦਾ ਫ਼ੈਸਲਾ ਕੀਤਾ ਹੈ। ਕੌਂਸਲਰਾਂ ਤੇ ਸਮਾਜ-ਸੇਵੀਆਂ ਨੂੰ ਸ਼ਹਿਰ ਵਿੱਚ ਕਰੋਨਾ ਦੇ ਸ਼ੱਕੀ ਮਰੀਜ਼ਾਂ ਬਾਰੇ ਪ੍ਰਸ਼ਾਸਨ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਕੋਵਿਡ-19 ਦੇ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਊਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿੱਚ ਕਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਬਾਰੇ ਪ੍ਰਸ਼ਾਸਨ ਨੂੰ ਨਹੀਂ ਪਤਾ ਲੱਗ ਪਾਉਂਦਾ ਅਤੇ ਉਸ ਇਲਾਕੇ ਦਾ ਕੌਂਸਲਰ, ਰੈਜੀਡੈਂਟ ਵੇਲਫੇਅਰ ਐਸੋਸੀਏਸ਼ਨ ਅਤੇ ਸਮਾਜਿਕ ਜਥੇਬੰਦੀ ਪ੍ਰਸ਼ਾਸਨ ਦੀ ਮਦਦ ਕਰਨ ਤਾਂ ਕਿ ਸ਼ੱਕੀ ਮਰੀਜ਼ਾਂ ਨੂੰ ਤੁਰੰਤ ਦਵਾਈ ਦਿੱਤੀ ਜਾ ਸਕੇ। ਇਸ ਨਾਲ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ।
ਚਾਰ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ
ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਫੈਲਾਅ ਨੂੰ ਵੇਖਦਿਆਂ 4 ਨਵੇਂ ਕੰਟੇਨਮੈਂਟ ਜ਼ੋਨ ਐਲਾਨੇ ਹਨ। ਇਨ੍ਹਾਂ ਵਿੱਚ ਮੜੀਵਾਲਾ ਟਾਊਨ, ਮਨੀਮਾਜਰਾ ਦੇ 13 ਘਰ, ਸੈਕਟਰ-15 ਦੇ 11 ਘਰ, ਸੈਕਟਰ-56 ਦੇ 32 ਫਲੈਟਸ ਅਤੇ ਸੈਕਟਰ-40 ਦੇ ਛੇ ਘਰ ਸ਼ਾਮਲ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਸੈਕਟਰ-46 ਦੇ 23 ਫਲੈਟਾਂ ਨੂੰ ਕੰਟੇਨਮੈਂਟ ਜ਼ੋਨ ਵਿੱਚੋਂ ਬਾਹਰ ਕਰ ਦਿੱਤਾ ਹੈ।