ਪੀਯੂ ਸੈਨੇਟ ਵੱਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਜੂਨ
ਏਡਿਡ ਅਤੇ ਅਨ-ਏਡਿਡ ਕਾਲਜ ਮੈਨੇਜਮੈਂਟਸ, ਤਿੰਨ ਰਾਜ ਯੂਨੀਵਰਸਿਟੀਆਂ ਦੀ ਪ੍ਰਿੰਸੀਪਲ ਐਸੋਸੀਏਸ਼ਨ ਤੇ ਪੰਜਾਬ ਐਂਡ ਚੰਡੀਗੜ੍ਹ ਕਾਲਜਜ਼ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਦੀ ਸਾਂਝੀ ਐਕਸ਼ਨ ਕਮੇਟੀ (ਜੇਏਸੀ) ਵੱਲੋਂ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਵੱਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਹੈ। ਜੇਏਸੀ ਦੇ ਮੁਖੀ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਜਥੇਬੰਦੀ ਪੀਯੂ ਦੀ ਉੱਚ ਸੰਸਥਾ ਵੱਲੋਂ ਕੀਤੇ ਫ਼ੈਸਲੇ ਦਾ ਸਵਾਗਤ ਕਰਦੀ ਹੈ।
ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀਆਂ ਨੂੰ ਇਸ ਪੋਰਟਲ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀਯੂ ਸੈਨੇਟ ਦੇ ਮੈਂਬਰ ਜ਼ਿਆਦਾਤਰ ਅਧਿਆਪਨ ਖੇਤਰ ਨਾਲ ਸਬੰਧ ਰੱਖਦੇ ਹਨ ਅਤੇ ਉਹ ਨੌਜਵਾਨਾਂ ਦੇ ਵਿਦੇਸ਼ ਜਾਣ ਕਾਰਨ ਘਟ ਰਹੇ ਦਾਖ਼ਲਿਆਂ ਕਾਰਨ ਉੱਚ ਸਿੱਖਿਆ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਦੇ ਹਨ।
ਐਸਐਮ ਸ਼ਰਮਾ, ਪ੍ਰਿੰਸੀਪਲ ਡਾ. ਗੁਰਦੇਵ ਸਿੰਘ ਅਤੇ ਡਾ. ਵਿਨੈ ਸੋਫਤ ਨੇ ਕਿਹਾ ਕਿ ਜੇਏਸੀ ਇਸ ਦਾਖ਼ਲਾ ਪੋਰਟਲ ਦਾ ਬਾਈਕਾਟ ਜਾਰੀ ਰੱਖੇਗੀ ਤੇ 7 ਜੂਨ ਤੋਂ ਜਲੰਧਰ ਵਿੱਚ 5 ਰੋਜ਼ਾ ਸਾਂਝਾ ਰੋਸ ਪ੍ਰਦਰਸ਼ਨ ਸ਼ੁਰੂ ਕਰੇਗੀ।