ਪੰਜਾਬ ਬਚਾਓ ਯਾਤਰਾ ਦਾ ਥਾਂ-ਥਾਂ ਸਵਾਗਤ
ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 29 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਭਲਾਈ ਸਿਰਫ ਖੇਤਰੀ ਪਾਰਟੀ ਹੀ ਕਰ ਸਕਦੀ ਹੈ ਜਦਕਿ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਦੁੱਖ-ਦਰਦ ਨਹੀਂ ਹੈ ਅਤੇ ਇਹ ਪਾਰਟੀਆਂ ਸੂਬੇ ਨੂੰ ਬਰਬਾਦ ਕਰਨ ’ਤੇ ਤੁਲੀਆਂ ਹੋਈਆਂ ਹਨ। ਸ੍ਰੀ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ ਅੱਜ ਕਸਬਾ ਭਗਤਾ ਭਾਈ, ਕੋਠਾ ਗੁਰੂ, ਦਿਆਲਪੁਰਾ ਮਿਰਜ਼ਾ, ਗੁੰਮਟੀ ਕਲਾਂ ਤੇ ਭਾਈ ਰੂਪਾ ਵਿਚ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਹਰਿੰਦਰ ਸਿੰਘ ਮਹਿਰਾਜ ਦੀ ਅਗਵਾਈ ਹੇਠ ਇਕੱਠੇ ਹੋਏ ਅਕਾਲੀ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਬਾਦਲ ਦਾ ਸਵਾਗਤ ਕੀਤਾ। ਉਨ੍ਹਾਂ ਦਿੱਲੀ ਆਧਾਰਿਤ ਪਾਰਟੀਆਂ ’ਤੇ ਪੰਜਾਬ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਕੋਈ ਚੋਣ ਵਾਅਦਾ ਪੂਰਾ ਕਰਨ ਦੀ ਥਾਂ ਫੋਕੀ ਵਾਹ ਵਾਹ ਖੱਟਣ ਲਈ ਸੂਬੇ ਦਾ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ’ਤੇ ਹੀ ਖ਼ਰਚ ਕਰ ਦਿੱਤਾ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਮੌਜੂਦਾ ਲੋਕ ਸਭਾ ਚੋਣਾਂ ਪੰਜਾਬੀਆਂ ਲਈ ਸੁਨਹਿਰੀ ਮੌਕਾ ਹਨ ਕਿ ਉਹ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੀ ਜਮਾਤ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਤਾਂ ਕਿ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਜਾਇਆ ਜਾ ਸਕੇ। ਇਸ ਮੌਕੇ ਰਾਕੇਸ਼ ਗੋਇਲ, ਅਜਾਇਬ ਸਿੰਘ ਹਮੀਰਗੜ੍ਹ, ਗਗਨਦੀਪ ਗਰੇਵਾਲ, ਮਨਜੀਤ ਧੁੰਨਾ, ਡਾ. ਜਸਪਾਲ ਸਿੰਘ ਸਿੱਧੂ, ਗੁਰਪ੍ਰੀਤ ਘੰਡਾਬੰਨਾ, ਗੁਰਮੀਤ ਸਿੰਘ ਸਲਾਬਤਪੁਰਾ, ਗੁਰਤੇਜ ਚਾਨੀ, ਗੋਗੀ ਬਰਾੜ, ਸੁਰਿੰਦਰ ਭੁੱਟੋ, ਦਰਸ਼ਨ ਸਿੰਘ ਭਾਈਕੇ, ਸੁਖਜਿੰਦਰ ਖਾਨਦਾਨ, ਹਰਜੀਤ ਮਲੂਕਾ ਆਦਿ ਹਾਜ਼ਰ ਸਨ।