ਪੰਜਾਬ ਦੇ ਵਿਰਸੇ ਦੀ ਝਲਕ ਪੇਸ਼ ਕਰਦੀਆਂ ਝਾਕੀਆਂ ਦਾ ਹੁਸ਼ਿਆਰਪੁਰ ’ਚ ਸਵਾਗਤ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 8 ਫਰਵਰੀ
‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ’, ’ਨਾਰੀ ਸ਼ਕਤੀ’ ਅਤੇ ’ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਦੀਆਂ ਝਾਕੀਆਂ ਦਾ ਅੱਜ ਹੁਸ਼ਿਆਰਪੁਰ ਪਹੁੰਚਣ ’ਤੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ’ਚ ਸਵਾਗਤ ਕੀਤਾ ਗਿਆ। ਇਨ੍ਹਾਂ ਝਾਕੀਆਂ ਵਿੱਚ ਜਲ੍ਹਿਆਂਵਾਲੇ ਬਾਗ਼ ਦੀ ਘਟਨਾ, ਸ਼ਹੀਦਾਂ ਤੇ ਹੋਰ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ। ਤੀਜੀ ਝਾਕੀ ਰਾਹੀਂ ਪੰਜਾਬ ਦੀ ਵਿਰਾਸਤ ਅਤੇ ਸੱਭਿਆਚਾਰ ਦੀ ਝਲਕ ਪੇਸ਼ ਕੀਤੀ ਗਈ ਹੈ।
ਸ੍ਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੇ ਰੁਬਰੂ ਕਰਨ ਲਈ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਇਹ ਸ਼ਾਨਦਾਰ ਝਾਕੀਆਂ, ਜਿਨ੍ਹਾਂ ਨੂੰ ਉੱਥੇ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਨੂੰ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਅਮੀਰ ਸੱਭਿਆਚਾਰ, ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਲਾਹੇਵੰਦ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਝਾਕੀਆਂ ਨਾਲ ਤਸਵੀਰਾਂ ਅਤੇ ਸੈਲਫੀਆਂ ਖਿਚਵਾਈਆਂ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਇਹ ਝਾਕੀਆਂ ਪਟਿਆਲਾ ਅਤੇ ਲੁਧਿਆਣਾ ਵਿੱਚ ਹੋਏ ਗਣਤੰਤਰ ਦਿਵਸ ਸਮਾਗਮਾਂ ਵਿਚ ਪ੍ਰਦਰਸ਼ਿਤ ਕਰਨ ਉਪਰੰਤ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀਆਂ ਹੋਈਆਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ ਬੀਤੇ ਦਿਨ ਗੜ੍ਹਸ਼ੰਕਰ ਰਾਹੀਂ ਹੁਸ਼ਿਆਰਪੁਰ ਜ਼ਿਲ੍ਹੇ ਦੀ ਹੱਦ ਵਿੱਚ ਦਾਖਲ ਹੋਈਆਂ, ਜਿੱਥੇ ਗੜ੍ਹਸ਼ੰਕਰ ਵਿੱਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ’ਚ ਇਨ੍ਹਾਂ ਦਾ ਸਵਾਗਤ ਕੀਤਾ ਗਿਆ। ਉਪਰੰਤ ਇਹ ਸੈਲਾ ਖੁਰਦ, ਮਾਹਿਲਪੁਰ ਤੇ ਚੱਬੇਵਾਲ ਹੁੰਦੀਆਂ ਹੋਈਆਂ ਹੁਸ਼ਿਆਰਪੁਰ ਸ਼ਹਿਰ ਵਿੱਚ ਦਾਖ਼ਲ ਹੋਈਆਂ।