ਪੰਜਾਬ ਦੀਆਂ ਝਾਕੀਆਂ ਦਾ ਨਕੋਦਰ ਪਹੁੰਚਣ ’ਤੇ ਸਵਾਗਤ
ਪੱਤਰ ਪ੍ਰੇਰਕ
ਜਲੰਧਰ, 28 ਫਰਵਰੀ
ਪੰਜਾਬ ਦੇ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਅੱਜ ਐਤਵਾਰ ਨੂੰ ਜਲੰਧਰ ਪੁੱਜੀਆਂ ਜਿਥੇ ਨਕੋਦਰ ਵਿੱਚ ਲੋਕਾਂ ਦੁਆਰਾ ਇਨ੍ਹਾਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਐਸਡੀਐਮ ਨਕੋਦਰ ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਝਾਕੀਆਂ ਦਾ ਇਥੇ ਪਹੁੰਚਣ ’ਤੇ ਸਵਾਗਤ ਕੀਤਾ। ਸੋਮਵਾਰ ਨੂੰ ਇਹ ਝਾਕੀਆਂ ਨਕੋਦਰ, ਲਾਂਬੜਾ ਹੁੰਦੇ ਹੋਏ ਜਲੰਧਰ ਦੇ ਨਕੋਦਰ ਚੌਕ ਪਹੁੰਚਣਗੀਆਂ ਜਿਥੇ ਇਹ ਅੰਮ੍ਰਿਤਸਰ ਲਈ ਰਵਾਨਾ ਹੋਣਗੀਆਂ। ਇਨ੍ਹਾਂ ਝਾਕੀਆਂ ਵਿੱਚ ਜੱਲ੍ਹਿਆਂਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।
ਇਸੇ ਤਰ੍ਹਾਂ ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਤੇ ਮਾਈ ਭਾਗੋ ਆਰਮਡ ਫੋਰਸਜ ਪ੍ਰੀਪੇਟਰੀ ਇੰਸਟੀਚਿਊਟ ਫਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ। ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਤੇ ਸਭਿਆਚਾਰ ਦੀ ਝਲਕ ਪੇਸ਼ ਕੀਤੀ ਗਈ ਹੈ। ਇਨ੍ਹਾਂ ਝਾਕੀਆਂ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਸਦਕਾ ਉਨ੍ਹਾਂ ਨੂੰ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਤੇ ਨਾਰੀ ਸਸ਼ਕਤੀਕਰਨ ਦੀ ਝਲਕ ਦੇਖਣ ਨੂੰ ਮਿਲੀ।